ਕੇਂਦਰ ਸਰਕਾਰ ਵੱਲੋਂ ਖਰਾਬ ਕਣਕ ਦੀ ਖਰੀਦ 'ਤੇ 31 ਰੁਪਏ ਤੱਕ ਦੀ ਕਟੌਤੀ ਗੈਰ-ਕਾਨੂੰਨੀ ਹੈ : ਸੁਖਬੀਰ ਬਾਦਲ

  • ਫਰੀਦਕੋਟ ਦੀ ਅਦਾਲਤ 'ਚ ਪੇਸ਼ ਹੋਏ ਸੁਖਬੀਰ ਬਾਦਲ
  • ਸੁਖਬੀਰ ਬਾਦਲ 4 ਮਿੰਟਾਂ ਵਿੱਚ ਹੀ ਅਦਾਲਤ ਵਿੱਚ ਹਾਜ਼ਰੀ ਲਗਵਾ ਕੇ ਫਾਰਗ ਹੋਏ।

ਫਰੀਦਕੋਟ, 12 ਅਪ੍ਰੈਲ : ਪੰਜਾਬ ਦੇ ਕੋਟਕਪੂਰਾ 'ਚ 14 ਅਕਤੂਬਰ 2015 ਨੂੰ ਹੋਈ ਗੋਲੀਬਾਰੀ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਫਰੀਦਕੋਟ ਦੀ ਅਦਾਲਤ 'ਚ ਪਹੁੰਚੇ। ਉਹ ਇੱਥੇ ਜੁਡੀਸ਼ੀਅਲ ਮੈਜਿਸਟਰੇਟ ਅਜੈ ਪਾਲ ਸਿੰਘ ਦੀ ਅਦਾਲਤ ਵਿੱਚ ਪੇਸ਼ ਹੋਏ। ਸੁਖਬੀਰ ਕਰੀਬ ਸਾਢੇ 12 ਵਜੇ ਫਰੀਦਕੋਟ ਪਹੁੰਚੇ ਅਤੇ 4 ਮਿੰਟਾਂ ਵਿੱਚ ਹੀ ਅਦਾਲਤ ਵਿੱਚ ਹਾਜ਼ਰੀ ਲਗਵਾ ਕੇ ਫਾਰਗ ਹੋ ਗਏ। ਸੁਖਬੀਰ ਬਾਦਲ ਦੀ ਪੇਸ਼ੀ ਨੂੰ ਲੈ ਕੇ ਅਦਾਲਤ ਦੇ ਬਾਹਰ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰ ਅਤੇ ਆਗੂ ਮੌਜੂਦ ਸਨ। ਅਦਾਲਤ 'ਚ ਪੇਸ਼ੀ ਤੋਂ ਬਾਅਦ ਬਾਹਰ ਆਏ ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਖਰਾਬ ਕਣਕ ਦੀ ਖਰੀਦ 'ਤੇ 31 ਰੁਪਏ ਤੱਕ ਦੀ ਕਟੌਤੀ ਨੂੰ ਗੈਰ-ਕਾਨੂੰਨੀ ਦੱਸਿਆ। ਉਨ੍ਹਾਂ ਵੈਲਿਊ ਕਟੌਤੀ ਦੇ ਨਾਂ ’ਤੇ ਜਾਰੀ ਕੀਤੇ ਇਸ ਹੁਕਮ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਸੁਖਬੀਰ ਬਾਦਲ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਸ ਹੁਕਮ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਕਾਮਯਾਬੀ ਦਾ ਨਤੀਜਾ ਕਰਾਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਲਾਪਰਵਾਹੀ ਅਤੇ ਕਿਸਾਨਾਂ ਦਾ ਕੇਸ ਪੇਸ਼ ਕਰਨ ਵਿੱਚ ਅਸਫਲਤਾ ਹੀ ਕੇਂਦਰ ਵੱਲੋਂ ਕਣਕ ਦੇ ਮੁੱਲ ਵਿੱਚ ਕਟੌਤੀ ਕਰਨ ਦੇ ਫੈਸਲੇ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਪੁਰਜ਼ੋਰ ਅਪੀਲ ਕਰਦਾ ਹਾਂ ਕਿ ਉਹ ਪੰਜਾਬ ਸਰਕਾਰ ਦੀ ਅਯੋਗਤਾ ਅਤੇ ਲਾਪਰਵਾਹੀ ਲਈ ਮੁਸੀਬਤ ਵਿੱਚ ਫਸੇ ਕਿਸਾਨਾਂ ਨੂੰ ਸਜ਼ਾ ਨਾ ਦੇਣ। ਬੇਮੌਸਮੀ ਬਾਰਿਸ਼ ਨੇ ਪਹਿਲਾਂ ਹੀ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ ਅਤੇ ਇਸ ਫੈਸਲੇ ਨਾਲ ਉਹਨਾਂ ਦੀ ਆਰਥਿਕ ਸਥਿਤੀ ਹੋਰ ਡਾਵਾਡੋਲ ਹੋ ਜਾਵੇਗੀ। ਇਸ ਕਰਕੇ ਫਸਲਾਂ ਦੇ ਮੁੱਲ ‘ਚ ਕਟੌਤੀ ਕਰਨ ਵਾਲੇ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਮੌਸਮ ਦੀ ਮਾਰ ਝੱਲ ਰਿਹਾ ਕਿਸਾਨ ਹੁਣ ਸਰਕਾਰਾਂ ਦੀ ਅਣਦੇਖੀ ਕਾਰਨ ਹੋਰ ਵੀ ਪ੍ਰੇਸ਼ਾਨ ਹੋ ਰਿਹਾ ਹੈ। ਬੁੱਧਵਾਰ ਨੂੰ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵੀ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ। ਅਪਰਾਧੀ ਸਰਕਾਰ ਦੀਆਂ ਨਜ਼ਰਾਂ ਤੋਂ ਦੂਰ ਹੁੰਦੇ ਜਾ ਰਹੇ ਹਨ। ਸੁਖਬੀਰ ਸਿੰਘ ਬਾਦਲ ਨੇ ਮਾਨ ਸਰਕਾਰ ਨੂੰ ਸਬਕ ਸਿਖਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਉਪ ਚੋਣ ਵਿੱਚ ਜਨਤਾ ਇਸ ਸਰਕਾਰ ਨੂੰ ਜ਼ਰੂਰ ਸਬਕ ਸਿਖਾਏਗੀ।