ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

  • ਜਿਲੇ ਦੀਆਂ ਮੰਡੀਆਂ ਵਿੱਚ ਕੱਲ ਸ਼ਾਮ ਤੱਕ 318986 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ
  • ਡੇਂਗੂ ਬਿਮਾਰੀ ਤੋਂ ਬਚਾਅ ਲਈ ਮੰਡੀਆਂ ਵਿੱਚ ਸਫਾਈ ਦਾ ਵੀ ਰੱਖਿਆ ਜਾਵੇ ਖਾਸ ਖਿਆਲ-ਡਿਪਟੀ ਕਮਿਸ਼ਨਰ

ਫਰੀਦਕੋਟ, 30 ਅਕਤੂਬਰ : ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਅੱਜ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਖਰੀਦ, ਲਿਫਟਿੰਗ, ਅਦਾਇਗੀ ਆਦਿ ਬਾਰੇ ਅਧਿਕਾਰੀਆਂ, ਆੜ੍ਹਤੀਆਂ ਤੇ ਕਿਸਾਨਾਂ ਨਾਲ ਗੱਲਬਾਤ ਕਰਨ ਉਪਰੰਤ ਅਧਿਕਾਰੀਆਂ ਨੂੰ ਲੋੜੀਦੇ ਆਦੇਸ਼ ਦਿੱਤੇ। ਉਨ੍ਹਾਂ ਫਰੀਦਕੋਟ ਦੀ ਦਾਣਾ ਮੰਡੀ ਵਿਖੇ ਪੈਦਲ ਚੱਲ ਕੇ ਮੰਡੀ ਦੀ ਮੁੱਖ ਸੜਕ ਤੇ ਲੱਗੇ ਝੋਨੇ ਦੀਆਂ ਢੇਰੀਆਂ ਤੇ ਕੰਮ ਕਰ ਰਹੇ ਮਜ਼ਦੂਰਾਂ ਅਤੇ ਆੜ੍ਹਤੀਆਂ ਦੇ ਨਾਲ ਨਾਲ ਕਿਸਾਨਾਂ ਨਾਲ ਵੀ ਰਾਬਤਾ ਕੀਤਾ। ਉਨ੍ਹਾਂ ਕਿਹਾ ਕਿ ਡੇਂਗੂ ਦੇ ਪ੍ਰਕੋਪ ਦੇ ਚੱਲਦਿਆਂ ਮੰਡੀਆਂ ਵਿੱਚ ਸਾਫ ਸਫਾਈ ਦੇ ਕੰਮ ਵੱਲ ਵੀ ਲੋੜੀਂਦਾ ਧਿਆਨ ਦਿੱਤਾ ਜਾਵੇ ਅਤੇ ਮੰਡੀਆਂ ਵਿੱਚ ਪਾਣੀ ਨੂੰ ਖੜ੍ਹਨ ਨਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਕੁਝ ਥਾਵਾਂ ਤੇ ਬਦਬੂ ਨੂੰ ਭਾਂਪਦਿਆਂ ਸੈਕਟਰੀ ਮਾਰਕਿਟ ਕਮੇਟੀ ਗੁਰਦੀਪ ਸਿੰਘ ਬਰਾੜ ਨੂੰ ਹਦਾਇਤ ਕੀਤੀ ਕਿ ਮੰਡੀ ਵਿੱਚ ਅਜਿਹੀਆਂ ਸਾਰੀਆਂ ਥਾਵਾਂ ਤੇ ਤੁਰੰਤ ਪ੍ਰਭਾਵ ਨਾਲ ਦਵਾਈ ਦਾ ਛਿੜਕਾਓ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਂਜ ਤਾਂ ਮੰਡੀਆਂ ਵਿੱਚ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਪਰੰਤੂ ਫਿਰ ਵੀ ਕੁਝ ਥਾਵਾਂ ਤੇ ਜੋ ਸਫਾਈ ਸਬੰਧੀ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ, ਉਨ੍ਹਾਂ ਨੂੰ ਵੀ ਨਜ਼ਰਅੰਦਾਜ਼ ਨਾ ਕੀਤਾ ਜਾਵੇ ਅਤੇ ਢੁੱਕਵੀਂ ਕਾਰਵਾਈ ਸਬੰਧੀ ਜੇਕਰ ਕੋਈ ਅੜਿੱਕਾ ਆਉਂਦਾ ਹੈ ਤਾਂ, ਦਫਤਰ ਡਿਪਟੀ ਕਮਿਸ਼ਨਰ ਨਾਲ ਤਾਲਮੇਲ ਕਰਨ ਵਿੱਚ ਗੁਰੇਜ਼ ਨਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਬੀਤੀ ਸ਼ਾਮ 336671 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿਚੋਂ  318986 ਮੀਟ੍ਰਿਕ ਟਨ ਝੋਨਾ ਵੱਖ ਵੱਖ ਏੰਜਸੀਆਂ ਵਲੋਂ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਵਿੱਚੋਂ 205957 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ। ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਵੰਦਨਾ ਕੁਮਾਰੀ ਨੇ ਦੱਸਿਆ ਕਿ ਮੰਡੀਆਂ ਵਿਚ ਕੱਲ ਸ਼ਾਮ ਤੱਕ ਝੋਨੇ ਦੀ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 121529 ਮੀਟ੍ਰਿਕ ਟਨ, ਮਾਰਕਫੈਡ ਨੇ 86524 ਮੀਟ੍ਰਿਕ ਟਨ, ਪਨਸਪ ਨੇ 63823 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 41224 ਮੀਟ੍ਰਿਕ ਟਨ, ਏਜੰਸੀਆਂ ਵੱਲੋਂ 313100 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 5886 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਸ ਮੌਕੇ ਉਨ੍ਹਾਂ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ, ਆੜਤੀਆਂ ਜਾਂ ਲੇਬਰ ਨੂੰ ਝੋਨੇ ਦੀ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀ ਵਿੱਚ ਲਿਆਉਣ।