ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚੇਤਨਾ ਵੈਨਾਂ ਨੂੰ ਰਵਾਨਾ ਕੀਤਾ

  • ਪਰਾਲੀ ਪ੍ਰਬੰਧਨ ਲਈ ਸਬਸਿਡੀ ਤੇ ਦਿੱਤੀਆਂ ਜਾਂਦੀਆਂ ਖੇਤੀ ਮਸ਼ੀਨਾਂ ਦੀ ਵਰਤੋਂ ਨੂੰ ਤਰਜ਼ੀਹ ਕਰਨ ਦੀ ਕੀਤੀ ਅਪੀਲ
  • ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ ਕਿਸਾਨ
  • ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਰੱਖੀ ਜਾਵੇਗੀ ਤਿੱਖੀ ਨਜ਼ਰ

ਫ਼ਤਹਿਗੜ੍ਹ ਸਾਹਿਬ, 04 ਅਕਤੂਬਰ : ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਇੱਕ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ ਕਿਉਂਕਿ ਇਸ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉਥੇ ਹੀ ਇਸ ਦੇ ਮਨੁੱਖੀ ਸਿਹਤ ਤੇ ਵੀ ਮਾੜੇ ਪ੍ਰਭਾਵ ਪੈਂਦੇ ਹਨ। ਇਸ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਦੋ ਚੇਤਨਾ ਵੈਨਾ ਚਲਾਈਆਂ ਜਾ ਰਹੀਆਂ ਹਨ ਜੋ ਕਿ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਲਈ ਜਾਗਰੂਕ ਕਰਨਗੀਆਂ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਚੇਤਨਾ ਵੈਨਾਂ ਨੂੰ ਰਵਾਨਾਂ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਸਬਸਿਡੀ ਤੇ ਦਿੱਤੀਆਂ ਜਾ ਰਹੀਆਂ ਖੇਤੀ ਮਸ਼ੀਨਾਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਅੱਗ ਲਗਾਉਣ ਦੀ ਪ੍ਰਥਾ ਦਾ ਖਾਤਮਾ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਤਿੱਖੀ ਨਜ਼ਰ ਰੱਖੀ ਜਾਵੇਗੀ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ ਨਾਲ ਸੰਪਰਕ ਕਰਨਗੇ ਅਤੇ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਸੁਚੇਤ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਸਰਕਾਰ ਵੱਲੋਂ ਚਲਾਈ ਗਈ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਸਹਿਯੋਗ ਦੇਣ ਤਾਂ ਜੋ ਪੰਜਾਬ ਅੰਦਰ ਵਾਤਾਵਰਣ ਪ੍ਰਦੂਸ਼ਣ ਦਾ ਖਾਤਮਾ ਕੀਤਾ ਜਾ ਸਕੇ। ਸ਼੍ਰੀਮਤੀ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਵੱਡੇ ਕਿਸਾਨਾਂ, ਜਿਨ੍ਹਾਂ ਕੋਲ ਨਿੱਜੀ ਮਸ਼ੀਨਾਂ ਮੌਜੂਦ ਹਨ, ਨੂੰ ਅਪੀਲ ਕੀਤੀ ਕਿ ਉਹ ਪਰਾਲੀ ਦੀ ਸੁਚੱਜੀ ਸੰਭਾਲ ਲਈ ਸਬਸਿਡੀ ਤੇ ਦਿੱਤੀਆਂ ਗਈਆਂ ਮਸ਼ੀਨਾਂ ਦੀ ਆਪ ਵਰਤੋਂ ਕਰਕੇ ਇਸ ਨੂੰ ਛੋਟੇ ਕਿਸਾਨਾਂ ਨੂੰ ਵੀ ਦੇਣ ਤਾਂ ਜੋ ਛੋਟੇ ਕਿਸਾਨ ਜੋ ਕਿ ਮਸ਼ੀਨਾ ਖਰੀਦਣ ਤੋਂ ਅਸਮਰਥ ਹਨ ਇਨ੍ਹਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਸਾਨਾਂ ਨੂੰ ਇਹ ਅਪੀਲ ਵੀ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਧਰਤੀ ਦੀ ਉਪਜਾਊ ਸ਼ਕਤੀ ਘਟਦੀ ਹੈ ਉਥੇ ਹੀ ਕਿਸਾਨਾਂ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ ਅਤੇ ਅੱਗ ਲਗਾਉਣ ਨਾਲ ਆਲੇ ਦੁਆਲੇ ਦੇ ਖੇਤਾਂ ਵਿੱਚ ਖੜੀ ਫਸਲ ਨੂੰ ਅੱਗ ਲੱਗਣ ਦਾ ਡਰ ਵੀ ਰਹਿੰਦਾ ਹੈ, ਇਸ ਲਈ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤਾਂ ਵਿੱਚ ਹੀ ਵਾਹਿਆ ਜਾਵੇ ਤਾਂ ਜੋ ਜ਼ਿਲ੍ਹੇ ਦਾ ਵਾਤਾਵਰਣ ਸਵੱਛ ਤੇ ਪ੍ਰਦੂਸ਼ਣ ਮੁਕਤ ਹੋ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਦਮਨ ਝਾਂਜੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।