ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖਰੀਦ, ਲਿਫਟਿੰਗ ਤੇ ਪਰਾਲੀ ਪ੍ਰਬੰਧਨ ਸਬੰਧੀ ਤਾਲਮੇਲ ਲਈ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ

  • ਖਰੀਦ ਏਜੰਸੀਆਂ ਨੂੰ ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਲਈ ਹੋਰ ਤੇਜੀ ਲਿਆਉਣ ਦੇ ਆਦੇਸ਼
  • ਜਿਲ੍ਹੇ ਵਿੱਚ ਹੁਣ ਤੱਕ ਹੋਈ 78190 ਮੀਟਰਕ ਟਨ ਝੋਨੇ ਦੀ ਖਰੀਦ
  • ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਨਵੀਆਂ ਤਕਨੀਕਾਂ/ਮਸ਼ੀਨਰੀ ਵਰਤਣ ਦੀ ਅਪੀਲ

ਫਰੀਦਕੋਟ 22 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਜਿਲ੍ਹੇ ਵਿੱਚ ਝੋਨੇ ਦੇ ਚੱਲ ਰਹੇ ਖਰੀਦ ਪ੍ਰਬੰਧਾਂ, ਲਿਫਟਿੰਗ ਤੋਂ ਇਲਾਵਾ ਵਾਤਾਵਰਨ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਉਣ, ਪਰਾਲੀ ਪ੍ਰਬੰਧਨ ਆਦਿ ਵਿਸ਼ਿਆਂ ਨੂੰ ਲੈ ਕੇ ਜਿਲ੍ਹੇ ਦੀਆਂ ਵੱਖ ਵੱਖ ਕਿਸਾਨ ਜੱਥੇਬੰਦੀਆਂ ਨਾਲ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਐਸ.ਐਸ.ਪੀ. ਡਾ. ਪ੍ਰੱਗਿਆ ਜੈਨ, ਜੀ.ਏ. ਮੈਡਮ ਤੁਸ਼ਿਤਾ ਗੁਲਾਟੀ, ਖੇਤੀਬਾੜੀ ਵਿਭਾਗ, ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਇਲਾਵਾ ਸਿਵਲ ਤੇ ਪੁਲਿਸ ਵਿਭਾਗ ਦੇ ਵੱਡੀ ਗਿਣਤੀ ਵਿੱਚ ਅਧਿਕਾਰੀ ਅਤੇ ਕਿਸਾਨ ਜੱਥੇਬੰਦੀਆਂ ਦੇ ਨੁੰਮਾਇਦੇ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜਿਲ੍ਹੇ ਦੇ ਜਿਆਦਾਤਰ ਖਰੀਦ ਕੇਂਦਰਾਂ ਵਿੱਚ ਖਰੀਦ ਦਾ ਕੰਮ ਚੱਲ ਰਿਹਾ ਹੈ ਤੇ ਜੈਤੋ ਮੰਡੀ ਵਿੱਚ ਆੜਤੀਆਂ, ਮਜ਼ਦੂਰ ਦੀ ਹੜਤਾਲ ਕਾਰਨ, ਖਰੀਦ ਦਾ ਕੰਮ ਰੁਕਿਆ ਸੀ, ਜੋ ਸ਼ਾਮ ਤੱਕ ਸ਼ੁਰੂ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਕਰੀਬ 90 ਤੋਂ 100 ਸੈਲਰਾਂ ਨਾਲ ਅੱਜ ਸ਼ਾਮ ਤੱਕ ਐਗਰੀਮੈਂਟ ਹੋਣ ਦੀ ਉਮੀਦ ਹੈ, ਜਿਸ ਮੁਤਾਬਿਕ ਲਿਫਟਿੰਗ, ਖਰੀਦ ਦੇ ਕੰਮ ਵਿੱਚ ਹੋਰ ਤੇਜ਼ੀ ਆਵੇਗੀ। ਉਨ੍ਹਾਂ ਕਿਸਾਨ ਜੱਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਖਰੀਦ ਪ੍ਰਬੰਧਾਂ ਅਤੇ ਵਾਤਾਵਰਨ ਦੀ ਸੰਭਾਲ ਲਈ ਜਿਲ੍ਹੇ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਨੂੰ ਸਹਿਯੋਗ ਦੇਣ ਤੋਂ ਜੋ ਕਿਸਾਨਾਂ, ਲੇਬਰ, ਆੜਤੀਆਂ ਤੋਂ ਇਲਾਵਾ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਜਿਲ੍ਹੇ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਨੇ ਕਿਸਾਨਾਂ ਨੂੰ ਦੱਸਿਆ ਕਿ ਅਦਲ ਬਦਲ ਕੇ ਖੇਤਾਂ ਵਿਚ ਫ਼ਸਲਾਂ ਦੀ ਰਹਿੰਦ ਖੂੰਹਦ ਦਾ ਪ੍ਰਬੰਧ ਕਰਨ ਨਾਲ ਮਿੱਟੀ ਦੀ ਸਿਹਤ ਬਰਕਰਾਰ ਰੱਖਣ ਦੇ ਨਾਲ ਨਾਲ ਫ਼ਸਲਾਂ ਦੀ ਪੈਦਾਵਾਰ ਵਿੱਚ ਵਾਧਾ ਵੀ ਕੀਤਾ ਜਾ ਸਕਦਾ ਹੈ ਜੋਂ ਆਉਣ ਵਾਲ਼ੀ ਪੀੜ੍ਹੀਆਂ ਲਈ ਇਕ ਬਹੁ ਕੀਮਤੀ ਤੋਹਫ਼ੇ ਹੋਵੇਗਾ।ਉਨਾਂ ਦੱਸਿਆ ਕਿ ਝੋਨੇ ਦੀ ਪਰਾਲੀ ਜਦੋਂ ਖੇਤ ਵਿਚ ਗਲਦੀ ਹੈ ਤਾਂ ਖੁਰਾਕੀ ਤੱਤ ਹੌਲੀ ਹੌਲੀ ਫ਼ਸਲ ਨੂੰ ਮਿਲਦੇ ਹਨ ਜੋਂ ਵੱਡੇ ਅਤੇ ਸੂਖਮ ਪੌਸ਼ਟਿਕ ਤੱਤਾਂ ਦਾ ਇੱਕ ਵਿਸ਼ਾਲ ਭੰਡਾਰ  ਪ੍ਰਦਾਨ ਕਰਦੇ ਹਨ। ਉਨਾਂ ਦੱਸਿਆ ਕਿ ਮਿੱਟੀ ਦੀ ਭੌਤਿਕੀ,ਰਸਾਇਣਕ ਅਤੇ ਜੈਵਿਕ ਬਣਤਰ ਵਿੱਚ ਸੁਧਾਰ ਕਰਨ ਲਈ ਜ਼ਰੂਰੀ ਹੋ ਗਿਆ ਹੈ ਕਿ ਫ਼ਸਲਾਂ ਦੀ ਰਹਿੰਦ ਖੂਹੰਦ ਨੂੰ ਖੇਤਾਂ ਵਿਚੋਂ ਬਾਹਰ ਕੱਢਣ ਜਾਂ ਅੱਗ ਲਗਾ ਕੇ ਸਾੜਨ ਦੀ ਬਿਜਾਏ ਖੇਤਾਂ ਵਿਚ ਹੀ ਸੰਭਾਲਿਆ ਜਾਵੇ। ਉਨਾਂ ਦੱਸਿਆ ਕਿ ਜਿਵੇਂ ਜਿਵੇਂ ਮਿੱਟੀ ਦੇ ਭੌਤਿਕੀ,ਰਸਾਇਣਕ ਅਤੇ ਜੈਵਿਕ ਗੁਣਾਂ ਵਿਚ ਸੁਧਾਰ ਹੁੰਦਾ ਜਾਵੇਗਾ  ਤਿਵੇਂ ਤਿਵੇਂ ਰਸਾਇਣਕ ਖਾਦਾਂ ਤੇ ਨਿਰਭਰਤਾ ਘਟਦੀ ਜਾਵੇਗੀ ਜੋਂ ਚਿਰਸਥਾਈ (ਹੰਢਣਸਾਰ) ਖੇਤੀ ਲਈ ਲਾਹੇਵੰਦ ਸਾਬਿਤ ਹੋਵੇਗੀ। ਇਸ ਮੌਕੇ ਕਿਸਾਨਾਂ ਨੂੰ ਵਾਤਾਵਰਨ ਦੀ ਸੰਭਾਲ ਸਬੰਧੀ, ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਪੈਫਲਿਟ ਵੀ ਵੰਡੇ ਗਏ। ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 78190 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 26881  ਮੀਟਰਕ ਟਨ,ਮਾਰਕਫੈਡ ਨੇ 18391.5  ਮੀਟਰਕ ਟਨ, ਪਨਸਪ ਨੇ 21688 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 10085 ਮੀਟਰਕ ਟਨ, ਅਤੇ ਪ੍ਰਾਈਵੇਟ ਵਪਾਰੀਆਂ ਨੇ 1144 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨਾਂ ਦੱਸਿਆ ਹੁਣ ਤੱਕ ਜ਼ਿਲੇ ਵਿਚ ਕੁੱਲ 8306 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।