ਖੇਡ ਸਟੇਡੀਅਮ ਸਰਹਿੰਦ ਵਿਖੇ ਮਨਾਇਆ ਜਾਵੇਗਾ ਗਣਤੰਤਰ ਦਿਵਸ ਦਾ ਜਿ਼ਲ੍ਹਾ ਪੱਧਰੀ ਸਮਾਗਮ: ਏ.ਡੀ.ਸੀ.

  • ਅਧਿਕਾਰੀ ਇਤਿਹਾਸਕ ਮਹੱਤਤਾ ਵਾਲੇ ਗਣਤੰਤਰ ਦਿਵਸ ਸਮਾਗਮ ਲਈ ਦੇਸ਼ ਭਗਤੀ ਦੀ ਭਾਵਨਾ ਨਾਲ ਨਿਭਾਉਣ ਆਪਣੇ ਫਰਜ਼
  • ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਲਹਿਰਾਉਣਗੇ ਕੌਮੀ ਝੰਡਾ
  • ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੁਤੰਤਰਤਾ ਸੈਨਾਨੀਆਂ ਦਾ ਕੀਤਾ ਜਾਵੇਗਾ ਸਨਮਾਨ

ਫ਼ਤਹਿਗੜ੍ਹ ਸਾਹਿਬ, 16 ਜਨਵਰੀ : 26 ਜਨਵਰੀ ਦਾ ਦਿਹਾੜਾ ਸਮੂਹ ਦੇਸ਼ ਵਾਸੀਆਂ ਲਈ ਗੌਰਵ ਦਾ ਪ੍ਰਤੀਕ ਹੈ ਕਿਉਂਕਿ ਇਸ ਦਿਨ 26 ਜਨਵਰੀ, 1950 ਵਿੱਚ ਆਜ਼ਾਦ ਭਾਰਤ ਦਾ ਆਪਣਾ ਸੰਵਿਧਾਨ ਲਾਗੂ ਹੋਇਆ ਸੀ, ਜਿਸ ਵਿੱਚ ਹਰੇਕ ਭਾਰਤੀ ਨੂੰ ਬਰਾਬਰਤਾ ਦੇ ਅਧਿਕਾਰ ਦਿੱਤੇ ਗਏ ਸਨ। ਸਾਡੇ ਸੰਵਿਧਾਨ ਨੇ ਦੇਸ਼ ਨੂੰ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਬਣਾਇਆ। ਇਸ ਇਤਿਹਾਸਕ ਮਹੱਤਤਾ ਵਾਲੇ ਦਿਹਾੜੇ ਤੇ ਸਮੂਹ ਅਧਿਕਾਰੀ ਦੇਸ਼ ਭਗਤੀ ਦੀ ਭਾਵਨਾਂ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ ਨੇ ਬੱਚਤ ਭਵਨ ਵਿਖੇ ਗਣਤੰਤਰ ਦਿਵਸ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਖੇਡ ਸਟੇਡੀਅਮ ਸਰਹਿੰਦ ਵਿਖੇ ਮਨਾਇਆ ਜਾਵੇਗਾ ਜਿਸ ਵਿੱਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਮਾਰਚ ਪਾਸਟ ਵਿੱਚ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਜਾਵੇਗਾ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਜ਼ਿਲ੍ਹੇ ਦੇ ਸੁਤੰਤਰਤਾ ਸੰਗਰਾਮੀਆਂ ਦੇ ਸਨਮਾਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਇਸ ਮੌਕੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਇਕਲ ਤੇ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਜਾਣਗੀਆਂ। ਸ਼੍ਰੀਮਤੀ ਈਸ਼ਾ ਸਿੰਗਲ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਗੌਰਵ ਦਾ ਪ੍ਰਤੀਕ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੇ ਸਾਰੇ ਪ੍ਰਬੰਧ ਸਮੇਂ ਸਿਰ ਪੂਰੇ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜਿ਼ਲ੍ਹਾ ਪੱਧਰੀ ਸਮਾਗਮ ਵਾਲੇ ਸਥਾਨ ਦੀ ਸਾਫ ਸਫਾਈ , ਸੁਚੱਜੀ ਟਰੈਫਿਕ ਵਿਵਸਥਾ, ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ, ਸਜਾਵਟ ਆਦਿ ਲਈ ਸਬੰਧਤ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਸਬੰਧੀ ਰੀਹਰਸਲਾਂ ਸ਼ੁਰੂ ਕੀਤੀਆਂ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਅਰਵਿੰਦ ਕੁਮਾਰ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀਮਤੀ ਪ੍ਰੋਮਿਲਾ ਸ਼ਰਮਾ, ਖੇਤਰੀ ਟਰਾਂਸਪੋਰਟ ਅਥਾਰਟੀ ਸ਼੍ਰੀਮਤੀ ਮਨਦੀਪ ਕੌਰ, ਮੁੱਖ ਮੰਤਰੀ ਪੰਜਾਬ ਦੇ ਫੀਲਡ ਅਫਸਰ ਸ਼੍ਰੀ ਅਭਿਸ਼ੇਕ ਸ਼ਰਮਾ, ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਡੀ.ਡੀ.ਪੀ.ਓ. ਸ਼੍ਰੀ ਹਿਤੇਨ ਕਪਿਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ  ਜ਼ਿਲ੍ਹਾ ਅਧਿਕਾਰੀ ਹਾਜਰ ਸਨ।