ਵਿਸ਼ਵ ਥੈਲੇਸੀਮੀਆ ਦਿਵਸ ਮੌਕੇ ਲਗਾਏ ਕੈਂਪ ਦੌਰਾਨ ਐਸ.ਡੀ.ਐਮ. ਸੰਗਰੂਰ ਤੇ ਸਿਵਲ ਸਰਜਨ ਨੇ ਖ਼ੁਦ ਖ਼ੂਨਦਾਨ ਕਰਕੇ ਲੋਕਾਂ ਨੂੰ ਕੀਤਾ ਪ੍ਰੇਰਿਤ

ਸੰਗਰੂਰ, 08 ਮਈ : ਵਿਸ਼ਵ ਰੈਡ ਕਰਾਸ ਤੇ ਵਿਸ਼ਵ ਥੈਲੇਸੀਮੀਆ ਦਿਵਸ ਦੇ ਮੌਕੇ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਯੋਗ ਅਗਵਾਈ ‘ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਆਡੀਟੋਰੀਅਮ ‘ਚ ਖ਼ੂਨਦਾਨ ਕੈਂਪ ਅਤੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ ਤੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਖ਼ੁਦ ਖੂਨਦਾਨ ਕਰਕੇ ਲੋਕਾਂ ਨੂੰ ਮੁਸ਼ਕਿਲ ਸਮੇਂ ਇੱਕ ਦੂਜੇ ਦੀ ਮਦਦ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਤੋਂ ਇਲਾਵਾ ਵੱਡੀ ਗਿਣਤੀ ‘ਚ ਵਲੰਟੀਅਰਾਂ ਵੱਲੋਂ ਵੀ ਖੂਨਦਾਨ ਕਰਦਿਆਂ ਮਨੁੱਖਤਾ ਦੀ ਸੇਵਾ ਵਿੱਚ ਵੱਡਾ ਯੋਗਦਾਨ ਪਾਇਆ ਗਿਆ। ਆਡੀਟੋਰੀਅਮ ਵਿਖੇ ਐਸ.ਡੀ.ਐਮ. ਨਵਰੀਤ ਕੌਰ ਸੇਖੋਂ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਤੇ ਹੋਰਨਾਂ ਨੇ ਸਰ ਹੈਨਰੀ ਡੁਨੈਂਟ ਤੇ ਭਾਈ ਘਨ੍ਹਈਆ ਜੀ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਭੇਟ ਕਰਦਿਆਂ ਉਨ੍ਹਾਂ ਦੀ ਮਹਾਨ ਦੇਣ ਨੂੰ ਯਾਦ ਕੀਤਾ। ਇਸ ਮੌਕੇ ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਰੈਡ ਕਰਾਸ ਦੇ ਸੰਸਥਾਪਕ ਸਰ ਹੈਨਰੀ ਡੁਨੈਂਟ ਦੀ ਮਨੁੱਖਤਾ ਦੀ ਸੇਵਾ ਵਾਲੀ ਸੋਚ ਨੂੰ ਅਪਣਾਉਂਦੇ ਹਰੇਕ ਤੰਦਰੁਸਤ ਵਿਅਕਤੀ ਨੂੰ ਖੂਨਦਾਨ ਕਰਦੇ ਰਹਿਣਾ ਚਾਹੀਦਾ ਹੈ। ਉਨਾਂ ਕਿਹਾ ਕਿ ਸੜਕ ਦੁਰਘਟਨਾਵਾਂ ਦੌਰਾਨ ਵੀ ਬਹੁਤੀਆਂ ਜਾਨਾਂ ਸਿਰਫ ਸਮੇਂ ਸਿਰ ਖੂਨ ਨਾ ਮਿਲਣ ਕਾਰਨ ਅਜਾਈਂ ਮੌਤ ਦੇ ਮੂੰਹ ਵਿੱਚ ਚਲੀਆਂ ਜਾਂਦੀਆਂ ਹਨ ਇਸ ਲਈ ਹਰੇਕ ਨਾਗਰਿਕ ਦਾ ਇਹ ਮੁਢਲਾ ਫਰਜ਼ ਬਣਦਾ ਹੈ ਕਿ ਉਹ ਖੂਨਦਾਨ ਮੁਹਿੰਮ ਵਿੱਚ ਯੋਗਦਾਨ ਪਾਉਂਦੇ ਰਹਿਣ। ਐਸ.ਡੀ.ਐਮ. ਨੇ ਕਿਹਾ ਕਿ ਖੂਨਦਾਨ ਬਾਰੇ ਜਾਗਰੂਕਤਾ ਅਭਿਆਨ ਨੂੰ ਲੋਕ ਲਹਿਰ ਵਜੋਂ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਮੁਸੀਬਤ ਸਮੇਂ ਪੀੜਤ ਵਿਅਕਤੀਆਂ ਨੂੰ ਖੂਨ ਦੀ ਕਮੀ ਕਾਰਨ ਆਪਣੀ ਜਾਨ ਨਾ ਗੁਆਉਣੀ ਪਵੇ। ਇਸ ਉਪਰੰਤ ਮੁੱਖ ਮਹਿਮਾਨ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਤੇ ਪ੍ਰਸ਼ਾਸਨਿਕ ਸ਼ਖਸ਼ੀਅਤਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਕੌਰ ਵੜਿੰਗ, ਬਲੱਡ ਬੈਂਕ ਤੋਂ ਡਾ. ਪੱਲਵੀ, ਮੈਂਬਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸਮੇਤ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।