ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਅੱਜ 310 ਰਾਸ਼ਨ ਕਿੱਟਾਂ, 255 ਕੁਇੰਟਲ ਚਾਰਾ ਅਤੇ ਗੈਸ ਸਿਲੰਡਰਾਂ ਦੀ ਵੰਡ

  • ਜ਼ਿਲ੍ਹਾ ਪ੍ਰਸ਼ਾਸਨ ਹਰ ਸਮੇਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਹਾਜ਼ਰ : ਡਾ. ਸੇਨੂ ਦੁੱਗਲ

ਫਾਜ਼ਿਲਕਾ, 28 ਜੁਲਾਈ : ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ  ਦੇ ਵਸਨੀਕਾਂ ਨੂੰ ਨਿਰਵਿਘਨ ਰਾਹਤ ਸਮੱਗਰੀ ਦਿੱਤੀ ਜਾ ਰਹੀ ਹੈ। ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਨਾਲ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ  ਹਰ ਸਮੇਂ ਹਾਜ਼ਰ ਹੈ ਤੇ ਅਧਿਕਾਰੀਆਂ ਦੁਆਰਾ ਲਗਤਾਰ ਰਾਹਤ ਕਾਰਜਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਹੱਦੀ ਪਿੰਡਾਂ ਦੇ ਹੜ੍ਹ ਪੀੜਤ  ਲੋਕਾਂ ਨੂੰ ਲਗਾਤਾਰ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਕਰਵਾਰ ਨੂੰ ਪਸ਼ੂ ਪਾਲਕਾਂ ਦੀ ਲੋੜ ਅਨੁਸਾਰ 255 ਕੁਇੰਟਲ ਚਾਰਾ ਅਤੇ ਵੱਖ—ਵੱਖ ਹੜ੍ਹ ਪੀੜਤ ਪਿੰਡਾਂ ਦੇ ਲੋਕਾਂ ਨੂੰ 310 ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡ ਦੋਨਾ ਨਾਨਕਾ ਵਿਖੇ ਪਿੰਡਾਂ ਵਾਸੀਆਂ ਦੀ ਮੰਗ ਮੁਤਾਬਕ 310 ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਗੈਸ ਸਿਲੰਡਰਾਂ ਦੀ ਵੀ ਵੰਡ ਕੀਤੀ ਜਾ ਰਹੀ ਹੈ ਤਾਂ ਜ਼ੋ ਲੋਕ ਆਪਣੇ ਘਰਾਂ ਵਿਚ ਰਹਿ ਕੇ ਆਪਣੀਆਂ ਰੋਜਮਰਾ ਦੀਆਂ ਸਹੂਲਤਾਂ ਪ੍ਰਾਪਤ ਕਰਨ ਤੋਂ ਵਾਂਝੇ ਨਾ ਰਹਿਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਤਰ੍ਹਾਂ ਨਾਲ ਲੋਕਾਂ ਦੀ ਮਦਦ ਲਈ ਵਚਨਬਧ ਹੈ।ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ਦੇ ਜਿਸ ਵੀ ਵਿਅਕਤੀ ਨੂੰ ਕੋਈ ਵੀ ਸਹਾਇਤਾ ਚਾਹੀਦੀ ਹੈ ਤਾਂ ਉਹ ਪਿੰਡਾਂ ਵਿਚ ਤਾਇਨਾਤ ਨੋਡਲ ਅਫਸਰਾਂ ਨਾਲ ਤਾਲਮੇਲ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਿਤ ਕੰਟਰੋਲ ਰੂਮ ਨੰਬਰਾਂ *ਤੇ ਵੀ ਸਹਾਇਤਾ ਲਈ ਜਾ ਸਕਦੀ ਹੈ।