ਡਿਪਟੀ ਕਮਿਸ਼ਨਰ ਨੇ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਕੀਤੀ ਬੈਠਕ 

  • ਡਰੇਨੇਜ ਵਿਭਾਗ ਨੂੰ ਨੀਵੀਆਂ ਥਾਵਾਂ ਦੀਆਂ ਸੂਚੀਆਂ ਦੇਣ ਦੇ ਆਦੇਸ਼
  • ਉਪ ਮੰਡਲ ਮੈਜਿਸਟ੍ਰੇਟਾਂ ਵੱਲੋਂ ਸਬੰਧਤ ਥਾਵਾਂ ਦੀ ਕੀਤੀ ਜਾਵੇਗੀ ਚੈਕਿੰਗ

ਬਰਨਾਲਾ, 1 ਜੂਨ : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਅਗਾਊਂ ਬਾਰਸ਼ਾਂ ਦੇ ਮੱਦੇਨਜ਼ਰ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਬੈਠਕ ਕੀਤੀ, ਜਿਸ ਵਿੱਚ ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਣਾ - ਆਪਣਾ ਕੰਮ ਤਨਦੇਹੀ ਨਾਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਬਰਨਾਲਾ ਵਿਖੇ ਸਥਿਤ ਨੀਵੀਆਂ ਥਾਵਾਂ ਦੀ ਲਿਸਟ ਦਫਤਰ ਡਿਪਟੀ ਕਮਿਸ਼ਨਰ ਵਿਖੇ ਜਮਾਂ ਕਰਵਾਉਣ। ਸਬੰਧਿਤ ਉਪ ਮੰਡਲ ਮੈਜਿਸਟ੍ਰੇਟਾਂ ਵੱਲੋਂ ਇਨ੍ਹਾਂ ਨੀਵੀਆਂ ਥਾਵਾਂ ਦਾ ਦੌਰਾ ਕਰਕੇ ਚੈਕਿੰਗ ਕੀਤੀ ਜਾਵੇਗੀ ਅਤੇ ਇਨ੍ਹਾਂ ਥਾਵਾਂ ਉੱਤੇ ਹੜ੍ਹਾਂ ਵਿਰੁੱਧ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇਗਾ। ਉਹਨਾਂ ਸਿਵਲ ਸਰਜਨ, ਪਸ਼ੂ ਪਾਲਣ, ਪੁਲਿਸ ਅਤੇ ਨਹਿਰੀ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਆਪਣੇ - ਆਪਣੇ ਦਫਤਰਾਂ ਵਿੱਚ ਕੰਟਰੋਲ ਰੂਮ ਸਥਾਪਤ ਕਰਨਗੇ ਅਤੇ ਇਹ ਸਾਰੇ ਕੰਟਰੋਲ ਰੂਮ ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਨਾਲ ਤਾਲਮੇਲ ਰੱਖਣਗੇ। ਸਿਵਲ ਸਰਜਨ ਨੂੰ ਹਦਾਇਤ ਕੀਤੀ ਗਈ ਕਿ ਹੜ੍ਹਾਂ ਦੀ ਸਥਿਤੀ ਵਿੱਚ ਇਸਤੇਮਾਲ ਹੋਣ ਵਾਲੀਆਂ ਦਵਾਈਆਂ ਅਤੇ ਸਿਹਤ ਟੀਮਾਂ ਤਿਆਰ ਰੱਖੀਆਂ ਜਾਣ। ਇਸੇ ਤਰ੍ਹਾਂ ਫੂਡ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਹੜ੍ਹਾਂ ਦੀ ਸਥਿਤੀ ਵਿੱਚ ਪੈਟਰੋਲ, ਡੀਜ਼ਲ ਆਦਿ ਦੇ ਸਟਾਕ ਅਤੇ ਬੋਰੀਆਂ ਦੇ ਸਟਾਕ ਮੁਕੰਮਲ ਤੌਰ ਉੱਤੇ ਤਿਆਰ ਰੱਖੇ ਜਾਣ। ਪਬਲਿਕ ਹੈਲਥ ਅਤੇ ਨਗਰ ਕੌਂਸਲਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਪੀਣ ਵਾਲੇ ਪਾਣੀ ਦਾ ਪ੍ਰਬੰਧ ਰੱਖਣਗੇ। ਇਸੇ ਤਰ੍ਹਾਂ ਬਿਜਲੀ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਹੜ੍ਹਾਂ ਵਾਲੇ ਇਲਾਕਿਆਂ ਵਿਚ ਕਿਸੇ ਵੀ ਪ੍ਰਕਾਰ ਦੀ ਨੰਗੀ ਤਾਰ ਨਾ ਹੋਣਾ ਯਕੀਨੀ ਬਣਾਇਆ ਜਾਵੇ। ਪੁਲਿਸ ਨੂੰ ਹਦਾਇਤ ਕੀਤੀ ਗਈ ਕਿ ਹੜ੍ਹ ਪੀੜਤ ਖੇਤਰਾਂ ਵਿਚ ਲੋਕਾਂ ਨੂੰ ਇਕੱਠਾ ਨਾ ਹੋਣ ਦਿੱਤਾ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਅਣਸੁਖਾਵੀਂ ਘਟਨਾ ਨੂੰ ਟਾਲਿਆ ਜਾ ਸਕੇ । ਬੈਠਕ ਦੌਰਾਨ ਜ਼ਿਲ੍ਹਾ ਮਾਲ ਅਧਿਕਾਰੀ ਬਲਕਰਨ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਗੋਪਾਲ ਸਿੰਘ, ਉਪ ਮੰਡਲ ਮੈਜਿਸਟ੍ਰੇਟ ਤਪਾ ਡਾ. ਨਰਿੰਦਰ ਧਾਲੀਵਾਲ, ਉਪ ਮੰਡਲ ਮੈਜਿਸਟ੍ਰੇਟ ਮਹਿਲ ਕਲਾਂ ਸਤਵੰਤ ਸਿੰਘ ਤੇ ਹੋਰ ਵਿਭਾਗਾਂ ਦੇ ਮੁਖੀ ਹਾਜ਼ਰ ਸਨ।