ਡਿਪਟੀ ਕਮਿਸ਼ਨਰ ਵੱਲੋਂ ਖੇਤੀਬਾੜੀ ਕਰਨ ਵਾਲੇ ਕਰਮਚਾਰੀਆਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਜਾਂ ਨਾੜ ਨਾ ਸਾੜਨ ਦੇ ਹੁਕਮ ਜਾਰੀ

  • ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਹੋਵੇਗੀ ਸਖਤ ਅਨੁਸਾਸ਼ਨੀ ਕਾਰਵਾਈ

ਸੰਗਰੂਰ, 23 ਸਤੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਪਰਾਲੀ ਜਾਂ ਕਣਕ ਦਾ ਨਾੜ ਸਾੜਨ ਦੀ ਸਮੱਸਿਆ ਨੂੰ ਰੋਕਣ, ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ, ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ, ਫਸਲਾਂ ਦੀ ਰਹਿੰਦ ਖੂੰਹਦ ਸਾੜਨ ਕਰਕੇ ਜੈਵਿਕ ਪਦਾਰਥਾਂ ਦੇ ਵੱਡੇ ਪੱਧਰ ’ਤੇ ਹੁੰਦੇ ਨੁਕਸਾਨ ਨੂੰ ਰੋਕਣ ਲਈ ਹਰੇਕ ਵਿਭਾਗ, ਬੋਰਡ, ਕਾਰਪੋਰੇਸ਼ਨ ਅਤੇ ਖੁਦ ਮੁਖਤਿਆਰ ਅਦਾਰਿਆਂ ਦੇ ਸਮੂਹ ਕਰਮਚਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹਰੇਕ ਕਰਮਚਾਰੀ, ਜਿਹੜਾ ਖੇਤੀਬਾੜੀ ਵੀ ਕਰਦਾ ਹੈ, ਇਹ ਯਕੀਨੀ ਬਣਾਏਗਾ ਕਿ ਉਸਦੇ ਖੇਤਾਂ ਵਿੱਚ ਪਰਾਲੀ, ਨਾੜ ਜਾਂ ਫਸਲਾਂ ਦੀ ਰਹਿੰਦ ਖੂੰਹਦ ਨਾ ਸਾੜੀ ਜਾਵੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹਰੇਕ ਕਰਮਚਾਰੀ ਫਸਲਾਂ ਦੀ ਰਹਿੰਦ ਖੂੰਹਦ ਸਾੜੇ ਜਾਣ ਦੇ ਮਾੜੇ ਪ੍ਰਭਾਵ ਤੇ ਨੁਕਸਾਨ ਬਾਰੇ ਹੋਰਨਾਂ ਲੋਕਾਂ ਨੂੰ ਦੱਸਦੇ ਹੋਏ ਉਨ੍ਹਾਂ ਨੂੰ ਵੀ ਉਤਸ਼ਾਹਿਤ ਕਰੇ ਕਿ ਉਹ ਆਪਣੇ ਖੇਤਾਂ ਵਿੱਚ ਪਰਾਲੀ, ਨਾੜ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ। ਉਨ੍ਹਾਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਜਾਂ ਸਾਇੰਸ, ਤਕਨਾਲੋਜੀ ਤੇ ਵਾਤਾਵਰਣ ਵਿਭਾਗ ਦੇ ਹੁਕਮਾਂ ਦੀ ਉਲੰਘਣਾ ਵਿੱਚ ਜੇਕਰ ਕਿਤੇ ਪਰਾਲੀ, ਨਾੜ ਜਾਂ ਫਸਲ ਦੀ ਰਹਿੰਦ ਖੂੰਹਦ ਸਾੜੀ ਜਾ ਰਹੀ ਹੋਵੇ ਤਾਂ ਕਰਮਚਾਰੀ ਸਬੰਧਤ ਅਥਾਰਟੀਆਂ ਦੇ ਧਿਆਨ ਵਿੱਚ ਲਿਆਉਣ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਹੁਕਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਇਨ੍ਹਾਂ ਦੀ ਉਲੰਘਣਾ ਪਾਏ ਜਾਣ ਦੀ ਸੂਰਤ ਵਿੱਚ ਦੋਸ਼ੀ ਕਰਮਚਾਰੀਆਂ ਵਿਰੁੱਧ ਵਿਭਾਗੀ ਸੇਵਾ ਨਿਯਮਾਂ ਅਨੁਸਾਰ ਸਖ਼ਤ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ।