ਡੀ.ਸੀ ਨੇ ਪੋਲਿੰਗ ਸਟੇਸ਼ਨਾਂ ਨੂੰ ਰੇਸੇ਼ਨਲਾਈਜ ਬਣਾਉਣ ਲਈ ਸਿਆਸੀ ਪਾਰਟੀਆਂ ਨਾਲ ਕੀਤੀ ਮੀਟਿੰਗ

  • 29 ਅਕਤੂਬਰ, 2024 ਨੂੰ ਡਰਾਫਟ ਵੋਟਰ ਸੂਚੀਆਂ ਦਾ ਪ੍ਰਕਾਸ਼ਨ

ਲੁਧਿਆਣਾ, 20 ਸਤੰਬਰ 2024 : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਜਤਿੰਦਰ ਜੋਰਵਾਲ ਨੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਨੂੰ ਰੇਸੇ਼ਨਲਾਈਜ ਬਣਾਉਣ ਲਈ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਸ੍ਰੀ ਜਤਿੰਦਰ ਜੋਰਵਾਲ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੋਲਿੰਗ ਸਟੇਸ਼ਨਾਂ ਨੂੰ ਰੇਸੇ਼ਨਲਾਈਜ ਬਣਾਉਣ ਸਬੰਧੀ ਚੋਣ ਕਮਿਸ਼ਨ ਤੋਂ ਪ੍ਰਾਪਤ ਹਦਾਇਤਾਂ ਬਾਰੇ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਰੈਸ਼ਨੇਲਾਈਜੇਸ਼ਨ ਤੋਂ ਪਹਿਲਾਂ ਲੁਧਿਆਣਾ ਵਿੱਚ 2921 ਪੋਲਿੰਗ ਸਟੇਸ਼ਨ ਸਨ ਅਤੇ ਹੁਣ ਕਵਾਇਦ ਅਤੇ ਰਲੇਵੇਂ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵੱਧ ਕੇ 2927 ਹੋ ਗਈ ਹੈ।ਕੁਝ ਪੋਲਿੰਗ ਸਟੇਸ਼ਨਾਂ ਦੇ ਨਾਮ ਵੀ ਅੱਪਗ੍ਰੇਡ ਕੀਤੇ ਗਏ ਹਨ।  ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੁਧਿਆਣਾ ਜ਼ਿਲ੍ਹੇ ਦੇ 14 ਵਿਧਾਨ ਸਭਾ ਹਲਕਿਆਂ ਵਿੱਚ 1500 ਤੋਂ ਘੱਟ ਵੋਟਾਂ ਵਾਲੇ ਪੋਲਿੰਗ ਸਟੇਸ਼ਨਾਂ ਦੇ ਬੂਥਾਂ ਨੂੰ ਹੋਰ ਪੋਲਿੰਗ ਸਟੇਸ਼ਨਾਂ ਨਾਲ ਮਿਲਾ ਦਿੱਤਾ ਗਿਆ ਹੈ।  ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ, ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ, ਯੋਗਤਾ ਮਿਤੀ ਵਜੋਂ 1 ਜਨਵਰੀ, 2025 ਦੀ ਵਰਤੋਂ ਕਰਕੇ ਕੀਤੀ ਜਾ ਰਹੀ ਹੈ।  ਜਿਹੜੇ ਵਿਅਕਤੀ 1 ਜਨਵਰੀ, 2025 ਨੂੰ 18 ਸਾਲ ਦੇ ਹੋ ਜਾਣਗੇ, ਉਹ ਵੋਟਰ ਸੂਚੀਆਂ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਅਪਲਾਈ ਕਰ ਸਕਦੇ ਹਨ।  ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਏਕੀਕ੍ਰਿਤ ਡਰਾਫਟ ਵੋਟਰ ਸੂਚੀਆਂ 29 ਅਕਤੂਬਰ, 2024 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਦਾਅਵੇ ਅਤੇ ਇਤਰਾਜ਼ 28 ਨਵੰਬਰ, 2024 ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ, ਅਤੇ ਇਨ੍ਹਾਂ ਦਾ ਨਿਪਟਾਰਾ 24 ਦਸੰਬਰ, 2024 ਤੱਕ ਕੀਤਾ ਜਾਵੇਗਾ। ਵੋਟਰ ਸੂਚੀਆਂ ਦਾ ਅੰਤਿਮ ਸੰਸਕਰਣ ਪ੍ਰਕਾਸ਼ਿਤ 6 ਜਨਵਰੀ, 2025 ਨੂੰ ਕੀਤਾ ਜਾਵੇਗਾ।