ਚੋਣਾਂ ਦੌਰਾਨ ਵੋਟਿੰਗ ਮਸ਼ੀਨਾਂ ਦੀ ਵਰਤੋਂ ਬਾਰੇ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਈ.ਵੀ.ਐਮ. ਪ੍ਰਦਰਸ਼ਨੀ ਕੇਂਦਰ ਸਥਾਪਿਤ-ਜ਼ਿਲ੍ਹਾ ਚੋਣ ਅਫ਼ਸਰ

  • ਈ.ਵੀ.ਐਮ. ਪ੍ਰਦਰਸ਼ਨੀ ਕੇਂਦਰ ’ਚ ਪਹੁੰਚ ਕੇ ਭਾਰਤ ਚੋਣ ਕਮਿਸ਼ਨ ਦੀ ਮੁਹਿੰਮ ਦਾ ਹਿੱਸਾ ਬਣਨ ਵੋਟਰ-ਪਰਮਵੀਰ ਸਿੰਘ

ਮਾਨਸਾ, 22 ਦਸੰਬਰ : ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਆਮ ਜਨਤਾ ਨੂੰ ਵੋਟਿੰਗ ਮਸ਼ੀਨਾਂ (ਈ.ਵੀ.ਐਮ/ਵੀ.ਵੀ.ਪੈਟ) ਸਬੰਧੀ ਜਾਗਰੂਕ ਕਰਨ ਲਈ ਜਿਲ੍ਹਾ ਪੱਧਰ ਅਤੇ ਵਿਧਾਨ ਸਭਾ ਚੋਣ ਹਲਕਾ ਪੱਧਰ ’ਤੇ ਈ.ਵੀ.ਐਮ ਪ੍ਰਦਰਸ਼ਨੀ ਕੇਂਦਰ ਸਥਾਪਿਤ ਕੀਤੇ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪੱਧਰੀ ਪ੍ਰਦਰਸ਼ਨੀ ਕੇਂਦਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਦੂਜੀ ਮੰਜਿਲ, ਕਮਰਾਂ ਨੰਬਰ 45 ਦੇ ਬਾਹਰ ਸਥਾਪਿਤ ਕੀਤਾ ਗਿਆ ਹੈ। ਇਸ ਪ੍ਰਦਰਸ਼ਨੀ ਕੇਂਦਰ ’ਤੇ ਆਮ ਜਨਤਾ ਨੂੰ ਰੋਜ਼ਾਨਾ ਸਵੇਰੇ 10.00 ਵਜੇ ਤੋਂ ਸ਼ਾਮ 04.00 ਵਜੇ ਤੱਕ ਈ.ਵੀ.ਐਮ ਦੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ  ਵਿਧਾਨ ਸਭਾ ਚੋਣ ਹਲਕਾ ਪੱਧਰ ’ਤੇ ਵੀ ਇਸ ਤਰ੍ਹਾਂ ਦੇ ਈ.ਵੀ.ਐਮ ਪ੍ਰਦਰਸ਼ਨੀ ਕੇਂਦਰ ਸਥਾਪਿਤ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇੰਨ੍ਹਾਂ ਪ੍ਰਦਰਸ਼ਨੀ ਕੇਂਦਰਾਂ ’ਤੇ ਪਹੁੰਚ ਕੇ ਕੋਈ ਵੀ ਨਾਗਰਿਕ ਈ.ਵੀ.ਐਮ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ ਅਤੇ ਆਪਣੀ ਤਸੱਲੀ ਲਈ ਈ.ਵੀ.ਐਮ ਰਾਹੀਂ ਵੋਟ ਪਾ ਕੇ ਆਪਣੀ ਵੋਟ ਤਸਦੀਕ ਕਰ ਸਕਦਾ ਹੈ।  ਉਨ੍ਹਾਂ ਲੋਕਾ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 10.00 ਵਜੇ ਤੋਂ ਸ਼ਾਮ 04.00 ਵਜੇ ਤੱਕ ਇਸ ਈ.ਵੀ.ਐਮ ਪ੍ਰਦਰਸ਼ਨੀ ਕੇਂਦਰ ਵਿੱਚ ਪਹੁੰਚ ਕੇ ਭਾਰਤ ਚੋਣ ਕਮਿਸ਼ਨ ਦੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।