ਸੀਐਚਸੀ ਖੂਈਖੇੜਾ ਵਿੱਚ ਬਣਾਇਆ ਗਿਆ ਡੇਂਗੂ ਵਾਰਡ

  • ਵੱਖ-ਵੱਖ ਪਿੰਡਾਂ ਵਿੱਚ ਡੇਂਗੂ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ: ਡਾ: ਚਰਨਪਾਲ

ਫਾਜ਼ਿਲਕਾ, 19 ਜੁਲਾਈ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ: ਬਬੀਤਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰੋਹਿਤ ਗੋਇਲ ਅਤੇ ਸੀ.ਐਚ.ਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ 'ਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।  ਡੇਂਗੂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਅੱਜ ਸੀ.ਐਚ.ਸੀ ਖੂਈਖੇੜਾ ਵਿਖੇ ਡੇਂਗੂ ਦੇ ਮਰੀਜ਼ਾਂ ਲਈ ਵੱਖਰਾ ਵਾਰਡ ਬਣਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡੀਕਲ ਅਫ਼ਸਰ ਡਾ: ਚਰਨਪਾਲ ਨੇ ਦੱਸਿਆ ਕਿ ਇਨ੍ਹੀਂ ਦਿਨੀਂ ਡੇਂਗੂ ਦਾ ਸੀਜ਼ਨ ਚੱਲ ਰਿਹਾ ਹੈ, ਜਿਸ ਕਾਰਨ ਵਿਭਾਗ ਵੱਲੋਂ ਰੋਜ਼ਾਨਾ ਵੱਖ-ਵੱਖ ਪਿੰਡਾਂ 'ਚ ਡੇਂਗੂ ਦੀ ਬਿਮਾਰੀ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਆਪਣੇ ਘਰਾਂ ਅਤੇ ਘਰਾਂ ਦੇ ਆਸ-ਪਾਸ ਰੱਖੇ ਖਾਲੀ ਬਰਤਨਾਂ ਵਿੱਚ ਸਾਫ਼ ਪਾਣੀ ਜ਼ਿਆਦਾ ਦੇਰ ਤੱਕ ਖੜ੍ਹਾ ਨਾ ਰਹਿਣ ਦਿੱਤਾ ਜਾਵੇ ਕਿਉਂਕਿ ਡੇਂਗੂ ਦਾ ਮੱਛਰ ਗੰਦੇ ਪਾਣੀ 'ਤੇ ਨਹੀਂ ਸਗੋਂ ਸਾਫ਼ ਪਾਣੀ 'ਤੇ ਹੀ ਪਲਦਾ ਹੈ ਅਤੇ ਡੇਂਗੂ ਦਿਨ ਦੇ ਸਮੇਂ ਦੌਰਾਨ ਕੱਟਦਾ ਹੈ। ਉਨ੍ਹਾਂ ਦੱਸਿਆ ਕਿ ਸਿਰ ਦਰਦ ਅਤੇ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਓ। ਇਸ ਤੋਂ ਇਲਾਵਾ ਘਰ ਵਿੱਚ ਰੱਖੇ ਕੂਲਰਾਂ, ਬਰਤਨਾਂ ਅਤੇ ਫਰਿੱਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ਼ ਕਰੋ, ਅਜਿਹੀਆਂ ਸਾਵਧਾਨੀਆਂ ਵਰਤ ਕੇ ਹੀ ਅਸੀਂ ਡੇਂਗੂ ਤੋਂ ਬਚ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਸਿਹਤ ਕਰਮਚਾਰੀ ਹਰ ਰੋਜ਼ ਪਿੰਡਾਂ ਵਿੱਚ ਘਰ-ਘਰ ਜਾ ਕੇ ਫਰਿੱਜਾਂ ਦੀਆਂ ਟਰੇਆਂ, ਗਮਲਿਆਂ ਆਦਿ ਵਿੱਚ ਖੜ੍ਹੇ ਪਾਣੀ ਦੀ ਜਾਂਚ ਕਰ ਰਹੇ ਹਨ। ਤਾਂ ਜੋ ਡੇਂਗੂ ਦੀ ਕਰੋਪੀ ਨੂੰ ਉਥੇ ਹੀ ਨਸ਼ਟ ਕੀਤਾ ਜਾ ਸਕੇ। ਇਸ ਮੌਕੇ ਡਾ: ਚਰਨਪਾਲ, ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ, ਹੈਲਥ ਸੁਪਰਵਾਈਜ਼ਰ ਲਖਵਿੰਦਰ ਸਿੰਘ, ਰਜਿੰਦਰ ਸੁਥਾਰ, ਸੀਐਚਓ ਸਤਪਾਲ, ਹੈਲਥ ਵਰਕਰ ਕੇਵਲ ਕ੍ਰਿਸ਼ਨ ਅਤੇ ਕਵਲਜੀਤ ਸਿੰਘ ਹਾਜ਼ਰ ਸਨ।