ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਨਰਮੇ ਦੀ ਫਸਲ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਕਿਸਾਨ ਜਾਗਰੂਕਤਾ ਵੈਨ ਕੀਤੀ ਰਵਾਨਾ

ਫਾਜਿ਼ਲਕਾ, 5 ਮਈ : ਮਿਸ਼ਨ ਉੱਨਤ ਕਿਸਾਨ ਅਧੀਨ ਨਰਮਾ ਫਸਲਾਂ ਨੂੰ ਖੇਤੀ ਵਿਭਿੰਨਤਾ ਵਜੋਂ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਦੀ ਫਸਲ ਬਾਰੇ ਫਾਜ਼ਿਲਕਾ ਬਲਾਕ ਦੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਕਿਸਾਨ ਜਾਗਰੂਕਤਾ ਵੈਨ ਚਲਾਈ ਗਈ। ਜਿਸ ਨੂੰ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐੱਸ. ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵੈਨ ਫਾਜ਼ਿਲਕਾ ਦੇ ਕਿਸਾਨਾਂ ਨੂੰ ਨਰਮੇ ਦੀ ਫਸਲ ਨੂੰ ਲੱਗਣ ਵਾਲੀਆਂ ਬਿਮਾਰੀਆ ਦੇ ਲੱਛਣਾਂ/ਨੁਕਸਾਨ ਅਤੇ ਰੋਕਥਾਮ ਲਈ ਵਰਤੇ ਜਾਂਦੇ ਕੀਟਨਾਸਕਾਂ ਬਾਰੇ ਜਾਗਰੂਕ ਕਰੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹੇ ਦੇ ਕਿਸਾਨ ਕਾਲ ਸੈਂਟਰ ਦੇ ਟੋਲ ਫਰੀ ਨੰਬਰ 1800-180-1551 ਤੇ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਮੁਫਤ ਸਲਾਹ ਲੈ ਸਕਦੇ ਹਨ। ਇਸ ਤੋਂ ਇਲਾਵਾ ਟੋਲ ਫ੍ਰੀ ਨੰਬਰ 1100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੇ ਨਰਮੇ ਦੇ ਬੀਜਾਂ ਤੇ ਕਿਸਾਨਾਂ ਨੂੰ 33 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਮੰਗ ਅਨੁਸਾਰ ਨਹਿਰੀ ਪਾਣੀ ਵੀ ਮੁਹਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜੇ ਕਿਸਾਨ ਨਰਮੇ ਦੇ ਬੀਟੀ ਬੀਜਾਂ ਤੇ ਸਬਸਿਡੀ ਲੈਣਾ ਚਾਹੁੰਦੇ ਹਨ ਉਹ ਖੇਤੀਬਾੜੀ ਵਿਭਾਗ ਦੇ ਪੋਰਟਲ ਤੇ ਆਨਲਾਈਨ ਅਰਜੀ ਦੇ ਸਕਦੇ ਹਨ ਅਤੇ ਵਧੇਰੇ ਜਾਣਕਾਰੀ ਲਈ ਕਿਸਾਨ ਬਲਾਕ ਖੇਤੀਬਾੜੀ ਦਫ਼ਤਰ ਜਾਂ ਆਪਣੇ ਇਲਾਕੇ ਦੇ ਖੇਤੀਬਾੜੀ ਵਿਕਾਸ ਅਫ਼ਸਰ ਨਾਲ ਤਾਲਮੇਲ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਾਲ ਮੂੰਗੀ ਦੀ ਕਾਸ਼ਤ ਨਾ ਕਰਨ ਕਿਉਂਕਿ ਇਸ ਨਾਲ ਚਿੱਟੀ ਮੱਖੀ ਦੇ ਹਮਲਾ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਫਾਜਿ਼ਲਕਾ ਜਿ਼ਲ੍ਹੇ ਵਿਚ ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਐਮਐਸਪੀ ਤੇ ਖਰੀਦ ਵੀ ਨਹੀਂ ਕੀਤੀ ਜਾਵੇਗੀ, ਸੋ ਇਸ ਲਈ ਜ਼ਿਲ੍ਹੇ ਦੇ ਕਿਸਾਨ ਮੂੰਗੀ ਦੀ ਕਾਸ਼ਤ ਕਰਨ ਤੋਂ ਗੁਰੇਜ਼ ਕਰਨ।