ਜ਼ਿਲ੍ਹੇ ਦੇ ਹਰ ਆਂਗਨਵਾੜੀ ਸੈਂਟਰ ਨੂੰ ਡਾਟਾ ਪੈਕੇਜ ਲਈ ਹਰ ਸਾਲ ਮਿਲਣਗੇ ਦੋ ਹਜ਼ਾਰ ਰੁਪਏ: ਡਿਪਟੀ ਕਮਿਸ਼ਨਰ

  • ਪੋਸ਼ਣ ਟਰੈਕਰ ਐਪ ਲਈ ਸਲਾਨਾਂ ਦਿੱਤੇ ਜਾਣਗੇ 13 ਲੱਖ 98 ਹਜ਼ਾਰ ਰੁਪਏ
  • ਪੰਜਾਬ ਸਰਕਾਰ ਵੱਲੋਂ ਪੋਸ਼ਣ ਅਭਿਆਨ ਨੂੰ ਪਾਰਦਰਸ਼ਤਾ ਨਾਲ ਲਾਗੂ ਕਰਨ ਲਈ ਜਾਰੀ ਕੀਤੇ ਗਏ ਆਦੇਸ਼

ਫ਼ਤਹਿਗੜ੍ਹ ਸਾਹਿਬ, 02 ਜੂਨ : ਆਂਗਨਵਾੜੀ ਵਰਕਰਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਨੇ ਹਰੇਕ ਆਂਗਨਵਾੜੀ ਕੇਂਦਰ ਨੂੰ 2 ਹਜ਼ਾਰ ਰੁਪਏ ਪ੍ਰਤੀ ਸਾਲ ਮੋਬਾਇਲ ਡਾਟਾ ਪੈਕੇਜ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਤਹਿਤ ਜ਼ਿਲ੍ਹੇ ਦੇ 699 ਆਂਗਨਵਾੜੀ ਕੇਂਦਰਾਂ ਨੂੰ 13 ਲੱਖ 98 ਹਜ਼ਾਰ ਰੁਪਏ ਸਲਾਨਾਂ ਦਿੱਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੋਸ਼ਣ ਅਭਿਆਨ ਦੇ ਰਿਕਾਰਡ ਵਾਸਤੇ ਅਤੇ ਇਸ ਅਭਿਆਨ ਦੇ ਜ਼ਮੀਨੀ ਪੱਧਰ ’ਤੇ ਨਿਰੀਖਣ ਲਈ ਪਿਛਲੇ ਸਮੇਂ ‘ਪੋਸ਼ਣ ਟਰੈਕਰ’ ਮੋਬਾਈਲ ਐਪ ਜਾਰੀ ਕੀਤੀ ਸੀ, ਜਿਸ ਨੂੰ ਚਲਾਉਣ ਵਾਸਤੇ ਆਂਗਣਵਾੜੀ ਵਰਕਰਾਂ ਨੂੰ 2000/- ਰੁਪਏ ਸਲਾਨਾਂ ਮੋਬਾਈਲ ਡੇਟਾ ਪੈਕੇਜ ਲਈ ਦਿੱਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਆਪਣੇ ਪੱਧਰ ਤੇ ਪੈਸੇ ਨਾ ਖਰਚਣੇ ਪੈਣ।  ਉਨ੍ਹਾਂ ਦੱਸਿਆ ਕਿ ਪੋਸ਼ਣ ਅਭਿਆਨ ਤਹਿਤ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਾਈ ਜਾਂਦੀ ਹੈ ਤਾਂ ਜੋ ਉਹ ਕੁਪੋਸ਼ਣ ਦਾ ਸ਼ਿਕਾਰ ਨਾ ਹੋਣ। ਇਸ ਅਭਿਆਨ ਨੂੰ ਜ਼ਮੀਨੀ ਪੱਧਰ ’ਤੇ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੀ ਇਸ ਐਪਲੀਕੇਸ਼ਨ ਦੀ ਵਰਤੋਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ ਤਾਂ ਜੋ ਆਂਗਣਵਾੜੀ ਵਰਕਰ ਅਤੇ ਹੈਲਪਰ ਪੋਸ਼ਣ ਸਬੰਧੀ ਸਾਰਾ ਰਿਕਾਰਡ ਇਸ ਐਪ ’ਤੇ ਅਪਲੋਡ ਕਰ ਸਕਣ ਤੇ ਹੁਣ ਸਮਰਪਿਤ ਡੇਟਾ ਪੈਕੇਜ ਆਂਗਣਵਾੜੀ ਵਰਕਰਾਂ ਨੂੰ ਮਿਲਣ ਨਾਲ ਇਸ ਅਭਿਆਨ ਨੂੰ ਹੋਰ ਬਿਹਤਰ ਤਰੀਕੇ ਨਾਲ ਲਾਗੂ ਕਰਨ ਵਿੱਚ ਮਦਦ ਮਿਲੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਡੇਟਾ ਪੈਕੇਜ ਦੀ ਵੰਡ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ, ਜਿਸ ਨਾਲ ਆਂਗਣਵਾੜੀ ਵਰਕਰਾਂ ਨੂੰ ਆਪਣੇ ਸਮਾਰਟਫ਼ੋਨ ਰਾਹੀਂ ਪੋਸ਼ਨ ਟਰੈਕਰ ਦੀ ਬਿਹਤਰ ਵਰਤੋਂ ਕਰਨ ਦੇ ਯੋਗ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਦੀ ਇਸ ਖੇਤਰ ਵਿੱਚ ਬਿਹਤਰੀਨ ਕਾਰਗੁਜ਼ਾਰੀ ਬਦਲੇ ਕ੍ਰਮਵਾਰ 500 ਰੁਪਏ ਅਤੇ 250 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਨਾਲ ਉਨ੍ਹਾਂ ਦਾ ਉਤਸ਼ਾਹ ਵਧਾਇਆ ਜਾਵੇਗਾ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ, ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਵੀ ਪੂਰਾ ਖਿਆਲ ਰੱਖ ਰਹੀ ਹੈ।