ਬੇਅਦਬੀ ਮਾਮਲਿਆਂ ਦੀ ਸੁਣਵਾਈ ਪੰਜਾਬ ਤੋਂ ਕਰਨ ਦਾ ਫ਼ੈਸਲਾ, ਦੋਸ਼ੀਆਂ ਲਈ ਇਹ ਵੱਡੀ ਰਾਹਤ ਹੈ : ਨਿਆਮੀਵਾਲਾ

ਮੋਹਾਲੀ, 28 ਫਰਵਰੀ : ਸੁਪਰੀਮ ਕੋਰਟ ਵਲੋਂ ਅੱਜ ਬੇਅਦਬੀ ਮਾਮਲਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦਾ ਫ਼ੈਸਲਾ ਸੁਣਾਇਆ ਗਿਆ ਹੈ ਜਿਸ 'ਤੇ ਬਹਿਬਲ ਕਲਾਂ ਇਨਸਾਫ ਮੋਰਚੇ ਦੇ ਸੁਖਰਾਜ ਸਿੰਘ ਨਿਆਮੀਵਾਲਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਬਲਾਤਕਾਰ ਅਤੇ ਗੁਰੂ ਸਾਹਿਬ ਦੀ ਬੇਅਦਬੀ ਵਰਗੇ ਮਾਮਲਿਆਂ ਦੇ ਦੋਸ਼ੀਆਂ ਲਈ ਇਹ ਵੱਡੀ ਰਾਹਤ ਹੈ। ਇੰਨੇ ਵੱਡੇ ਅਪਰਾਧ ਕਰਨ ਵਾਲਿਆਂ ਨੂੰ ਵਾਰ-ਵਾਰ ਪੈਰੋਲ ਮਿਲਦੀ ਹੈ ਅਤੇ ਉਹ ਜੇਲ੍ਹ ਤੋਂ ਬਾਹਰ ਰਹਿੰਦੇ ਹਨ। ਹੁਣ ਫਿਰ ਸੁਪਰੀਮ ਕੋਰਟ ਨੇ ਉਨ੍ਹਾਂ ਦੇ ਹੱਕ ਵਿਚ ਫ਼ੈਸਲਾ ਸੁਣਾਇਆ ਹੈ। ਸੁਖਰਾਜ ਸਿੰਘ ਨੇ ਕਿਹਾ ਕਿ ਅਜਿਹਾ ਹੋਣ ਨਾਲ ਮਾਮਲੇ ਦੇ ਗਵਾਹਾਂ ਨੂੰ ਗਵਾਹੀ ਦੇਣ ਵਿਚ ਅਤੇ ਆਪਣੇ ਦਿਲ ਦੇ ਜਜ਼ਬਾਤ ਰੱਖਣ ਵਿਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਨੇ ਸਰਬਤ ਸੰਗਤ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਮਸਲੇ ਵਿਚ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਇੱਕ ਫਰੰਟ 'ਤੇ ਇਕੱਠੇ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਅਪੀਲ ਕੀਤੀ ਕਿ ਸਾਰੇ ਇਕੱਠੇ ਹੋ ਕੇ ਇਸ ਵਿਰੁੱਧ ਉੱਚ ਅਦਾਲਤ ਵਿਚ ਪਟੀਸ਼ਨ ਪਾਈਏ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਈਏ।