ਜ਼ਿਲ੍ਹਾ ਪ੍ਰਸ਼ਾਸ਼ਨ ਸਰਕਾਰੀ ਆਈ.ਟੀ.ਆਈ. ਮੋਗਾ ਵਿਖੇ 1 ਸਤੰਬਰ ਨੂੰ ਕਰ ਰਿਹੈ ਵਿਲੱਖਣ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ

  • ਜ਼ਿਲ੍ਹਾ ਪੱਧਰੀ ਸੱਭਿਆਚਾਰਕ ਪ੍ਰੋਗਰਾਮ ਵਿੱਚ ਲੱਗਣਗੇ ਸਰਕਾਰੀ ਵਿਭਾਗਾਂ ਤੋਂ ਇਲਾਵਾ ਸੈਲਫ਼ ਹੈਲਪ ਗਰੁੱਪਾਂ ਦੇ ਸਟਾਲ
  • ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਨੀਤਾ ਦਰਸ਼ੀ ਵੱਲੋਂ ਵਿਭਾਗਾਂ ਨਾਲ ਹੰਗਾਮੀ ਮੀਟਿੰਗ
  • ਮੋਗਾ ਦੀਆਂ ਔਰਤਾਂ/ਲੜਕੀਆਂ ਨੂੰ ਸੱਭਿਆਚਾਰਕ ਪਹਿਰਾਵੇ ਵਿੱਚ ਸ਼ਮੂਲੀਅਤ ਕਰਕੇ ਪ੍ਰੋਗਰਾਮ ਦਾ ਸ਼ਿੰਗਾਰ ਬਣਨ ਦੀ ਕੀਤੀ ਅਪੀਲ

ਮੋਗਾ, 30 ਅਗਸਤ : ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ 1 ਸਤੰਬਰ, 2023 ਨੂੰ ਇੱਕ ਵਿਲੱਖਣ ਰੰਗਾਰੰਗ ਸੱਭਿਆਚਾਰਕ ਸਮਾਗਮ ਦਾ ਆਯੋਜਨ ਸਰਕਾਰੀ ਆਈ.ਟੀ.ਆਈ. ਮੋਗਾ ਵਿਖੇ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸੱਭਿਆਚਾਰਕ ਮਨੋਰੰਜਨ ਗਤੀਵਿਧੀਆਂ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਵੀ ਸਮੂਲੀਅਤ ਕੀਤੀ ਜਾਵੇਗੀੇ। ਇਸ ਸੱਭਿਆਰਕ ਸਮਾਗਮ ਨੂੰ ਸਫ਼ਲ ਬਣਾਉਣ, ਇਸਦਾ ਲਾਹਾ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੋਗਾ ਸ੍ਰੀਮਤੀ ਅਨੀਤਾ ਦਰਸ਼ੀ ਵੱਲੋਂ ਵਿਭਾਗਾਂ ਨਾਲ ਹੰਗਾਮੀ ਮੀਟਿੰਗ ਦਾ ਆਯੋਜਨ ਕੀਤਾ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਸ੍ਰੀਮਤੀ ਚਾਰੂ ਮਿਤਾ ਤੋਂ ਇਲਾਵਾ ਨਗਰ ਨਿਗਮ, ਪੁਲਿਸ ਵਿਭਾਗ, ਸਿਹਤ ਵਿਭਾਗ, ਰੋਜ਼ਗਾਰ ਵਿਭਾਗ ਆਦਿ ਵਿਭਾਗਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਸ੍ਰੀਮਤੀ ਅਨੀਤਾ ਦਰਸ਼ੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਸਕੂਲੀ ਬੱਚੀਆਂ, ਸੈਲਫ ਹੈਲਪ ਗਰੁੱਪਾਂ ਦੀਆਂ ਔਰਤਾਂ ਆਦਿ ਵੱਲੋਂ ਵੱਖ ਵੱਖ ਤਰ੍ਹਾਂ ਦੀਆਂ ਦਿਲਚਸਪ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ। ਇਹ ਰੰਗਾਰੰਗ ਪ੍ਰੋਗਰਾਮ ਸ਼ਾਮੀ 3 ਵਜੇ ਤੋਂ ਸੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੋਰਨਾਂ ਵਿਭਾਗਾਂ ਦੀਆਂ ਸਟਾਲਾਂ ਤੋਂ ਇਲਾਵਾ ਇਸ ਸੱਭਿਆਚਾਰਕ ਪ੍ਰੋਗਰਾਮ ਵਿੱਚ ਸੈਲਫ਼ ਹੈਲਪ ਗਰੁੱਪਾਂ ਦੀਆਂ ਵੀ ਸਟਾਲਾਂ ਲਗਾਈਆਂ ਜਾਣਗੀਆਂ। ਔਰਤਾਂ ਵੱਲੋਂ ਆਪਣੇ ਸੈਲਫ਼ ਹੈਲਪ ਗਰੁੱਪਾਂ ਜਰੀਏ ਬਣਾਏ ਗਏ ਉਤਪਾਦਾਂ ਦੀ ਪ੍ਰਦਰਸ਼ਨੀ ਕੀਤੀ ਜਾਵੇਗੀ ਅਤੇ ਇਨ੍ਹਾਂ ਉਤਪਾਦਾਂ ਨੂੰ ਵੇਚਿਆ ਜਾਵੇਗਾ। ਬਾਕੀ ਵਿਭਾਗਾਂ ਵੱਲੋਂ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਲੋਕ ਪੱਖੀ ਸਕੀਮਾਂ ਸਬੰਧੀ ਜਾਗਰੂਕਤਾ ਫੈਲਾਈ ਜਾਵੇਗੀ ਅਤੇ ਆਮ ਲੋਕਾਂ ਨੂੰ ਜੇਕਰ ਇਨ੍ਹਾਂ ਦਾ ਲਾਹਾ ਲੈਣ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਸਦਾ ਮੌਕੇ ਉੱਪਰ ਨਿਪਟਾਰਾ ਕਰਨ ਦਾ ਯਤਨ ਕੀਤਾ ਜਾਵੇਗਾ। ਉਨ੍ਹਾਂ ਸਮੂਹ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਇਸ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਹਾ ਦੇਣ, ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਫਿਰ ਹੀ ਇਹ ਸੱਭਿਆਚਾਰਕ ਪ੍ਰੋਗਰਾਮ ਸਫ਼ਲ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਇੱਕ ਤਰ੍ਹਾਂ ਦਾ ਵਿਲੱਖਣ ਸੱਭਿਆਚਾਰਕ ਪ੍ਰੋਗਰਾਮ ਹੋਵੇਗਾ ਜਿਸ ਵਿੱਚ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਵੀ ਲਾਹਾ ਦਿੱਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਨਾਲ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਹਾ ਤਾਂ ਮਿਲਦਾ ਹੀ ਹੈ ਨਾਲ ਹੀ ਲੋਕਾਂ ਵਿੱਚ ਸੱਭਿਆਚਾਰਕ ਸਾਂਝ ਵੀ ਮਜਬੂਤ ਹੁੰਦੀ ਹੈ, ਕਿਉਂਕਿ ਲੋਕੀ ਇੱਕੋ ਸਥਾਨ ਤੇ ਵੱਖ-ਵੱਖ ਸਕੀਮਾਂ ਦਾ ਲਾਹਾ ਲੈਣ ਲਈ ਅਤੇ ਸੱਭਿਆਚਾਰਕ ਪ੍ਰੋਗਰਾਮ ਵੇਖਣ ਲਈ ਇਕੱਤਰ ਹੁੰਦੇ ਹਨ। ਉਨ੍ਹਾਂ ਮੋਗਾ ਜ਼ਿਲ੍ਹਾ ਦੀਆਂ ਲੜਕੀਆਂ/ਅੋਰਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰੋਗਰਾਮ ਵਿੱਚ ਸੱਭਿਆਚਾਰਕ ਪਹਿਰਾਵਾ ਪਹਿਨ ਕੇ ਪ੍ਰੋਗਰਾਮ ਦਾ ਸ਼ਿੰਗਾਰ ਬਣਨ ਅਤੇ ਰੌਣਕਾਂ ਵਧਾਉਣ।