ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਝੋਨੇ ਦੇ ਅਗੇਤੇ ਖਰੀਦ ਪ੍ਰਬੰਧਾਂ ਸਬੰਧੀ ਕੀਤੀ ਬੈਠਕ

  • ਖਰੀਦ ਪ੍ਰਕਿਰਿਆ ਦੌਰਾਨ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦੇ ਆਦੇਸ਼

ਫਾਜਿ਼ਲਕਾ, 26 ਸਤੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਅਤੇ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਨੇ ਖਰੀਦ ਏਂਜਸੀਆਂ ਨੂੰ ਕਿਹਾ ਕਿ ਆਗਾਮੀ ਝੋਨੇ ਦੇ ਸੀਜਨ ਦੌਰਾਨ ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਨਾ ਆਵੇ, ਇਸ ਲਈ ਪਹਿਲਾਂ ਤੋਂ ਹੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਫਸਲ ਦੀ ਆਮਦ ਤੋਂ ਲੈ ਕੇ ਖਰੀਦ ਪ੍ਰਕਿਰਿਆ, ਝੋਨੇ ਦੀ ਲਿਫਟਿੰਗ, ਅਦਾਇਗੀ, ਟਰਾਂਸਪੋਰਟੇਸ਼ਨ ਦੀ ਸੁਚਜੀ ਆਵਾਜਾਈ, ਬਾਰਦਾਨੇ ਆਦਿ ਨੂੰ ਲੈ ਕੇ ਪ੍ਰਬੰਧ ਪਹਿਲਾਂ ਤੋਂ ਹੀ ਕਰ ਲਏ ਜਾਣ। ਉਨ੍ਹਾਂ ਨੇ ਮਾਰਕਿਟ ਕਮੇਟੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਅਤੇ ਖਰੀਦ ਕੇਂਦਰਾਂ ਵਿਚ ਸਫਾਈ, ਛਾਂ, ਰੌਸ਼ਣੀ, ਪੀਣ ਦੇ ਪਾਣੀ, ਬੈਠਣ ਆਦਿ ਦੇ ਪ੍ਰਬੰਧ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਪੂਰੇ ਕਰ ਲੈਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਵਿਭਾਗ ਅਤੇ ਬਾਕੀ ਵਿਭਾਗਾਂ ਵੱਲੋਂ ਆਗਾਉਂ ਵਿਉਂਤਬੰਦੀ ਕਰ ਲਈ ਜਾਵੇ ਤਾਂ ਜੋ ਝੋਨੇ ਦੀ ਖਰੀਦ ਪ੍ਰਕਿਰਿਆ ਦੇ ਸੀਜਨ ਦੌਰਾਨ ਕਿਸਾਨਾਂ ਅਤੇ ਸਬੰਧਤਾਂ ਨੂੰ ਕੋਈ ਵੀ ਦਿੱਕਤ ਨਾ ਆਵੇ। ਬੈਠਕ ਵਿਚ ਐਸਡੀਐਮ ਸ੍ਰੀ ਅਕਾਸ਼ ਬਾਂਸਲ, ਸ੍ਰੀ ਨਿਕਾਸ ਖੀਚੜ, ਸ੍ਰੀ ਰਵਿੰਦਰ ਸਿੰਘ ਅਰੋੜਾ, ਐਸਪੀ ਸ੍ਰੀ ਮੋਹਨ ਲਾਲ, ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਖਰੀਦ ਏਜੰਸੀਆਂ ਦੇ ਅਧਿਕਾਰੀ, ਮਾਰਕੀਟ ਕਮੇਟੀ ਦੇ ਅਧਿਕਾਰੀ ਆਦਿ ਹਾਜਰ ਸਨ।