ਮੁੱਖ ਮੰਤਰੀ ਪੰਜਾਬ ਵੱਲੋਂ ਜਾਰੀ ਹਦਾਇਤਾਂ ਤੇ ਅਮਲ ਕਰਨ ਦੀ ਡੀ.ਸੀ. ਨੇ ਕੀਤੀ ਤਾਕੀਦ ਸਮੂਹ ਵਿਭਾਗਾਂ ਦੇ ਮੁੱਖੀਆਂ ਦੇ ਨਾਲ ਕੀਤੀ ਮੀਟਿੰਗ

  • ਝੋਨੇ ਦੀ ਖਰੀਦ, ਸੀ.ਐਮ. ਦੀ ਯੋਗਸ਼ਾਲਾ, ਆਟਾ ਦਾਲ ਸਕੀਮ ਤੇ ਵਧੇਰੇ ਤਵੱਜ਼ੋ ਦਿੱਤੀ ਜਾਵੇ-ਡੀ.ਸੀ ਫਰੀਦਕੋਟ

ਫਰੀਦਕੋਟ 9 ਅਕਤੂਬਰ : ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਉਪਰੰਤ ਪ੍ਰਾਪਤ ਹੋਈਆਂ ਹਦਾਇਤਾਂ ਅਤੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਖਾਤਰ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਸਾਰੇ ਵਿਭਾਗਾਂ ਦੇ ਮੁੱਖੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜਿਲ੍ਹਿਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਕਰਨ ਅਤੇ ਤੁਰੰਤ ਲਿਫਟਿੰਗ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਸਹਿਣ ਨਹੀਂ ਕੀਤੀ ਜਾਵੇਗੀ ਅਤੇ ਕਿਸਾਨਾਂ ਦੀ ਉਪਜ ਨੂੰ ਜਲਦੀ ਤੋਂ ਜਲਦੀ ਖਰੀਦਿਆਂ ਜਾਵੇ ਅਤੇ ਉਨ੍ਹਾਂ ਦੀ ਸਹੂਲਤ ਲਈ ਇਸ ਦੀ ਲਿਫਟਿੰਗ ਤੁਰੰਤ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਆਖਿਆ ਕਿ ਇਸ ਸਬੰਧੀ ਸਬੰਧਤ ਮੰਡੀਆਂ ਦੇ ਨੋਡਲ ਅਫਸਰ ਖੁਦ ਮੰਡੀਆਂ ਵਿੱਚ ਜਾ ਕੇ ਦੌਰਾ ਕਰਨਗੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਰਪੇਸ਼ ਨਾ ਆਵੇ। ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੂੰ ਰੋਜ਼ਾਨਾ ਰਿਪੋਰਟ ਪੇਸ਼ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਤਾਂ ਜੋ ਮੰਡੀਆਂ ਵਿੱਚ ਫਸਲ ਦੇ ਢੇਰ ਨਾ ਲੱਗਣ ਅਤੇ ਇਸ ਦੀ ਛੇਤੀ ਤੋਂ ਛੇਤੀ ਲਿਫਟਿੰਗ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਖਰੀਦ, ਲਿਫਟਿੰਗ ਅਤੇ ਅਦਾਇਗੀ ਇੱਕੋ ਦਿਨ ਹੀ ਕੀਤੀ ਜਾਵੇ। ਡੀ.ਸੀ ਨੇ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਦੇ ਨਿਰਧਾਰਤ ਨਿਯਮਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀ ਬੋਰਡ ਵੱਲੋਂ 68 ਖਰੀਦ ਕੇਂਦਰ ਨੋਟੀਫਾਈ ਕਰਕੇ ਸਰਕਾਰੀ ਖਰੀਦ ਏਜੰਸੀਆਂ ਨੂੰ ਅਲਾਟ  ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਿਜੀਟਾਈਜੇਸ਼ਨ ਦੇ ਤਹਿਤ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਾਇਓਮੈਟਰਿਕ ਦੀ ਪ੍ਰਵਾਨਤਾ ਦੀ ਜੋ ਤਕਨੀਕ ਸ਼ੁਰੂ ਕੀਤੀ ਗਈ ਹੈ, ਉਸ ਦੀ ਨਿਰਵਿਘਨਤਾ ਨੂੰ ਸੁਨਿਸਚਿਤ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਅਨਾਜ ਦੀ ਲਿਫਟਿੰਗ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਾਹਨਾਂ ਨੂੰ ਆਨ-ਲਾਈਨ ਗੇਟ ਪਾਸ ਵੀ ਜਾਰੀ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਲਈ 898 ਮਸ਼ੀਨਾਂ ਲਈ ਡਰਾਅ ਰਾਹੀਂ ਕਿਸਾਨਾਂ ਨੂੰ ਸੈਕਸ਼ਨ ਲੈਟਰ ਜਾਰੀ ਕੀਤੀ ਗਈ, ਜਿਸ ਵਿੱਚ 300 ਮਸ਼ੀਨਾਂ ਦੀ ਖਰੀਦ ਕੀਤੀ ਗਈ। ਉਨ੍ਹਾਂ ਕਿਹਾ ਕਿ ਹੁਣ ਤੱਕ ਖੇਤੀਬਾੜੀ ਵਿਭਾਗ ਵੱਲੋਂ ਪਿਛਲੇ ਪੰਜ ਸਾਲਾਂ ਵਿੱਚ 5731 ਦੇ ਲਗਭਗ ਮਸ਼ੀਨਾਂ ਸਬਸਿਡੀ ਤੇ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਗਈਆ ਹੈ। ਉਨ੍ਹਾਂ ਦੱਸਿਆ ਕਿ ਸੁਪਰ ਸੀਡਰ, ਬੇਲਰ, ਰੋਟਰੀਹੇਰੇਕ, ਪੈਡੀ ਸਟਰਾਅ ਚੋਪਰ, ਸ਼ਰੱਬ ਮਾਸਟਰ, ਸੁਪਰ ਐਸ.ਐਮ.ਐਸ, ਜੀਰੋ ਟਿੱਲ ਡਰਿੱਲ ਮਸ਼ੀਨਾਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਕੋਆਪਰੇਟਿਵ ਸੁਸਾਇਟੀ ਦੇ ਮੈਂਬਰ ਨਹੀਂ ਹਨ, ਉਨ੍ਹਾਂ ਨੂੰ ਵੱਧ ਤੋਂ ਵੱਧ ਮੈਂਬਰ ਬਣਾਇਆ ਜਾਵੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਨੇ ਚਾਹਿਆ ਹੈ ਕਿ ਆਟਾ ਦਾਲ ਸਕੀਮ ਤਹਿਤ ਯੋਗ ਲਾਭਪਾਤਰੀਆਂ ਨੂੰ ਇਸ ਸਕੀਮ ਦੇ ਘੇਰੇ ਵਿੱਚ ਲਿਆਂਦਾ ਜਾਵੇ। ਖੇਡਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਖੇਡ ਵਿਭਾਗ ਦੇ ਵੱਲੋਂ 13 ਕੋਚਿੰਗ ਸੈਂਟਰ ਚਲਾਏ ਜਾ ਰਹੇ ਹਨ। ਇਸ ਤੋਂ ਇਲਾਵਾ  10 ਵੱਖੋ ਵੱਖ ਐਸੋਸ਼ੀਏਸ਼ਨਾਂ ਵੱਲੋਂ ਵੀ ਅਜਿਹੇ ਸੈਂਟਰ ਚਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੈਂਟਰਾਂ ਵਿੱਚ ਖੇਡ ਵਿਭਾਗ ਦੇ ਲਗਭਗ 13 ਕੋਚ ਖਿਡਾਰੀਆਂ ਨੂੰ ਟ੍ਰੇਨਿੰਗ ਮੁਹੱਈਆ ਕਰ ਰਹੇ ਹਨ। ਉਨ੍ਹਾਂ ਕਿਹਾ ਉਨ੍ਹਾਂ ਦੇ ਰੱਖ ਰਖਾਓ ਲਈ ਵਧੀਆਂ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਸ ਜਿਲ੍ਹੇ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਰੈਸਲਿੰਗ ਅਤੇ ਹਾਕੀ ਦੇ ਇੰਟਰਨੈਸ਼ਨਲ ਖਿਡਾਰੀ ਨਿਕਲੇ ਹਨ ਅਤੇ ਇਸ ਖੇਡ ਦੀ ਪ੍ਰੈਕਟਿਸ ਕਰ ਰਹੇ ਨੋਜਵਾਨਾਂ ਦੀ ਹੌਸਲਾ ਅਫਜਾਈ ਕੀਤੀ ਜਾਵੇ ਤਾਂ ਜੋ ਉਹ ਇਸ ਖੇਡ ਵੱਲ ਵੱਧ ਤੋਂ ਵੱਧ ਉਤਸ਼ਾਹਿਤ ਹੋ ਸਕਣ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸੜਕਾਂ ਉੱਤੇ ਬਲੈਕ ਸਪੌਟ, ਜਿੱਥੇ ਐਕਸੀਡੈਂਟ ਵਧੇਰੇ ਗਿਣਤੀ ਵਿੱਚ ਹੋ ਰਹੇ ਹਨ, ਚੈੱਕ ਕੀਤੇ ਜਾਣ ਅਤੇ ਸੜਕਾਂ ਦੀ ਰਿਪੇਅਰ ਦਾ ਕੰਮ ਕਰਵਾਇਆ ਜਾਵੇ।