ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਗਾਮ ਦੌਰਾਨ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਚੜਾਇਆ ਕੌਮੀ ਝੰਡਾ

  • 78ਵੇਂ ਆਜ਼ਾਦੀ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸਮਾਗਮ
  • ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼ ਦੇ ਜਵਾਨਾਂ ਤੇ ਐਨ.ਸੀ.ਸੀ. ਦੇ ਕੈਡਿਟਾਂ ਨੇ ਕੀਤਾ ਮਾਰਚ ਪਾਸਟ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਪਰੇਡ ਦਾ ਕੀਤਾ ਨਰੀਖਣ
  • ਜ਼ਿਲ੍ਹੇ ਨਾਲ ਸਬੰਧਤ ਸੁਤੰਤਰਤਾ ਸੰਗਰਾਮੀਆਂ ਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਦਾ ਕੀਤਾ ਗਿਆ ਸਨਮਾਨ
  • ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਵੰਡੇ ਗਏ ਟਰਾਈ ਸਾਇਕਲ ਤੇ ਸਿਲਾਈ ਮਸ਼ੀਨਾਂ
  • ਵੱਖ-ਵੱਖ ਸਕੂਲਾਂ ਤੇ ਬੱਚਿਆਂ ਵੱਲੋਂ ਪੇਸ਼ ਕੀਤਾ ਗਿਆ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸੱਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਸਕੂਲਾਂ ਨੂੰ 16 ਅਗਸਤ ਦੀ ਕੀਤੀ ਛੁੱਟੀ
  • ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਜੀ.ਪੀ. ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਲਿਬੜਾ ਨੇ ਕੀਤੀ ਸ਼ਮੂਲੀਅਤ

ਫ਼ਤਹਿਗੜ੍ਹ ਸਾਹਿਬ, 16 ਅਗਸਤ 2024 : ਦੇਸ਼ ਦੀ ਆਜ਼ਾਦੀ ਦੇ 78ਵੇਂ ਆਜ਼ਾਦੀ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕੌਮੀ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼ ਦੇ ਜਵਾਨਾਂ ਤੇ ਐਨ.ਸੀ.ਸੀ. ਦੇ ਕੈਡਿਟਾਂ ਵੱਲੋਂ ਕੀਤੇ ਗਏ ਮਾਰਚ ਪਾਸਟ ਤੋਂ ਸਲਾਮੀ ਲਈ ਤੇ ਪਰੇਡ ਦਾ ਨਰੀਖਣ ਵੀ ਕੀਤਾ। ਇਸ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਜੀ.ਪੀ. ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਲਿਬੜਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਜ਼ਿਲ੍ਹਾ ਵਾਸੀਆਂ ਦੇ ਨਾਮ ਦਿੱਤੇ ਸੰਦੇਸ਼ ਵਿੱਚ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਸਾਡੇ ਸਾਰਿਆਂ ਲਈ ਇੱਕ ਸੁਭਾਗਾ ਦਿਨ ਹੈ ਕਿਉਂਕਿ ਅੱਜ ਦੇ ਦਿਨ ਸਾਡੇ ਮੁਲਕ ਨੂੰ ਲੰਮੀ ਗੁਲਾਮੀ ਤੋਂ ਬਾਅਦ ਆਜ਼ਾਦੀ ਮਿਲੀ ਸੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਲੜੇ ਗਏ ਸੰਘਰਸ਼ ਵਿੱਚ ਪੰਜਾਬੀਆਂ ਦਾ ਸਭ ਤੋਂ ਵੱਡਾ ਯੋਗਦਾਨ ਰਿਹਾ ਹੈ ਅਤੇ ਭਾਰਤ ਮਾਤਾ ਦੇ ਅਨੇਕਾਂ ਸ਼ੂਰਬੀਰ ਦੇਸ਼ ਭਗਤਾਂ ਦੀਆਂ ਸ਼ਹਾਦਤਾਂ ਦੀ ਬਦੌਲਤ ਹੀ ਸਾਨੂੰ ਆਜ਼ਾਦੀ ਨਸੀਬ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਸਾਡਾ ਇਹ ਵੀ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਮਹਾਨ ਦੇਸ਼ ਭਗਤ ਸ਼ਹੀਦਾਂ ਦੀਆਂ ਸ਼ਹਾਦਤਾਂ ਨੂੰ ਨਤਮਸਤਕ ਹੋ ਕੇ ਉਨ੍ਹਾਂ ਦੇ ਪਾਏ ਪੂਰਨਿਆਂ ਤੇ ਚੱਲਣ ਦਾ ਪ੍ਰਣ ਕਰੀਏ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਸਾਡੀ ਇਹ ਵੀ ਜਰੂਰਤ ਹੈ ਕਿ ਆਪਣੀ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤਾਂ ਦੀਆਂ ਜੀਵਨੀਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰੀਏ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਸਮਾਜਿਕ ਲਾਹਣਤਾਂ ਦਾ ਖਾਤਮਾ ਕਰਨ ਲਈ ਮੋਹਰੀ ਭੂਮਿਕਾ ਅਦਾ ਕਰ ਸਕੇ। ਜ਼ਿਲ੍ਹੇ ਦੇ ਵਿਕਾਸ ਦੀ ਗੱਲ ਕਰਦਿਆਂ ਸ਼੍ਰੀਮਤੀ ਸ਼ੇਰਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਤਰਜ਼ੀਹੀ ਖੇਤਰ ਮੰਨਦੇ ਹੋਏ ਕ੍ਰਾਂਤੀਕਾਰੀ ਫੈਸਲੇ ਕੀਤੇ ਗਏ ਹਨ। ਜਿਸ ਤਹਿਤ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮੁਫਤ ਵਿੱਚ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਖੋਲ੍ਹੇ ਗਏ 20 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 04 ਲੱਖ 58 ਹਜ਼ਾਰ 530 ਮਰੀਜਾਂ ਨੇ ਇਲਾਜ ਕਰਵਾਇਆ ਹੈ ਅਤੇ ਇਨ੍ਹਾਂ ਕਲੀਨਿਕਾਂ ਵਿੱਚ 63023 ਲੈਬ ਟੈਸਟ ਵੀ ਮੁਫਤ ਕੀਤੇ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿੱਚ 16 ਕਰੋੜ ਦੀ ਲਾਗਤ ਨਾਲ ਕ੍ਰਿਟੀਕਲ ਕੇਅਰ ਯੂਨਿਟ ਤੇ ਇੰਟਾਗ੍ਰੇਟਿਡ ਜਨ ਸਿਹਤ ਲੈਬ ਵੀ ਬਣਾਈ ਜਾ ਰਹੀ ਹੈ ਜਿਥੇ ਕਿ ਅਤਿ ਨਾਜੁਕ ਸਥਿਤੀ ਦੇ ਮਰੀਜਾਂ ਦਾ ਆਧੁਨਿਕ ਉਪਕਰਣਾਂ ਨਾਲ ਮੁਫਤ ਇਲਾਜ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਪੈਨਸ਼ਨ ਸਕੀਮਾਂ ਅਧੀਨ ਜ਼ਿਲ੍ਹੇ ਦੇ 68 ਹਜ਼ਾਰ 420 ਲਾਭਪਾਤਰੀਆਂ ਨੂੰ 162 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੀ ਸ਼ਾਦੀ ਮੌਕੇ ਦਿੱਤੀ ਜਾਣ ਵਾਲੀ ਆਸ਼ੀਰਵਾਦ ਸਕੀਮ ਅਧੀਨ 736 ਲਾਭਪਾਤਰੀਆਂ ਨੂੰ 3 ਕਰੋੜ 75 ਲੱਖ ਰੁਪਏ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹਰੇਕ ਵਿਧਾਇਕ ਸਭਾ ਹਲਕੇ ਵਿੱਚ ਸਕੂਲ ਆਫ ਐਮੀਨੈਂਸ ਵੀ ਬਣਾਏ ਜਾ ਰਹੇ ਹਨ ਜਿਨ੍ਹਾਂ ਵਿੱਚੋਂ ਅਮਲੋਹ ਵਿਖੇ 03 ਕਰੋੜ 28 ਲੱਖ ਰੁਪੲ ਦੀ ਲਾਗਤ ਨਾਲ ਬਣਾਏ ਗਏ ਸਕੂਲ ਆਫ ਐਮੀਨੈਂਸ ਦਾ ਮੁੱਖ ਮੰਤਰੀ ਪੰਜਾਬ ਵੱਲੋਂ ਉਦਘਾਟਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਦੇ 4 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੇ ਦੂਰੋ ਆਉਂਦੇ ਬੱਚਿਆਂ ਦੀ ਸਹੂਲਤ ਲਈ ਪਹਿਲੀ ਅਗਸਤ ਤੋਂ ਟਰਾਂਸਪੋਰਟ ਦੀ ਸਹੂਲਤ ਵੀ ਸ਼ੁਰੂ ਕੀਤੀ ਜਾ ਚੁੱਕੀ ਹੈ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਹੋਰ ਦੱਸਿਆ ਕਿ ਸਰਕਾਰ ਵੱਲੋਂ 26 ਜਨਵਰੀ ਤੋਂ ਫਰਿਸਤੇ ਸਕੀਮ ਵੀ ਸ਼ੁਰੂ ਕੀਤੀ ਗਈ ਹੈ ਜੋ ਕਿ ਸੜਕ ਦੁਰਘਟਨਾਵਾਂ ਦੇ ਪੀੜ੍ਹਤ ਵਿਅਕਤੀਆਂ ਨੂੰ ਜ਼ਿਲ੍ਹੇ ਦੇ 07 ਸਰਕਾਰੀ ਤੇ 07 ਇੰਮਪੈਨਲਡ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਲਈ ਰੱਖਿਆ ਜਾਵੇਗਾ। ਸੜਕ ਦੁਰਘਟਨਾਵਾਂ ਤੋਂ ਪੀੜ੍ਹਤ ਵਿਅਕਤੀਆਂ ਨੂੰ ਹਸਪਤਾਲ ਤੱਕ ਪਹੁੰਚਾਉਣ ਲਈ 2000 ਰੁਪਏ ਦੀ ਇਨਾਮੀ ਰਾਸ਼ੀ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਹੋਰ ਦੱਸਿਆ ਕਿ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੇ ਗਏ ਉਪਰਾਲਿਆਂ ਸਦਕਾ ਜ਼ਿਲ੍ਹੇ ਵਿੱਚ 20 ਕੋਚਿੰਗ ਸੈਂਟਰ ਚੱਲ ਰਹੇ ਹਨ ਜਿਨ੍ਹਾਂ ਵਿੱਚ ਰੋਜ਼ਾਨਾਂ ਇੱਕ ਹਜ਼ਾਰ ਨੌਜਵਾਨ ਆਪਣੀਆਂ ਖੇਡਾਂ ਦੀ ਪ੍ਰੈਕਟਿਸ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸੈਂਟਰਾਂ ਵਿੱਚ ਆਉਣ ਵਾਲੇ ਖਿਡਾਰੀਆਂ ਨੂੰ ਟਰੇਨਿੰਗ, ਖੇਡਾਂ ਦਾ ਸਾਜੋ-ਸਮਾਨ ਅਤੇ ਖੁਰਾਕ ਵੀ ਮੁਫਤ ਦਿੱਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਨੇ ਧਰਤੀ ਹੇਠਲੇ ਪਾਣੀ ਦੀ ਬੱਚਤ ਵਾਸਤੇ ਨਹਿਰੀ ਪਾਣੀ ਖੇਤੀ ਲਈ ਮੁਹੱਈਆ ਕਰਵਾਉਣ ਦੀ ਸ਼ੁਰੂ ਕੀਤੀ ਗਈ ਸਕੀਮ ਅਧੀਨ ਜ਼ਿਲ੍ਹੇ ਅੰਦਰ ਪਿਛਲੇ ਕਈ ਦਹਾਕਿਆਂ ਤੋਂ ਬੰਦ ਪਏ 02.17 ਕਿਲੋਮੀਟਰ ਲੰਬਾਈ ਵਾਲੇ 260 ਨਹਿਰੀ ਖਾਲਾਂ ਨੂੰ ਮੁੜ ਚਾਲੂ ਕਰਵਾਇਆ ਹੈ।ਇਸ ਦੇ ਨਾਲ 29.23 ਕਿਲੋਮੀਟਰ ਲੰਬੀ ਅੰਡਰ ਗਰਾਊਂਡ ਪਾਇਪ ਲਾਇਨ ਵੀ ਪਾਈ ਗਈ ਹੈ। ਜਿਸ ਨਾਲ ਰਜਵਾਹਿਆਂ ਦੀ ਪਾਣੀ ਲੈਣ ਦੀ ਸਮਰੱਥਾ ਨੂੰ ਮੁੜ ਸਰਜੀਤ ਕੀਤਾ ਗਿਆ ਹੈ। ਇਨ੍ਹਾਂ ਯਤਨਾ ਨਾਲ ਜ਼ਿਲ੍ਹੇ ਵਿੱਚ ਨਹਿਰੀ ਪਾਣੀ ਨਾਲ ਸਿੰਚਾਈ ਕੀਤੇ ਜਾਣ ਵਾਲੇ ਰਕਬੇ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਬਿਹਤਰ ਪ੍ਰਸ਼ਾਸ਼ਕੀ ਸੇਵਾਵਾਂ ਦੇਣ ਦੇ ਮੰਤਵ ਨਾਲ ਸਰਕਾਰ ਵੱਲੋਂ ਅਮਲੋਹ ਵਿਖੇ 05 ਕਰੋੜ ਰੁਪਏ ਦੀ ਲਾਗਤ ਨਾਲ ਸਬ ਡਵੀਜ਼ਨਲ ਕੰਪਲੈਕਸ ਬਣਾਇਆ ਜਾ ਰਿਹਾ ਹੈ ਜੋ ਕਿ ਛੇਤੀ ਹੀ ਮੁਕੰਮਲ ਹੋ ਜਾਵੇਗਾ। ਇਸੇ ਤਰ੍ਹਾਂ ਬਸੀ ਪਠਾਣਾ ਵਿਖੇ ਕਰੀਬ 08 ਕਰੋੜ 60 ਲੱਖ ਰੁਪੲ ਦੀ ਲਾਗਤ ਨਾਲ ਸਬ ਡਵੀਜ਼ਨਲ ਕੰਪਲੈਕਸ ਵੀ ਬਣਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ, ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀਮਤੀ ਅੰਸ਼ੁਲ ਬੇਰੀ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਐਸ.ਡੀ.ਐਮ. ਸ਼੍ਰੀਮਤੀ ਇਸ਼ਮਿਤ ਵਿਜੈ ਸਿੰਘ, ਸੀ.ਜੇ.ਐਮ. ਸ਼੍ਰੀਮਤੀ ਪਾਮੇਲਪ੍ਰੀਤ ਗਰੇਵਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਆਮ ਆਦਮੀ ਪਾਰਟੀ ਦੇ ਆਹੁਦੇਦਾਰ ਤੇ ਵਰਕਰ, ਸਕੂਲਾਂ ਦੇ ਵਿਦਿਆਰਥੀ ਤੇ ਸ਼ਹਿਰੀ ਪਤਵੰਤੇ ਹਾਜਰ ਸਨ।