ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਬਿਨਾਂ ਪ੍ਰਵਾਨਗੀ ਕੱਚੀਆਂ ਖੂਹੀਆਂ ਪੁੱਟਣ/ਪੁਟਵਾਉਣ ਤੇ ਪਾਬੰਦੀ

ਫ਼ਤਹਿਗੜ੍ਹ ਸਾਹਿਬ, 02 ਫਰਵਰੀ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਿਨਾਂ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਵਾਏਗਾ ਅਤੇ ਨਾ ਹੀ ਪੁਰਾਣੀਆਂ ਬਣੀਆਂ ਖੂਹੀਆਂ ਆਦਿ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਉਨ੍ਹਾਂ ਵਿੱਚ ਲੱਗੇ ਪੁਰਾਣੇ ਮਟੀਰੀਅਲ ਭਾਵ ਇੱਟਾਂ ਆਦਿ ਨੂੰ ਕੱਢੇਗਾ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਜ਼ਿਲ੍ਹੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ਕਾਰਨ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਮੌਤਾਂ ਵੀ ਹੋਈਆਂ ਹਨ। ਅਜਿਹੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਜਾਰੀ ਕੀਤੇ ਗਏ ਇਹ ਮਨਾਹੀਂ ਹੁਕਮ 01 ਅਪ੍ਰੈਲ, 2024 ਤੱਕ ਲਾਗੂ ਰਹਿਣਗੇ।