ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਨੂੰ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਹੋਰ ਤੇਜ਼ ਕਰਨ ਦੀ ਹਦਾਇਤ

  • ਕਿਹਾ, ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨਾਲ ਹਮਦਰਦਰੀ ਅਤੇ ਪਿਆਰ ਭਰਿਆ ਰਵੱਈਆ ਵਰਤਿਆ ਜਾਵੇ
  • ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਡੇਂਗੂ ਬੁਖਾਰ ਕੰਟਰੋਲ ਇੰਟਰਸੈਕਟਰੋਲ ਦੀ ਮੀਟਿੰਗ

ਫਾਜ਼ਿਲਕਾ 8 ਨਵੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਡੇਂਗੂ ਸੀਜ਼ਨ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਮਲੇ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੌਜੂਦਾ ਮੌਸਮ ਵਿੱਚ ਡੇਂਗੂ ਬੁਖ਼ਾਰ ਦੇ ਕੇਸਾਂ ਵਿੱਚ ਵਾਧਾ ਹੋ ਸਕਦਾ ਹੈ, ਇਸ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਅਹਿਤਿਆਤ ਵਰਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਤੇ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਸੰਜੀਵ ਕੁਮਾਰ ਵੀ ਹਾਜਰ ਸਨ। ਡੇਂਗੂ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਇੰਟਰਸੈਕਟਰੋਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜਿਹੜੇ ਘਰਾਂ ਜਾਂ ਕਾਰੋਬਾਰੀ ਥਾਵਾਂ ‘ਤੇ ਡੇਂਗੂ ਮੱਛਰ ਦਾ ਲਾਰਵਾ ਮਿਲਦਾ ਹੈ, ਉਸਦਾ ਚਲਾਨ ਕੱਟਿਆ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਬਿਮਾਰੀ ਤੋਂ ਬਚਾਅ ਲਈ ਉਹ ਡੇਂਗੂ ਲਾਰਵੇ ਦੀ ਚੈਕਿੰਗ ਤੇਜ਼ ਕਰਨ, ਫਾਗਿੰਗ ਕਰਨ ਅਤੇ ਲੋਕਾਂ ਨੂੰ ਇਸ ਬਾਬਤ ਜਾਗਰੂਕ ਕਰਨ ਲਈ ਚਲਾਈ ਮੁਹਿੰਮ ਤੇਜ਼ ਕਰਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਿਹਤ ਵਿਭਾਗ ਨੂੰ ਡੇਂਗੂ ਦੀ ਰੋਕਥਾਮ ਲਈ ਫੋਗਿੰਗ ਕਰਵਾਉਣ ਵਿੱਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਸਬੰਧਿਤ ਪਿੰਡ ਦੇ ਨੰਬਰਦਾਰ,ਸਰਪੰਚ ਜਾਂ ਪੰਚ ਦੀ ਮਦਦ ਵੀ ਲੈ ਸਕਦੇ ਹਨ ਤੇ ਇਸ ਲਈ ਉਹ ਸਬੰਧਿਤ ਪੰਚਾਇਤ ਵਿਭਾਗ ਨਾਲ ਵੀ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਸਿਵਲ ਹਸਪਤਾਲਾਂ ਵਿਖੇ ਡੇਂਗੂ ਦੇ ਟੈਸਟ ਮੁਫ਼ਤ ਹੁੰਦੇ ਹਨ, ਇਸ ਲਈ ਲੋਕ ਅਣਗਹਿਲੀ ਬਿਲਕੁਲ ਨਾ ਕਰਨ ਅਤੇ ਬੁਖ਼ਾਰ ਹੋਣ ਦੀ ਸੂਰਤ ਵਿੱਚ ਤੁਰੰਤ ਡੇਂਗੂ ਦਾ ਟੈਸਟ ਕਰਵਾਉਣ। ਡਿਪਟੀ ਕਮਿਸ਼ਨਰ ਨੇ ਸਖਤ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਆਉਣ ਵਾਲੇ ਲੋਕਾਂ ਨਾਲ ਹਮਦਰਦਰੀ ਅਤੇ ਪਿਆਰ ਭਰਿਆ ਵਤੀਰਾ ਵਰਤਿਆ ਜਾਵੇ ਅਤੇ ਇਲਾਜ ਕਰਵਾਉਣ ਆਉਣ ਵਾਲੇ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਵਾਰਡਾਂ ਵਿੱਚ ਹਰ ਤਰ੍ਹਾਂ ਪ੍ਰਬੰਧ ਹੋਣ ਅਤੇ ਹਸਪਤਾਲਾਂ ਦੀਆਂ ਮਸ਼ੀਨਾਂ ਦੀ ਲਗਾਤਾਰ ਨਿਰੀਖਣ ਕੀਤਾ ਜਾਵੇ ਤਾਂ ਜੋ ਇਲਾਜ ਕਰਵਾਉਣ ਆਏ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪ੍ਰਤਾਪ ਬਾਗ ਫਾਜ਼ਿਲਕਾ ਵਿਖੇ ਚੱਲ ਰਹੇ ਪੰਜਾਬ ਹੈਂਡੀਕਰਾਫਟ ਮੇਲੇ ਵਿੱਚ ਸਿਹਤ ਵਿਭਾਗ ਵੱਲੋਂ ਇੱਕ ਸਟਾਲ ਲਗਾਈ ਜਾਵੇ ਜਿਸ ਵਿੱਚ ਲੋਕਾਂ ਨੂੰ ਸਰਕਾਰ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਡੇਂਗੂ ਦੀ ਰੋਕਥਾਮ ਬਾਰੇ ਜਾਣੂੰ ਕਰਵਾਇਆ ਜਾਵੇ। ਸਿਵਲ ਸਰਜਨ ਡਾ. ਕਵਿਤਾ ਸਿੰਘ ਅਤੇ ਜ਼ਿਲ੍ਹਾ ਮਹਾਂਮਾਰੀ ਅਫਸਰ ਡਾ. ਸੁਨੀਤਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਡੇਂਗੂ ਬਿਮਾਰੀ ਦੇ ਖਾਤਮੇ ਲਈ ਐਂਟੀ ਲਾਰਵਾ ਗਤੀਵਿਧੀਆ ਲਗਾਤਾਰ ਜਾਰੀ ਹੈ ਅਤੇ ਘਰਾ ਦਾ ਸਰਵੇ ਦਾ ਕੰਮ ਟੀਮਾਂ ਵਲੋ ਕੀਤਾ ਜਾ ਰਿਹਾ ਹੈ ਅਤੇ ਫੋਗਿੰਗ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਰਾਤ ਨੂੰ ਸੌਣ ਵੇਲੇ ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਜਾਲੀਦਾਰ ਕਮਰਿਆਂ ਵਿਚ ਸੁੱਤਾ ਜਾਵੇ ਅਤੇ ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਦੇ ਕੋਈ ਲੱਛਣ ਜਿਵੇਂ ਤੇਜ਼ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜ਼ਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।