ਡਿਪਟੀ ਕਮਿਸ਼ਨਰ ਜੋਰਵਾਲ ਵੱਲੋਂ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

  • ਜ਼ਿਲ੍ਹਾ ਵਾਤਾਵਰਣ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ 

ਸੰਗਰੂਰ, 24 ਅਗਸਤ : ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਦਾਇਰੇ ਅਧੀਨ ਏਰੀਏ ਵਿੱਚ ਨਿਯਮਤ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਤਾਵਰਣ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨਾ ਹੋਵੇਗਾ ਅਤੇ ਇਸ ਅਧੀਨ ਆਉਂਦੇ ਹਰ ਨੁਕਤੇ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਕਾਰਜਸਾਧਕ ਅਫ਼ਸਰਾਂ ਤੋਂ ਘਰ ਘਰ ਜਾ ਕੇ ਗਿੱਲਾ ਤੇ ਸੁੱਕਾ ਕੂੜਾ ਇਕੱਤਰ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦਾ ਵੀ ਜਾਇਜ਼ਾ ਲਿਆ ਗਿਆ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰਾਂ ਨੂੰ ਸਾਫ਼ ਸੁਥਰਾ ਰੱਖਣ ਲਈ ਸੋਰਸ ਸੈਗਰੀਗੇਸ਼ਨ ਕਰਨਾ ਜ਼ਰੂਰੀ ਹੈ ਅਤੇ ਇਸ ਸੰਬੰਧੀ ਸਾਰੇ ਕਾਰਜਾਂ ਨੂੰ ਪੁਰਜ਼ੋਰ ਅਤੇ ਹੋਰ ਸੁਚੱਜੇ ਢੰਗ ਨਾਲ ਚਲਾਉਣ ਲਈ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਮੁੱਖ ਖੇਤੀਬਾੜੀ ਅਫ਼ਸਰ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਾੜੇ ਰੁਝਾਨ ਨੂੰ ਮੁਕੰਮਲ ਤੌਰ ’ਤੇ ਠੱਲ੍ਹ ਪਾਉਣ ਲਈ ਵੱਖ-ਵੱਖ ਸਥਾਨਾਂ ’ਤੇ ਝੋਨੇ ਦੀ ਪਰਾਲੀ ਦਾ ਭੰਡਾਰ ਕਰਨ ਲਈ ਲੋੜੀਂਦੀ ਜ਼ਮੀਨ ਦੀ ਪਛਾਣ ਕੀਤੀ ਜਾਵੇ ਤਾਂ ਜੋ ਬਾਅਦ ਵਿੱਚ ਇਸ ਪਰਾਲੀ ਦੀ ਵਰਤੋਂ ਗੱਠਾਂ ਬਣਾਉਣ ਲਈ ਹੋ ਸਕੇ। ਉਨ੍ਹਾਂ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ ਸੁਥਰਾ ਰੱਖਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਵਿਨੀਤ ਕੁਮਾਰ, ਐਸ.ਡੀ.ਓ. ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਸਿਮਰਪ੍ਰੀਤ ਸਿੰਘ, ਸਮੂਹ ਕਾਰਜਕਾਰੀ ਏਜੰਸੀਆਂ ਦੇ ਐਕਸੀਅਨ ਤੇ ਈ.ਓ ਵੀ ਹਾਜ਼ਰ ਸਨ।