ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ 15 ਅਪ੍ਰੈਲ ਨੂੰ ਕਲਾ ਮੁਕਾਬਲੇ ਲਈ ਸਕੂਲੀ ਵਿਦਿਆਰਥੀਆਂ ਨੂੰ ਸੱਦਾ

  • ਸਰਵੋਤਮ ਵਿਦਿਆਰਥੀਆਂ ਨੂੰ ਇਨਾਮ ਵੰਡੇ ਜਾਣਗੇ, ਉੱਤਮ ਕਲਾਕ੍ਰਿਤੀਆਂ ਨੂੰ ਵੀ ਪ੍ਰਬੰਧਕੀ ਕੰਪਲੈਕਸ 'ਚ ਕੀਤਾ ਜਾਵੇਗਾ ਸਥਾਪਤ

ਲੁਧਿਆਣਾ, 10 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੁਧਿਆਣਾ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ 15 ਅਪ੍ਰੈਲ ਨੂੰ ਹੋਣ ਵਾਲੇ ਕਲਾ ਮੁਕਾਬਲੇ ਵਿੱਚ ਭਾਗ ਲੈਣ ਲਈ ਸੱਦਾ ਦਿੰਦਿਆਂ ਆਪਣੀਆਂ ਐਂਟਰੀਆਂ ਭੇਜਣ ਲਈ ਕਿਹਾ ਹੈ, ਜਿਸ ਵਿੱਚੋਂ ਸਰਵੋਤਮ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਵਲੋਂ ਤਿਆਰ ਕੀਤੀਆਂ ਤਸਵੀਰਾਂ ਵੀ ਪ੍ਰਬੰਧਕੀ ਕੰਪਲੈਕਸ ਵਿੱਚ ਲਗਾਈਆਂ ਜਾਣਗੀਆਂ। ਵਿਦਿਆਰਥੀਆਂ ਨੂੰ ਇੱਕ ਵੀਡੀਓ ਸੰਦੇਸ਼ ਵਿੱਚ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ 15 ਅਪ੍ਰੈਲ ਨੂੰ ਵਿਸ਼ਵ ਕਲਾ ਦਿਵਸ ਮੌਕੇ ਕਲਾ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੀ ਕਲਪਨਾ ਅਤੇ ਰਚਨਾਤਮਕ ਹੁਨਰ ਦੀ ਵਰਤੋਂ ਕਰਨ ਅਤੇ ਕਿਸੇ ਵੀ ਸਮਾਜਿਕ ਵਿਸ਼ੇ, ਸੰਦੇਸ਼ ਜਾਂ ਹੋਰ ਮੁੱਦਿਆਂ ਨਾਲ ਸਬੰਧਤ ਡਰਾਇੰਗ, ਪੇਂਟਿੰਗ ਜਾਂ ਕੋਈ ਵੀ ਮਾਡਲ ਨੂੰ ਆਪਣੇ-ਆਪਣੇ ਸਕੂਲ ਪ੍ਰਿੰਸੀਪਲਾਂ ਦੇ ਨਾਲ 14 ਅਪ੍ਰੈਲ ਤੱਕ ਜਮ੍ਹਾਂ ਕਰਵਾਉਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਸਕੂਲਾਂ ਤੋਂ ਉਨ੍ਹਾਂ ਦੀਆਂ ਕਲਾਕ੍ਰਿਤੀਆਂ ਪ੍ਰਾਪਤ ਕਰੇਗਾ ਅਤੇ ਕਲਾਕਾਰਾਂ ਦੀ ਇੱਕ ਜਿਊਰੀ ਉੱਤਮ ਕਲਾਕਾਰੀ ਦੀ ਚੋਣ ਕਰੇਗੀ। ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ 15 ਅਪ੍ਰੈਲ ਨੂੰ ਪ੍ਰਸ਼ਾਸਨ ਵੱਲੋਂ ਨਾ ਸਿਰਫ਼ ਵਧੀਆ ਕਲਾਕ੍ਰਿਤੀਆਂ ਤਿਆਰ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਸਗੋਂ ਪ੍ਰਬੰਧਕੀ ਕੰਪਲੈਕਸ ਵਿੱਚ ਉਨ੍ਹਾਂ ਤਸਵੀਰਾਂ ਨੂੰ ਪ੍ਰਦਰਸ਼ਿਤ ਵੀ ਕੀਤਾ ਜਾਵੇਗਾ ਤਾਂ ਜੋ ਉੱਥੇ ਆਉਣ ਵਾਲੇ ਲੋਕ ਵੀ ਉਨ੍ਹਾਂ ਦੀ ਪ੍ਰਤਿਭਾ ਦਾ ਲੋਹਾ ਮੰਨਣ।