ਡਿਪਟੀ ਕਮਿਸ਼ਨਰ ਵੱਲੋਂ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼, ਕਿਸਾਨਾਂ ਨੂੰ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਬਣਾਇਆ ਜਾਵੇ ਯਕੀਨੀ 

ਲੁਧਿਆਣਾ, 26 ਫਰਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਵੱਖ-ਵੱਖ ਸਕੀਮਾਂ ਦਾ ਜ਼ਿਲ੍ਹੇ ਦੇ ਕਿਸਾਨਾਂ ਤੱਕ ਵੱਧ ਤੋਂ ਵੱਧ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਰਣਨੀਤੀ ਬਣਾਉਣ ਜਿਸ ਨਾਲ ਜ਼ਿਲ੍ਹੇ ਦੇ ਕਿਸਾਨਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਸਕੀਮਾਂ ਦੀ ਸਥਿਤੀ, ਜ਼ਿਲ੍ਹੇ ਦੇ ਫਸਲੀ ਤਰੀਕਿਆਂ, ਵਿਭਿੰਨਤਾ ਪ੍ਰੋਗਰਾਮ, ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ, ਚੈਕਿੰਗ ਅਭਿਆਨ, ਬੀਜਾਂ/ਖਾਦਾਂ/ਕੀਟਨਾਸ਼ਕਾਂ ਦੇ ਨਮੂਨੇ ਲੈਣ, ਮਿੱਟੀ ਸਿਹਤ ਕਾਰਡਾਂ ਆਦਿ ਦੀ ਸਥਿਤੀ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਮਿੱਟੀ ਦੀ ਸਮੱਗਰੀ/ਪ੍ਰਕਿਰਤੀ ਦੇ ਅਨੁਸਾਰ ਫਸਲਾਂ ਦੇ ਪੈਟਰਨ ਲਈ ਕਿਸਾਨਾਂ ਨੂੰ ਸੰਵੇਦਨਸ਼ੀਲ ਬਣਾਉਣ 'ਤੇ ਜ਼ੋਰ ਦੇਣ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਮੌਸਮ ਅਨੁਸਾਰ ਫਸਲੀ ਨਕਸ਼ੇ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ  ਬਿਹਤਰ ਉਤਪਾਦਨ ਦੇ ਨਾਲ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਨੂੰ ਵਿਕਲਪਕ ਸਰੋਤ ਮੁਹੱਈਆ ਕਰਵਾਉਣ ਲਈ ਨਵੀਨਤਾਕਾਰੀ ਅਭਿਆਸਾਂ ਨੂੰ ਅਪਣਾਉਣ 'ਤੇ ਵੀ ਜ਼ੋਰ ਦਿੱਤਾ। ਮੁੱਖ ਖੇਤੀਬਾੜੀ ਅਫ਼ਸਰ ਨਰਿੰਦਰ ਸਿੰਘ ਬੈਨੀਪਾਲ ਨੇ ਵੀ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹੋਈ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ।