ਜ਼ਿਲਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ/ਸਾੜਨ ’ਤੇ ਪਾਬੰਦੀ

ਬਰਨਾਲਾ, 4 ਅਕਤੂਬਰ : ਜ਼ਿਲਾ ਮੈਜਿਸਟ੍ਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਅੰਦਰ ਝੋਨੇ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲਗਾਉਣ/ਸਾੜਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ‌ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਵੇਖਣ ਵਿੱਚ ਆਇਆ ਹੈ ਕਿ ਝੋਨੇ ਦੀ ਫ਼ਸਲ ਕੱਟਣ ਉਪਰੰਤ ਫ਼ਸਲ ਦੀ ਰਹਿੰਦ-ਖੂੰਹਦ ਨੂੰ ਸਬੰਧਤ ਕਿਸਾਨ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਨਾਲ ਨੁਕਸਾਨ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ ਅਤੇ ਹਵਾ ਵਿੱਚ ਧੂੰਏਂ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ। ਇਸ ਨਾਲ ਜਿੱਥੇ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ  ਦੱਸਿਆ ਕਿ ਅਜਿਹਾ ਕਰਨ ਨਾਲ ਆਲੇ ਦੁਆਲੇ ਖੜ੍ਹੀ ਫ਼ਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ, ਜਿਸ ਨਾਲ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ ਅਤੇ ਜਾਨੀ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਵੀ ਹੈ। ਇਸ ਲਈ ਜ਼ਿਲਾ ਬਰਨਾਲਾ ਅੰਦਰ  ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ/ਸਾੜਨ ’ਤੇ  ਪੂਰਨ ਤੌਰ ’ਤੇ ਪਾਬੰਦੀ ਲਗਾਈ ਜਾਂਦੀ ਹੈ। ਉਨਾਂ ਦੱਸਿਆ ਕਿ ਉਕਤ ਹੁਕਮ 30 ਨਵੰਬਰ, 2023 ਤੱਕ ਜ਼ਿਲ੍ਹਾ   ਬਰਨਾਲਾ ਅੰਦਰ ਲਾਗੂ ਰਹਿਣਗੇ।