ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਸਮੂਹ ਈ.ਆਰ.ਓਜ਼ ਨਾਲ ਸਮੀਖਿਆ ਮੀਟਿੰਗ

  • ਸਵੀਪ ਗਤੀਵਿਧੀਆਂ ਉਤਸ਼ਾਹਿਤ ਕਰਨ ਦੀ ਲੋੜ ’ਤੇ ਦਿੱਤਾ ਜ਼ੋਰ

ਸੰਗਰੂਰ, 22 ਦਸੰਬਰ : ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਮੂਹ ਈ.ਆਰ.ਓਜ਼ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨੇ ਦੱਸਿਆ ਕਿ ਯੋਗਤਾ ਮਿਤੀ 01.01.2024 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਲਗਾਤਾਰ ਸੁਧਾਈ ਦੌਰਾਨ ਹਰ ਯੋਗ ਨਾਗਰਿਕ, ਜਿਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ, ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਵੋਟ ਤਬਦੀਲ ਕਰਨ ਲਈ ਫਾਰਮ ਨੰਬਰ 8 ਭਰ ਕੇ ਜਾਂ ਆਨਲਾਈਨ ਪੋਰਟਲ ’ਤੇ ਅਪਲਾਈ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ 2019 ਵਿੱਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਜਿਹੜੇ ਪੋਲਿੰਗ ਸਟੇਸ਼ਨਾਂ ਵਿੱਚ ਕੌਮੀ ਪੱਧਰ ’ਤੇ ਅਤੇ ਰਾਜ ਪੱਧਰ ’ਤੇ ਪਈਆਂ ਵੋਟਾਂ ਦੀ ਦਰ ਨਾਲੋਂ ਘੱਟ ਪੋਲਿੰਗ ਦਰ ਪਾਈ ਗਈ ਸੀ ਉਨ੍ਹਾਂ ਖੇਤਰਾਂ ਵਿੱਚ ਲੋਕਾਂ ਨੂੰ ਵੋਟ ਪਾਉਣ ਦੀ ਅਹਿਮੀਅਤ ਵੱਲ ਵਧੇਰੇ ਜਾਗਰੂਕ ਕਰਨ ਦੀ ਲੋੜ ਹੈ ਤਾਂ ਜੋ ਆਗਾਮੀ ਲੋਕ ਸਭਾ ਚੋਣਾਂ ਵਿੱਚ ਉਸ ਅੰਤਰਾਲ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਵੀਪ ਗਤੀਵਿਧੀਆਂ ਰਾਹੀਂ ਜਨ ਜਾਗਰੂਕ ਮੁਹਿੰਮ ਨੂੰ ਵਿਆਪਕ ਹੁਲਾਰਾ ਦਿੱਤਾ ਜਾਣਾ ਸਮੇਂ ਦੀ ਅਹਿਮ ਲੋੜ ਹੈ ਅਤੇ ਹਰ ਵਰਗ ਦੇ ਨਾਗਰਿਕ ਨੂੰ ਇਸ ਵਿੱਚ ਸ਼ਾਮਲ ਕੀਤਾ ਜਾਵੇ ਤਾਂ ਜੋ ਵੋਟ ਬਣਵਾਉਣ ਤੇ ਵੋਟ ਪਾਉਣ ਦੇ ਅਧਿਕਾਰ ਤੋਂ ਕੋਈ ਵੀ ਵਾਂਝਾ ਨਾ ਰਹੇ। ਜ਼ਿਲ੍ਹਾ ਚੋਣ ਅਫ਼ਸਰ ਨੇ ਵੀਵੀਪੈਟ ਤੇ ਈਵੀਐਮ ਮਸ਼ੀਨਾਂ ਦੀ ਵਰਤੋਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰ ਰਹੇ ਪ੍ਰਚਾਰ ਵਾਹਨਾਂ ਦੀ ਪਹੁੰਚ ਹਰ ਪਿੰਡ, ਕਸਬੇ ਤੇ ਸ਼ਹਿਰੀ ਖੇਤਰ ਵਿੱਚ ਕਰਨੀ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਬਾਰੇ ਜਾਣਕਾਰੀ ਹਾਸਲ ਹੋ ਸਕੇ ਅਤੇ ਵੋਟਾਂ ਵਾਲੇ ਦਿਨ ਉਹ ਬਿਨਾਂ ਝਿਜਕ ਆਪਣੇ ਹੱਕ ਦਾ ਇਸਤੇਮਾਲ ਕਰ ਸਕਣ। ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ ਤੇ ਦੇਵਦਰਸ਼ਦੀਪ ਸਿੰਘ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਤਹਿਸੀਲਦਾਰ ਚੋਣਾਂ ਵਿਜੇ ਕੁਮਾਰ ਵੀ ਹਾਜ਼ਰ ਸਨ।