ਡਿਪਟੀ ਕਮਿਸ਼ਨਰ ਜੋਰਵਾਲ ਵੱਲੋਂ ਮਾਲ ਵਿਭਾਗ ਦੇ ਵੱਖ-ਵੱਖ ਕੰਮਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਸੰਗਰੂਰ, 18 ਮਈ : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਇੰਤਕਾਲ ਅਤੇ ਨਿਸ਼ਾਨਦੇਹੀ ਦੇ ਮਾਮਲੇ ਸਰਕਾਰ ਵੱਲੋਂ ਨਿਰਧਾਰਿਤ ਸਮਾਂ ਸੀਮਾ ਅਨੁਸਾਰ ਨਿਪਟਾਉਣ ਦੀ ਹਦਾਇਤ ਕੀਤੀ।  ਉਨ੍ਹਾਂ ਕਿਹਾ ਕਿ ਰਜਿਸਟਰੀਆਂ ਹੋਣ ਤੋਂ ਬਾਅਦ ਇੰਤਕਾਲ ਦੇ ਕੰਮ ਨੂੰ ਸਰਕਾਰ ਵੱਲੋਂ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤਾ ਜਾਵੇ । ਡਿਪਟੀ ਕਮਿਸ਼ਨਰ ਨੇ ਸਮੂਹ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਬਕਾਇਆ ਰਿਕਵਰੀ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਜਿੱਠਣ ਦੇ ਆਦੇਸ਼ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ  ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰਨ ਲਈ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਨਾਗਰਿਕ ਨੂੰ ਸਰਕਾਰੀ ਸੇਵਾਵਾਂ ਹਾਸਲ ਕਰਨ ਲਈ ਖੱਜਲ ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਸਮੂਹ ਐਸ.ਡੀ.ਐਮਜ਼ ਵਿਭਾਗੀ ਪੜਤਾਲਾਂ ਦੇ ਬਕਾਇਆ ਕੇਸਾਂ ਨੂੰ ਜਲਦੀ ਤੋਂ ਜਲਦੀ ਨੇਪਰੇ ਚੜਾਉਣਾ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਇੰਤਕਾਲ ਦੇ ਮਾਮਲਿਆਂ, ਕੋਰਟ ਕੇਸਾਂ, ਸਲਾਨਾ ਸਟੈਂਪ ਡਿਊਟੀ, ਚੌਕੀਦਾਰਾ ਟੈਕਸ, ਮੇਰਾ ਘਰ ਮੇਰੇ ਨਾਮ ਸਕੀਮ ਆਦਿ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਬਕਾਇਆ ਮਾਮਲੇ ਪਹਿਲ ਦੇ ਆਧਾਰ 'ਤੇ ਨਿਪਟਾਉਣ ਦੇ ਆਦੇਸ਼ ਦਿੱਤੇ।  ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਅੰਡਰ ਟ੍ਰੇਨਿੰਗ ਜਸਪਿੰਦਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਸੰਗਰੂਰ ਨਵਰੀਤ ਕੌਰ ਸੇਖੋਂ, ਉਪ ਮੰਡਲ ਮੈਜਿਸਟ੍ਰੇਟ ਲਹਿਰਾ ਸੂਬਾ ਸਿੰਘ, ਉਪ ਮੰਡਲ ਮੈਜਿਸਟ੍ਰੇਟ ਦਿੜ੍ਹਬਾ ਰਾਜੇਸ਼ ਸ਼ਰਮਾ, ਉਪ ਮੰਡਲ ਮੈਜਿਸਟ੍ਰੇਟ ਧੂਰੀ ਅਮਿਤ ਗੁਪਤਾ, ਜ਼ਿਲ੍ਹਾ ਮਾਲ ਅਫ਼ਸਰ ਹਰਸਿਮਰਨ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।