ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਕੇਂਦਰੀ ਜੇਲ੍ਹ 'ਚ ਮੈਡੀਕਲ ਕੈਂਪ ਦਾ ਉਦਘਾਟਨ

  • ਕੈਦੀਆਂ ਤੇ ਹਵਾਲਾਤੀਆਂ ਦੇ ਐਚ.ਆਈ.ਵੀ., ਕਾਲਾ ਪੀਲੀਆ ਸਮੇਤ ਹੋਰ ਲੋੜੀਂਦੇ ਟੈਸਟ ਕੀਤੇ ਜਾਣਗੇ

ਲੁਧਿਆਣਾ, 15 ਜੂਨ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਅੱਜ ਸਥਾਨਕ ਕੇਂਦਰੀ ਜੇਲ੍ਹ ਵਿਖੇ ਮੈਡੀਕਲ ਟੈਸਟ ਕੈਂਪ ਦਾ ਉਦਘਾਟਨ ਕੀਤਾ ਗਿਆ ਜਿੱਥੇ ਐਚ.ਆਈ.ਵੀ., ਕਾਲਾ ਪੀਲੀਆ ਸਮੇਤ ਹੋਰ ਲੋੜੀਂਦੇ ਟੈਸਟ ਵੀ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ, ਮੈਡੀਕਲ ਟੀਮ ਅਤੇ ਜ਼ੇਲ੍ਹ ਸਟਾਫ ਵੀ ਮੌਜੂਦ ਸੀ। ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜੇਲ੍ਹਾਂ ਨੂੰ 'ਸੁਧਾਰ ਘਰ' ਬਣਾਉਣ ਲਈ ਵਿਸ਼ੇਸ਼ ਪਹਿਲਕਦਮੀ ਕਰਦਿਆਂ ਜੇਲ੍ਹਾਂ ਵਿੱਚ ਬੰਦ ਕੈਂਦੀਆਂ ਅਤੇ ਹਵਾਲਾਤੀਆਂ ਦੀ ਤੰਦਰੁਸਤੀ ਲਈ ਮੈਡੀਕਲ ਟੈਸਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਜੇਲ੍ਹ ਵਿੱਚ ਕੈਦੀਆਂ ਦੀ ਸੰਖਿਆ ਜ਼ਿਆਦਾ ਹੋਣ ਕਰਕੇ ਇਹ ਕੈਂਪ ਪੂਰਾ ਇੱਕ ਮਹੀਨਾ ਚੱਲੇਗਾ। ਉਨ੍ਹਾਂ ਦੱਸਿਆ ਕਿ ਟੈਸਟ ਦੌਰਾਨ ਜੇਕਰ ਕੈਦੀਆਂ ਜਾਂ ਹਵਾਲਾਤੀਆਂ ਨੂੰ ਕੋਈ ਬਿਮਾਰੀ ਪਾਈ ਜਾਂਦੀ ਹੈ ਤਾਂ ਉਨ੍ਹਾਂ ਦਾ ਇਲਾਜ਼ ਵੀ ਕਰਵਾਇਆ ਜਾਵੇਗਾ। ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਨੇ ਦੱਸਿਆ ਕਿ ਹਵਾਲਾਤੀਆਂ ਅਤੇ ਕੈਦੀਆਂ ਦਾ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਹੋਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਉਨ੍ਹਾਂ ਨੂੰ ਬੀਤੇ ਸਮੇਂ ਦੇ ਗੁਨਾਹਾਂ ਤੋਂ ਤੌਬਾ ਕਰਦਿਆਂ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ।