ਜਨ ਸੁਣਵਾਈ ਕੈਂਪ ਦੌਰਾਨ ਐਸ.ਡੀ.ਐਮ ਨੇ ਸੁਣੀਆਂ ਪਿੰਡ ਮਚਾਕੀ ਕਲਾਂ ਦੇ ਲੋਕਾਂ ਦੀਆਂ ਸਮੱਸਿਆਵਾਂ

  • ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਕਰਵਾਇਆ ਜਾਣੂ

ਫ਼ਰੀਦਕੋਟ 30 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ ਫ਼ਰੀਦਕੋਟ ਦੇ ਪਿੰਡ ਮਚਾਕੀ ਕਲਾਂ ਵਿਖੇ ਐਸ.ਡੀ.ਐਮ. ਫ਼ਰੀਦਕੋਟ ਸ੍ਰੀ ਵਰੁਣ ਕੁਮਾਰ ਦੀ ਪ੍ਰਧਾਨਗੀ ਹੇਠ ਜਨ ਸੁਣਵਾਈ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੀ ਪ੍ਰਧਾਨਗੀ ਕਰਦਿਆਂ ਐਸ.ਡੀ.ਐਮ ਸ੍ਰੀ ਵਰੁਣ ਕੁਮਾਰ ਨੇ ਦੱਸਿਆ ਕਿ ਪਿੰਡ ਮਚਾਕੀ ਕਲਾਂ ਤੋਂ ਇਲਾਵਾ ਆਸ ਪਾਸ ਦੇ ਲੋਕਾਂ ਵੱਲੋਂ ਵੀ ਇਸ ਕੈਂਪ ਵਿੱਚ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਪਹੁੰਚ ਕੀਤੀ ਗਈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਦੀਆਂ ਅਰਜ਼ੀਆਂ ਪ੍ਰਾਪਤ ਕਰਕੇ ਉਨ੍ਹਾਂ ਤੇ ਫੌਰੀ ਕਾਰਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੁਝ ਅਰਜ਼ੀਆਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਕੁਝ ਅਰਜ਼ੀਆਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਉਥੇ ਨਾਲ ਹੀ ਵੱਖ ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਕੈਂਪ ਲਗਾਉਣ ਦਾ ਮੰਤਵ ਇਕੋ ਥਾਂ `ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਲੋਕਾਂ ਦੇ ਕੰਮ ਪਿੰਡ ਪੱਧਰ ਤੇ ਹੀ ਹੋ ਸਕਣ ਅਤੇ ਉਨ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।