ਸੂਬਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਨੈੱਟਬਾਲ ’ਚੋਂ ਜ਼ਿਲ੍ਹਾ ਮਾਨਸਾ ਦੀ ਟੀਮ ਨੇ ਜਿੱਤਿਆ ਗੋਲਡ ਮੈਡਲ

ਮਾਨਸਾ, 11 ਅਕਤੂਬਰ : ਖੇਡਾਂ ਵਤਨ ਪੰਜਾਬ ਦੀਆਂ 2023 ਵਿਚ ਬਰਨਾਲਾ ਵਿਖੇ ਹੋਏ ਸੂਬਾ ਪੱਧਰੀ ਮੁਕਾਬਲਿਆਂ ਦੌਰਾਨ ਨੈੱਟਬਾਲ ਟੂਰਨਾਮੈਂਟ ਵਿਚੋਂ ਜ਼ਿਲ੍ਹਾ ਮਾਨਸਾ ਦੀ ਅੰਡਰ-14 ਲੜਕਿਆਂ ਦੀ ਟੀਮ ਨੇ ਪਹਿਲਾ ਗੋਲਡ ਮੈਡਲ ਹਾਸਲ ਕੀਤਾ ਹੈ। ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਬਲਾਕ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਆਪਣੇ ਹੁਨਰ ਦਾ ਜਲਵਾ ਵਿਖਾਉਣ ਵਾਲੇ ਖਿਡਾਰੀ ਹੁਣ ਸੂਬਾ ਪੱਧਰੀ ਖੇਡਾਂ ਵਿਚ ਵੀ ਮੱਲਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹਾ ਮਾਨਸਾ ਦੀ ਟੀਮ ਨੇ ਨੈੱਟਬਾਲ ਵਿਚ ਪਹਿਲਾ ਗੋਲਡ ਮੈਡਲ ਹਾਸਲ ਕੀਤਾ ਹੈ। ਉਨ੍ਹਾਂ ਖਿਡਾਰੀਆਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।