ਜ਼ਿਲ੍ਹਾ ਐੱਸ. ਏ. ਐੱਸ. ਨਗਰ ਵਿਖੇ 15 ਜੁਲਾਈ ਨੂੰ ਸਪੈਸ਼ਲ ਲੋਕ ਅਦਾਲਤ ਲਾਈ ਜਾਵੇਗੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਜੁਲਾਈ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿਚ ਜ਼ਿਲ੍ਹਾ ਐੱਸ. ਏ. ਐੱਸ. ਨਗਰ ਵਿਖੇ 15 ਜੁਲਾਈ, 2023 ਨੂੰ ਸਪੈਸ਼ਲ ਲੋਕ ਅਦਾਲਤ ਲਾਈ ਜਾ ਰਹੀ ਹੈ,ਜਿਸ ਵਿਚ ਮੋਟਰ ਐਕਸੀਡੈਂਟ ਕਲੇਮ, ਲੈਂਡ ਐਕਿਊਜੀਸ਼ਨ ਕੇਸ ਅਤੇ ਪਰਿਵਾਰਕ ਝਗੜਿਆਂ ਨਾਲ ਸਬੰਧਤ ਕੇਸ ਆਪਸੀ ਸਹਿਮਤੀ ਨਾਲ ਨਿਪਟਾਰੇ ਲਈ ਲਗਾਏ ਜਾਣਗੇ। ਇਸ ਲੋਕ ਅਦਾਲਤ ਦੀ ਸਫਲਤਾ ਲਈ ਸ੍ਰੀ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਇੰਸ਼ੋਰੈਂਸ ਕੰਪਨੀਆਂ ਦੇ ਮੈਨੇਜਰਾਂ ਅਤੇ ਵਕੀਲਾਂ ਨੂੰ ਮੀਟਿੰਗਾਂ ਰਾਹੀਂ ਉਤਸ਼ਾਹਤ ਕੀਤਾ ਜਾ ਰਿਹਾ ਹੈ ਕਿ ਉਹ ਵੱਧ ਤੋਂ ਵੱਧ ਕੇਸਾਂ ਨੂੰ ਨਿਪਟਾਰੇ ਰਾਹੀਂ ਸੁਲਝਾਉਣ ਵਿਚ ਮਦਦ ਕਰਨ ਤਾਂ ਜੋ ਅਦਾਲਤਾਂ ਵਿਚੋਂ ਕੇਸਾਂ ਦਾ ਬੋਝ ਘਟਾਇਆ ਜਾ ਸਕੇ ਅਤੇ ਆਮ ਲੋਕ ਵੀ ਇਸ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈ ਸਕਣ।  ਸ੍ਰੀ ਬਲਜਿੰਦਰ ਸਿੰਘ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੋਕ ਅਦਾਲਤ ਵਿਚ ਦੋਵੇਂ ਧਿਰਾਂ ਵਿਚ ਆਪਸੀ ਸਹਿਮਤੀ ਨਾਲ ਹੋਣ ਵਾਲੇ ਫੈਸਲੇ ਕਰਕੇ ਧਿਰਾਂ ਦੀ ਆਪਸੀ ਕੁੜੱਤਣ ਖਤਮ ਹੋ ਜਾਂਦੀ ਹੈ ਜਿਸ ਨਾਲ ਭਵਿੱਖ ਵਿਚ ਹੋਣ ਵਾਲੇ ਸੰਭਾਵਿਤ ਝਗੜਿਆਂ ਤੋਂ ਵੀ ਛੁਟਕਾਰਾ ਮਿਲ ਜਾਂਦਾ ਹੈ।