ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਤੋਂ ਹੜ੍ਹਾਂ ਕਾਰਨ ਹੋਏ ਬੁਨਿਆਦੀ ਨੁਕਸਾਨ ਦੀ ਅਸੈਸਮੈਂਟ ਰਿਪੋਰਟ ਮੰਗੀ

  • ਸਥਿਤੀ ਆਮ ਵਾਂਗ ਹੋਣ ਤੱਕ ਅਲਰਟ ਉੱਤੇ ਰਹਿਣ ਦੀ ਹਦਾਇਤ
  • ਪ੍ਰਭਾਵਿਤ ਖੇਤਰਾਂ ਵਿੱਚ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਤੁਰੰਤ ਕਦਮ ਉਠਾਉਣ ਲਈ ਕਿਹਾ

ਮੋਗਾ, 13 ਜੁਲਾਈ : ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਮੂਹ ਵਿਭਾਗਾਂ ਦੇ ਜ਼ਿਲ੍ਹਾ ਮੁਖੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਹੜ੍ਹਾਂ ਕਾਰਨ ਜ਼ਿਲ੍ਹਾ ਮੋਗਾ ਵਿੱਚ ਹੋਏ ਬੁਨਿਆਦੀ ਢਾਂਚੇ ਦੇ ਨੁਕਸਾਨ ਸਬੰਧੀ ਅਸੈਸਮੈਂਟ ਰਿਪੋਰਟ 17 ਜੁਲਾਈ ਤੱਕ ਭੇਜਣ ਤਾਂ ਜੋ ਇਸ ਸਬੰਧੀ ਮੁਕੰਮਲ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ ਜਾ ਸਕੇ। ਉਹ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਸਮੂਹ ਅਧਿਕਾਰੀਆਂ ਦੀ ਮੀਟਿੰਗ ਕਰ ਰਹੇ ਸਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਕਾਰਨ ਹੋਏ ਬੁਨਿਆਦੀ ਢਾਂਚੇ ਦੇ ਨੁਕਸਾਨ ਸਬੰਧੀ ਅਸੈਸਮੈਂਟ ਰਿਪੋਰਟ ਤੁਰੰਤ ਮੰਗੀ ਹੈ ਤਾਂ ਜੋ ਨੁਕਸਾਨ ਦੀ ਭਰਪਾਈ ਲਈ ਫੰਡ ਜਾਰੀ ਕੀਤੇ ਜਾ ਸਕਣ। ਉਹਨਾਂ ਕਿਹਾ ਕਿ ਇਸ ਨੁਕਸਾਨ ਵਿੱਚ ਸੜਕਾਂ, ਟਾਵਰ, ਸਰਕਾਰੀ ਇਮਾਰਤਾਂ ਦੇ ਨੁਕਸਾਨ ਦੇ ਨਾਲ-ਨਾਲ ਉਸ ਬੁਨਿਆਦੀ ਢਾਂਚੇ ਦਾ ਵੇਰਵਾ ਮੰਗਿਆ ਗਿਆ ਹੈ, ਜਿਸ ਨਾਲ ਆਮ ਲੋਕਾਂ ਨੂੰ ਆਪਣੇ ਕੰਮ ਕਾਰ ਕਰਾਉਣ ਅਤੇ ਨਿੱਤ ਦਿਨ ਦੇ ਕਾਰ ਵਿਹਾਰ ਵਿੱਚ ਦਿੱਕਤ ਪੇਸ਼ ਆ ਸਕਦੀ ਹੈ। ਉਹਨਾਂ ਕਿਹਾ ਕਿ ਫਸਲਾਂ ਅਤੇ ਘਰਾਂ ਦੇ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਕੀਤੀ ਜਾਵੇਗੀ। ਉਹਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਥਿਤੀ ਆਮ ਵਾਂਗ ਹੋਣ ਤੱਕ ਅਲਰਟ ਰਹਿਣ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਭਾਵੇਂਕਿ ਜ਼ਿਲ੍ਹਾ ਮੋਗਾ ਵਿੱਚ ਹੁਣ ਹੜ੍ਹਾਂ ਦੀ ਹੋਰ ਮਾਰ ਦਾ ਖ਼ਤਰਾ ਨਹੀਂ ਹੈ ਪਰ ਫਿਰ ਵੀ ਸਾਨੂੰ ਸਾਰਿਆਂ ਨੂੰ ਮੌਨਸੂਨ ਦੇ ਚੱਲਦਿਆਂ ਅਲਰਟ ਉੱਤੇ ਰਹਿਣਾ ਚਾਹੀਦਾ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਕਿਸੇ ਵੀ ਹੰਗਾਮੀ ਹਾਲਤ ਦੇ ਪੈਦਾ ਹੋਣ ਉੱਤੇ ਹਮੇਸ਼ਾਂ ਤਿਆਰ ਬਰ ਤਿਆਰ ਰਹਿਣ ਦੀ ਲੋੜ ਹੈ। ਉਹਨਾਂ ਧਰਮਕੋਟ ਦੇ ਐਸ ਡੀ ਐਮ ਸ਼੍ਰੀਮਤੀ ਚਾਰੁਮਿਤਾ ਨੂੰ ਹਦਾਇਤ ਕੀਤੀ ਕਿ ਇਲਾਕੇ ਵਿੱਚ ਲੋੜੀਂਦੀ ਗਿਣਤੀ ਵਿੱਚ ਕਿਸ਼ਤੀਆਂ, ਲਾਈਫ ਜੈਕਟਾਂ, ਦਵਾਈਆਂ, ਹਰਾ ਚਾਰਾ, ਕਲੋਰੀਨ, ਸਪਰੇਅ ਅਤੇ ਹੋਰ ਸਮੱਗਰੀ ਦਾ ਅਗਾਉਂ ਪ੍ਰਬੰਧ ਕਰਕੇ ਰੱਖਿਆ ਜਾਵੇ। ਸਿਹਤ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਜਿੱਥੇ-ਜਿੱਥੇ ਬਿਮਾਰੀ ਜਾਂ ਕੋਈ ਮਹਾਂਮਾਰੀ ਫੈਲਣ ਦਾ ਖ਼ਤਰਾ ਹੈ ਉਥੇ ਸਪਰੇਅ/ਫੌਗਿੰਗ ਸ਼ੁਰੂ ਕਰਵਾਈ ਜਾਵੇ। ਸਿਹਤ ਵਿਭਾਗ ਅਤੇ ਜਲ ਸਪਲਾਈ ਵਿਭਾਗ ਨੂੰ ਪੀਣ ਵਾਲੇ ਪਾਣੀ ਦੀ ਕਲੋਰੀਨੇਸ਼ਨ ਕਰਨ ਬਾਰੇ ਕਿਹਾ। ਡਰੇਨੇਜ਼ ਵਿਭਾਗ ਨੂੰ ਕਿਹਾ ਗਿਆ ਕਿ ਜਲ ਸਰੋਤਾਂ ਨੂੰ ਸਾਫ਼ ਕਰਨ ਦਾ ਕੰਮ ਲਗਾਤਾਰ ਜਾਰੀ ਰੱਖਿਆ ਜਾਵੇ ਤਾਂ ਜੋ ਬਰਸਾਤੀ ਪਾਣੀ ਬਿਨਾ ਰੁਕੇ ਅੱਗੇ ਜਾ ਸਕੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਡਾਕਟਰ ਨਿਧੀ ਕੁਮਦ ਬਾਂਬਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀਮਤੀ ਅਨੀਤਾ ਦਰਸ਼ੀ, ਨਗਰ ਨਿਗਮ ਕਮਿਸ਼ਨਰ ਸ਼੍ਰੀਮਤੀ ਪੂਨਮ ਸਿੰਘ, ਐਸ ਡੀ ਐਮ ਧਰਮਕੋਟ ਸ਼੍ਰੀਮਤੀ ਚਾਰੁਮਿਤਾ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀਮਤੀ ਹਰਜੋਤ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।