ਡੀਸੀ ਨੇ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ

  • ਹਰ ਇਕ ਮੰਚ ਤੋਂ ਨਸ਼ਿਆਂ ਖਿਲਾਫ ਆਵਾਜ਼ ਚੁੱਕੀ ਜਾਵੇ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ : ਡਿਪਟੀ ਕਮਿਸ਼ਨਰ 
  • ਵਿਦਿਅਕ ਅਦਾਰਿਆਂ ਚ ਰੋਸਟਰ ਮੁਤਾਬਕ ਪੁਲਿਸ ਵੱਲੋਂ ਨਸ਼ਿਆਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਏ ਜਾਣਗੇ 
  • ਬਰਨਾਲਾ ਪੁਲਿਸ ਵਲੋਂ 7508080280 ਨਸ਼ਿਆਂ ਸਬੰਧੀ ਜਾਣਕਾਰੀ ਸਾਂਝਾ ਕਰਨ ਲਈ ਪਬਲਿਕ ਨੰਬਰ ਜਾਰੀ 
  • ਬਿਨ੍ਹਾਂ ਲਾਇਸੰਸ ਅਤੇ ਗੈਰ ਕਾਨੂੰਨੀ ਢੰਗ ਨਾਲ ਨਸ਼ਾ ਵੇਚਣ ਵਾਲੇ ਮੈਡੀਕਲ ਸਟੋਰਾਂ ਖਿਲਾਫ਼ ਕੀਤੀ ਜਾਵੇ ਕਾਨੂੰਨੀ ਕਾਰਵਾਈ

ਬਰਨਾਲਾ, 12 ਅਕਤੂਬਰ : ਹਰ ਇਕ ਮੰਚ ਤੋਂ ਨਸ਼ਿਆਂ ਖਿਲਾਫ ਆਵਾਜ਼ ਚੁੱਕੀ ਜਾਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਵੱਧ - ਵੱਧ ਜਾਗਰੂਕ ਕੀਤਾ ਜਾਵੇ। ਇਸ ਮੰਤਵ ਲਈ ਸਿੱਖਿਆ ਵਿਭਾਗ ਅਤੇ ਪੁਲਿਸ ਵਿਭਾਗ ਇਕੱਠੇ ਹੋ ਕੇ ਵਿੱਦਿਅਕ ਅਦਾਰਿਆਂ 'ਚ ਰੋਸਟਰ ਮੁਤਾਬਕ ਸੈਮੀਨਾਰ ਲਗਾ ਕੇ ਜਾਗਰੂਕ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਅੱਜ ਜ਼ਿਲ੍ਹਾ ਬਰਨਾਲਾ ਦੀ ਜ਼ਿਲ੍ਹਾ ਪੱਧਰੀ ਐਨ-ਕਾਰਡ (ਨਾਰਕੋ ਕੋ-ਆਰਡੀਨੇਸ਼ਨ ਸੈਂਟਰ ਮੈਕੇਨਿਜ਼ਮ) ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਮੀਟਿੰਗ ਦੌਰਾਨ ਜ਼ਿਲ੍ਹਾ ਪੁਲਿਸ ਮੁੱਖੀ ਸੰਦੀਪ ਮਲਿਕ ਵੀ ਹਾਜ਼ਰ ਸਨ । ਉਨ੍ਹਾਂ ਦੱਸਿਆ ਕਿ ਨਾਲ ਹੀ ਨਸ਼ਿਆਂ ਸਬੰਧੀ ਲੋਕਾਂ, ਖਾਸ ਕਰ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ, ਖੇਡਾਂ ਨੂੰ ਵੱਧ ਤੋਂ ਵੱਧ ਹੁੰਗਾਰਾ ਦਿੱਤਾ ਜਾਵੇ ਤਾਂ ਜੋ ਤਾਂ ਜੋ ਖੇਡਾਂ ਰਾਹੀਂ ਨੌਜਵਾਨਾਂ ਨੂੰ ਉਨ੍ਹਾਂ ਦੀ ਸਿਹਤ ਨਰੋਈ ਰੱਖਣ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪਸੀ ਸਹਿਯੋਗ ਨਾਲ ਇੱਕ ਟੀਮ ਬਣਾ ਕੇ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਅਤੇ  ਪਿੰਡ ਪੱਧਰ ਤੇ ਵੱਧ ਤੋਂ ਵੱਧ ਵਿਸ਼ੇਸ਼ ਕੈਂਪ ਅਤੇ ਸੈਮੀਨਾਰ ਲਗਾ ਕੇ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਆਮ ਲੋਕਾਂ ਨੂੰ ਜਾਣੂ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਿਨਾਂ ਲਾਇਸੈਂਸ ਅਤੇ ਗੈਰ ਕਾਨੂੰਨੀ ਢੰਗ ਨਾਲ ਨਸ਼ਾ ਵੇਚਣ ਵਾਲੇ ਮੈਡੀਕਲ ਸਟੋਰਾਂ ਤੇ ਕਾਨੂੰਨੀ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਵਿਭਾਗ ਵੱਲੋਂ ਲਗਾਏ ਜਾ ਰਹੇ ਕੈਂਪਾਂ 'ਚ ਵੀ ਕਿਸਾਨ ਵੀਰਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ। ਇਸ ਮੌਕੇ ਵਧੇਰੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁੱਖੀ ਸੰਦੀਪ ਮਲਿਕ ਨੇ ਦੱਸਿਆ ਕਿ ਬਰਨਾਲਾ ਪੁਲਿਸ ਵੱਲੋਂ ਨੰਬਰ 7508080280 ਜਾਰੀ ਕੀਤਾ ਗਿਆ ਹੈ ਜਿਸ ਉੱਤੇ ਕੋਈ ਵੀ ਵਿਅਕਤੀ ਨਸ਼ਿਆਂ ਸਬੰਧੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਸਾਂਝੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਸੀ ਪਛਾਣ ਗੁਪਤ ਰੱਖੀ ਜਾਵੇਗੀ । ਇਸ ਨੰਬਰ ਉੱਤੇ ਕਿਸੇ ਵੀ ਪ੍ਰਕਾਰ ਦੀ ਵੀਡੀਓ, ਫੋਟੋ ਜਾਂ ਵੋਇਸ ਮੈਸਜ ਸਾਂਝਾ ਕੀਤਾ ਜਾ ਸਕਦਾ ਹੈ। ਬੈਠਕ 'ਚ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਗੁਰਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਨਰਿੰਦਰ ਸਿੰਘ ਧਾਲੀਵਾਲ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਗੋਪਾਲ ਸਿੰਘ, ਸਹਾਇਕ ਕਮਿਸ਼ਨਰ ਸੁਖਪਾਲ ਸਿੰਘ, ਜ਼ਿਲ੍ਹਾ ਅਟਾਰਨੀ ਦਿਲਪ੍ਰੀਤ ਸਿੰਘ, ਐੱਸ.ਪੀ. ਰਾਮਨੀਸ਼ ਚੌਧਰੀ, ਡੀ.ਐੱਸ.ਪੀ.ਗੁਰਬਚਨ ਸਿੰਘ, ਐੱਸ.ਪੀ. ਪ੍ਰਦੀਪ ਕੁਮਾਰ, ਇੰਸਪੈਕਟਰ ਬਲਜੀਤ ਸਿੰਘ, ਡੀ.ਐੱਸ.ਪੀ. ਬਲਦੇਵ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਅਤੇ ਹੋਰ ਅਫ਼ਸਰ ਹਾਜ਼ਰ ਸਨ।