ਸਰਕਾਰੀ ਕਾਲਜ ਮੋਹਾਲੀ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ

  • ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵਲੋਂ ਪ੍ਰਬੰਧਾਂ ਸਬੰਧੀ ਮੀਟਿੰਗ 
  • ਮਾਰਚ ਪਾਸਟ, ਝਾਕੀਆਂ ਅਤੇ ਸੱਭਿਆਚਾਰਕ ਗਤੀਵਿਧੀਆਂ ਹੋਣਗੀਆਂ ਖਿੱਚ ਦਾ ਕੇਂਦਰ 

ਐਸ.ਏ.ਐਸ.ਨਗਰ, 25 ਜੁਲਾਈ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵੱਲੋਂ 15 ਅਗਸਤ 2023 ਨੂੰ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਫੇਜ਼-6, ਮੋਹਾਲੀ ਦੇ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਕਰਵਾਉਣ ਬਾਬਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਵੱਖ-ਵੱਖ ਵਿਭਾਗਾਂ ਦੀ ਪਲੇਠੀ ਤਿਆਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਹ ਦਿਨ  ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਆਜ਼ਾਦੀ ਘੁਲਾਟੀਆਂ ਦੇ ਬੇਮਿਸਾਲ ਯੋਗਦਾਨ ਦੀ ਯਾਦ ਦਿਵਾਉਂਦਾ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਉਹਨਾਂ ਨੇ  ਮਾਰਚ ਪਾਸਟ, ਪਾਰਕਿੰਗ, ਝਾਕੀਆਂ ਅਤੇ ਸੱਭਿਆਚਾਰਜ ਪ੍ਰੋਗਰਾਮ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਵਧੀਕ ਡਿਪਟੀ ਕਮਿਸ਼ਨਰ (ਜਨਰਲ) ਐਸ.ਡੀ.ਐਮ. ਮੁਹਾਲੀ ਅਤੇ ਜ਼ਿਲ੍ਹਾ ਪੁਲੀਸ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ  ਜ਼ਿੰਮੇਵਾਰੀਆਂ ਸੌਂਪੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ, ਜਦੋਂਕਿ ਸਟੇਡੀਅਮ ਵਿੱਚ ਪਹਿਲਾਂ ਦੀ ਡਰਿੱਲ 12 ਅਗਸਤ ਨੂੰ ਕੀਤੀ ਜਾਵੇਗੀ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਰਿਹਰਸਲ ਤੋਂ ਪਹਿਲਾਂ ਗਰਾਊਂਡ ਦੀ ਸਫ਼ਾਈ ਕਰਨ ਅਤੇ ਰਿਹਰਸਲ ਦੌਰਾਨ ਅਤੇ ਮੁੱਖ ਸਮਾਗਮ ਦੌਰਾਨ ਵਿਦਿਆਰਥੀਆਂ ਲਈ ਬੈਠਣ, ਪੀਣ ਵਾਲੇ ਪਾਣੀ ਅਤੇ ਮੈਡੀਕਲ ਟੀਮ ਦਾ ਪ੍ਰਬੰਧ ਕਰਨ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਗਮ ਦੌਰਾਨ ਵਿਸ਼ੇਸ਼ ਸੇਵਾਵਾਂ ਲਈ ਪ੍ਰਸ਼ੰਸਾ ਪੱਤਰ ਪ੍ਰਦਾਨ ਕਰਨ ਲਈ ਅਰਜ਼ੀਆਂ 7 ਅਗਸਤ, 2023 ਤੱਕ ਜਮ੍ਹਾਂ ਕਰਵਾਈਆਂ ਜਾਣ, ਜਿਸ ਵਿੱਚ ਮਹੱਤਵਪੂਰਨ ਪ੍ਰਾਪਤੀਆਂ ਸ਼ਾਮਲ ਹੋਣੀਆਂ ਚਾਹੀਦੀਆਂ ਹਨ। ਸ਼੍ਰੀਮਤੀ ਜੈਨ ਨੇ ਕਿਹਾ ਕਿ ਅਜ਼ਾਦੀ ਘੁਲਾਟੀਆਂ ਨੂੰ ਸਮਾਗਮ ਵਿੱਚ ਉਚੇਚੇ ਤੌਰ ਉੱਤੇ ਸ਼ਿਰਕਤ ਲਈ ਬੁਲਾਇਆ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਬੈਠਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਵਿੱਚ ਕਮਿਸ਼ਨਰ ਐਮ.ਸੀ. ਮੁਹਾਲੀ ਨਵਜੋਤ ਕੌਰ, ਏਡੀਸੀ (ਡੀ) ਸ਼੍ਰੀ ਅਮਿਤ ਕੁਮਾਰ ਬੈਂਬੀ,  ਏਡੀਸੀ (ਜਰਨਲ) ਪਰਮਦੀਪ ਸਿੰਘ, ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਐਸਡੀਐਮ ਮੁਹਾਲੀ ਸਰਬਜੀਤ ਕੌਰ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਐਸਡੀਐਮ ਖਰੜ ਰਵਿੰਦਰ ਸਿੰਘ, ਸੀਐਮ ਫੀਲਡ ਅਫਸਰ ਇੰਜ. ਸ਼੍ਰੀ  ਇੰਦਰਪਾਲ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।