ਡਿਪਟੀ ਕਮਿਸ਼ਨਰ ਵੱਲੋਂ ਬਲਬੀਰ ਬਸਤੀ ਦੇ ਆਮ ਆਦਮੀ ਕਲੀਨਿਕ ਦਾ ਦੌਰਾ

  • ਜਿਲ੍ਹੇ ਵਿੱਚ ਚਲਾਏ ਜਾ ਰਹੇ ਹਨ 12 ਕਲੀਨਿਕ, ਲੋੜ ਪੈਣ ਤੇ ਲੋਕ ਲੈ ਸਕਦੇ ਹਨ ਮੁੱਢਲੀਆਂ ਸਿਹਤ ਸਹੂਲਤਾਂ

ਫਰੀਦਕੋਟ 5 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਜਿੱਥੇ ਦੀ ਫੀਲਡ ਵਿਜ਼ਿਟ ਦੌਰਾਨ ਬਲਬੀਰ ਬਸਤੀ ਦੀ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਉੱਥੇ ਉਨ੍ਹਾਂ ਮਰੀਜਾਂ ਨਾਲ ਗੱਲਬਾਤ ਵੀ ਕੀਤੀ ਤੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ । ਇਸ ਮੌਕੇ ਉਨ੍ਹਾਂ ਮਰੀਜ਼ਾਂ ਨਾਲ ਗੱਲਬਾਤ ਕਰਨ ਤੋਂ ਇਲਾਵਾ ਇੱਥੋਂ ਦੇ ਡਾਕਟਰਾਂ, ਨਰਸਾਂ ਅਤੇ ਹੋਰ ਸਟਾਫ਼ ਨਾਲ ਵੀ ਗੱਲਬਾਤ ਕੀਤੀ ਅਤੇ ਸਟਾਫ਼ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਤਨਦੇਹੀ ਨਾਲ ਮਰੀਜ਼ਾਂ ਦੀ ਸੇਵਾ ਕਰਨ ਲਈ ਪ੍ਰੇਰਿਆ। ਉਨ੍ਹਾਂ ਕਲੀਨਿਕ ਦੀ ਕਾਰਗੁਜ਼ਾਰੀ ਤੇ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਵੀ ਤੁਰੰਤ ਦੂਰ ਕਰਨ ਦੇ ਹੁਕਮ ਜਾਰੀ ਕੀਤੇ ।  ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸੇ ਵੀ ਆਮ ਆਦਮੀ ਕਲੀਨਿਕ ਵਿੱਚ ਡਾਕਟਰਾਂ, ਨਰਸਾਂ ਜਾਂ ਦਵਾਈਆਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਲੋੜਵੰਦ ਅਤੇ ਗਰੀਬ ਵਿਅਕਤੀਆਂ ਲਈ ਇਹ ਕਲੀਨਿਕ ਵਰਦਾਨ ਸਾਬਿਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਵੀ ਆਮ ਆਦਮੀ ਕਲੀਨਿਕ ਵਿੱਚ ਟੈਸਟਿੰਗ ਕਿੱਟਾਂ ਜਾਂ ਦਵਾਈਆਂ ਦੀ ਘਾਟ ਆਉਂਦੀ ਹੈ ਉਸਨੂੰ ਤੁਰੰਤ ਪ੍ਰਭਾਵ ਨਾਲ ਦੂਰ ਕੀਤਾ ਜਾਂਦਾ ਹੈ ਤਾਂ ਕਿ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜਿਲ੍ਹੇ ਵਿੱਚ ਬਾਜੀਗਰ ਬਸਤੀ, ਬਲਬੀਰ ਬਸਤੀ, ਸੁਰਗਾਪੁਰੀ, ਸੰਧਵਾਂ, ਕੋਟਸੁੱਖੀਆ, ਗੋਲੇਵਾਲਾ, ਪੰਜਗਰਾਈ ਕਲਾਂ, ਗੁਰੂਸਰ, ਬਰਗਾੜੀ, ਵਾੜਾ ਭਾਈਕਾ  ਆਦਿ ਥਾਵਾਂ ਤੇ ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ। ਸਮੂਹ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਕਲੀਨਿਕਾਂ ਰਾਹੀਂ ਮੁੱਢਲੀਆਂ ਸਿਹਤ ਸਹੂਲਤਾਂ ਲੈ ਕੇ ਆਪਣਾ ਇਲਾਜ ਕਰਵਾ ਸਕਦੇ ਹਨ।