ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜਿ਼ਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ

  • ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਕੀਤੀ ਅਪੀਲ

ਸ੍ਰੀ ਮੁਕਤਸਰ ਸਾਹਿਬ 20 ਅਗਸਤ 2024 : ਜਿ਼ਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜਾ ਲੈਣ ਲਈ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਸੁਰਿੰਦਰ ਸਿੰਘ ਢਿਲੋਂ ਏ.ਡੀ.ਸੀ.ਡੀ., ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿ਼ਲ੍ਹੇ ਵਿੱਚ ਬਕਾਇਆ ਕੰਮਾਂ ਨੁੰ ਜਲਦੀ ਤੋਂ ਜਲਦੀ ਨੇਪਰੇ ਚਾੜਿਆ ਜਾਵੇ ਅਤੇ ਜੇਕਰ ਕਿਸੇ ਕੰਮ ਨੂੰ ਨੇਪਰੇ ਚਾੜ੍ਹਣ ਵਿੱਚ ਕੋਈ ਪ੍ਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਉਹ ਵਧੀਕ ਡਿਪਟੀ ਕਮਿ਼ਸਨਰ (ਵਿਕਾਸ) ਨਾਲ ਤਾਲਮੇਲ ਕਰਨ। ਉਹਨਾਂ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਜਦੋਂ ਵੀ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਕਿਸੇ ਵੀ ਪ੍ਰਕਾਰ ਦੀ ਕੋਈ ਮੀਟਿੰਗ ਆਯੋਜਿਤ ਕੀਤੀ ਜਾਂਦੀ ਹੈ ਤਾਂ ਉਸ ਵਿੱਚ ਸਮੇਂ ਸਿਰ ਪਹੁੰਚਿਆ ਜਾਵੇ। ਉਹਨਾਂ ਮੀਟਿੰਗ ਵਿੱਚ ਸ਼ਾਮਿਲ ਨਾ ਹੋਣ ਵਾਲੇ ਅਧਿਕਾਰੀਆਂ ਨੂੰ ਕਾਰਨ ਦੱਸੋਂ ਨੋਟਿਸ ਜਾਰੀ ਕਰਦਿਆਂ ਕਿਹਾ ਕਿ ਇਸ ਦਾ ਜਵਾਬ ਜਲਦੀ ਦਿੱਤਾ ਜਾਵੇ ਨਹੀਂ ਤਾਂ ਉਹਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਜੰਗਲੀ ਜੀਵ ਅਤੇ ਵਣ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਹਨਾਂ ਸਬੰਧਿਤ ਵਿਭਾਗ ਨੂੰ ਹਦਾਇਤ ਕੀਤੀ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਦਿੱਤੇ ਗਏ ਟੀਚਾ ਨੂੰ ਮੁਕੰਮਲ ਕੀਤਾ ਜਾਵੇ ਅਤੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਲੈ ਕੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਤੇਜ਼ ਕੀਤਾ ਜਾਵੇ। ਮੀਟਿੰਗ ਦੌਰਾਨ ਵਣ ਮੰਡਲ ਅਫਸਰ ਨੇ ਦੱਸਿਆ ਕਿ ਜਿ਼ਲ੍ਹੇ ਵਿੱਚ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਆਮ ਵਰਗਾ ਬਨਾਉਣ ਲਈ ਸਕੂਲਾਂ,ਕਾਲਜਾਂ,ਸੜਕਾਂ ਅਤੇ ਸਾਂਝੀਆਂ ਥਾਵਾ ਤੇ ਹੁਣ ਤੱਕ 1 ਲੱਖ 14 ਹਜ਼ਾਰ 500 ਪੌਦੇ ਲਗਾਏ ਜਾ ਚੁੱਕੇ ਹਨ ਅਤੇ ਜਿ਼ਲ੍ਹੇ ਵਿੱਚ ਚੱਲ ਰਹੇ ਟਿਊਬਵੈਲਾਂ ਉਪਰ ਪੌਦੇ ਲਗਾਉਣ ਲਈ ਕਿਸਾਨਾਂ ਨੂੰ 89000 ਪੌਦੇ ਵੱਖ-ਵੱਖ ਕਿਸਮਾਂ ਦੇ ਵੰਡੇ ਜਾ ਚੁੱਕੇ ਹਨ ।