ਡੀ.ਸੀ. ਵੱਲੋਂ ਜ਼ਿਲ੍ਹੇ ਦੇ ਭੱਠਾ ਮਾਲਕਾਂ ਨਾਲ ਪਰਾਲੀ ਪ੍ਰਬੰਧਨ ਬਾਰੇ ਮੀਟਿੰਗ

  • ਭੱਠਿਆਂ ‘ਚ ਪਰਾਲੀ ਤੋਂ ਬਣੇ ਪੈਲੇਟਸ ਬਾਲਣ ਨੂੰ ਕੀਤਾ ਜਾਵੇ ਉਤਸ਼ਾਹਿਤ - ਡੀ.ਸੀ.
  • ਝੋਨੇ ਦੀ ਪਰਾਲੀ ਦੀਆਂ ਗਿੱਟੀਆਂ (ਪੈਲੇਟਸ) ਨੂੰ ਭੱਠਿਆਂ 'ਚ  ਬਾਲਣ ਵਜੋਂ ਵਰਤਿਆ ਜਾਵੇ

ਫਾਜ਼ਿਲਕਾ 23 ਸਤੰਬਰ 2024 : ਜ਼ਿਲ੍ਹੇ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਜਾਂ ਪਰਾਲ਼ੀ ਸਾੜ੍ਹਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ, ਉਦਯੋਗ ਤੇ ਕਾਮਰਸ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਹਿਯੋਗ ਲਈ ਭੱਠਿਆ ਦੇ ਮਾਲਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਕੇਸ਼ ਕੁਮਾਰ ਪੋਪਲੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ, ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਭੱਠੇ 'ਚ ਬਾਲਣ ਦੀ ਲੋੜ ਲਈ ਘੱਟੋ-ਘੱਟ 20 ਫੀਸਦੀ ਕੋਲੇ ਦੀ ਥਾਂ ਝੋਨੇ ਦੀ ਪਰਾਲੀ ਦੀਆਂ ਗਿੱਟੀਆਂ ਵਰਤਣਾ ਲਾਜ਼ਮੀ ਕੀਤਾ ਗਿਆ ਹੈ। ਉਨ੍ਹਾਂ ਜ਼ਿਲ੍ਹੇ ਦੇ ਭੱਠਾ ਮਾਲਕਾਂ ਨੂੰ ਪਰਾਲੀ ਦੀਆਂ ਗਿੱਟੀਆਂ ਵਰਤੋਂ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਪ੍ਰਦੂਸ਼ਨ ਨੂੰ ਘੱਟ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਭੱਠਾ ਮਾਲਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਪਰਾਲੀ ਪ੍ਰਬੰਧਨ ਬਾਰੇ ਉਨ੍ਹਾਂ ਦੇ ਸੁਝਾਅ ਵੀ ਲਏ ਤਾਂ ਜੋ ਜਿਲ੍ਹੇ ਅੰਦਰ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਿਆ ਜਾ ਸਕੇ ਅਤੇ ਪਰਾਲੀ ਦੀ ਸੁਚੱਜੀ ਵਰਤੋ ਕੀਤੀ ਜਾਵੇ|