ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨਾਲ ਮਨਾਇਆ ਬਾਲ ਦਿਵਸ

  • ਡੀ.ਸੀ. ਜੋਰਵਾਲ ਨੇ ਹਾਈ ਸਕੂਲ ਖੇੜੀ ਦੇ ਵਿਦਿਆਰਥੀਆਂ ਨੂੰ ਚੰਗੇ ਰੋਜ਼ਗਾਰ ਦੇ ਮੌਕਿਆਂ ਬਾਰੇ ਵੀ ਦਿੱਤੀ ਜਾਣਕਾਰੀ

ਸੰਗਰੂਰ, 14 ਨਵੰਬਰ : ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪਿੰਡ ਖੇੜੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਨਾਲ ਬਾਲ ਦਿਵਸ ਮਨਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਾਂ-ਬਾਤਾਂ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਚਾਕਲੇਟਾਂ ਵੀ ਵੰਡੀਆਂ। ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵਿਦਿਆਰਥੀਆਂ ਨੂੰ ਹਮੇਸ਼ਾ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਤ ਕੀਤਾ ਅਤੇ ਕਿਹਾ ਕਿ ਜੇਕਰ ਉਹ ਅੱਜ ਤੋਂ ਹੀ ਇਮਾਨਦਾਰੀ ਅਤੇ ਸੱਚਾਈ ਦਾ ਪੱਲਾ ਫੜ੍ਹ ਕੇ ਕੰਮ ਕਰਨਗੇ ਤਾਂ ਹੀ ਇੱਕ ਇਮਾਨਦਾਰ ਸਮਾਜ ਦੀ ਸਿਰਜਣਾ ਕਰਨ ਵਿੱਚ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਵਿੱਚ ਮਿਲ ਰਹੀਆਂ ਮਿਡ-ਡੇਅ ਮੀਲ ਵਰਗੀਆਂ ਸੁਵਿਧਾਵਾਂ ਅਤੇ ਪੜ੍ਹਾਈ ਦੇ ਪੱਧਰ ਬਾਰੇ ਵੀ ਗੱਲਬਾਤ ਕੀਤੀ। ਇਸ ਤੋਂ ਇਲਾਵਾ ਡੀ.ਸੀ. ਜਤਿੰਦਰ ਜੋਰਵਾਲ ਨੇ ਹਾਈ ਸਕੂਲ ਦੇ ਵਿਦਿਆਰਥੀਆਂ ਨੂੰ 10ਵੀਂ ਅਤੇ ਬਾਰਵੀਂ ਤੋਂ ਬਾਅਦ ਉਪਲਬਧ ਰੋਜ਼ਗਾਰ ਦੇ ਮੌਕਿਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਵਿੱਚ ਮਿਸ਼ਨ ਐਕਸੀਲੈਂਸ ਦੀ ਸ਼ੁਰੂਆਤ ਕੀਤੀ ਹੈ ਜਿਸਦਾ ਮਕਸਦ ਸਰਕਾਰੀ ਸਕੂਲਾਂ ਦੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਮੈਰਿਟ ਸੂਚੀ ਵਿੱਚ ਲੈ ਕੇ ਆਉਣਾ ਹੈ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਤਹਿਤ ਸਰਕਾਰੀ ਹਾਈ ਸਕੂਲ ਖੇੜੀ ਦੇ ਵੀ ਚਾਰ ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਮੈਰਿਟ ਸੂਚੀ ਵਿੱਚ ਲੈ ਕੇ ਆਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ ਜਿਸਦੇ ਸਾਰਥਕ ਨਤੀਜੇ ਨਿਕਲ ਕੇ ਸਾਹਮਣੇ ਆਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ, ਬਲਾਕ ਸਿੱਖਿਆ ਅਫ਼ਸਰ ਗੁਰਮੀਤ ਸਿੰਘ ਅਤੇ ਸਕੂਲਾਂ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।