ਕਿਸਾਨਾਂ ਵੱਲੋਂ ਭਾਰਤ ਬੰਦ ਦਾ ਐਲਾਨ, 16 ਤਰੀਕ ਨੂੰ ਨਹੀਂ ਚੱਲਣਗੀਆਂ ਬੱਸਾਂ-ਰੇਲਾਂ

ਲੁਧਿਆਣਾ, 10 ਫਰਵਰੀ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਵੱਲੋਂ ਲੁਧਿਆਣਾ ‘ਚ ਹੰਗਾਮੀ ਬੈਠਕ ਕੀਤੀ ਗਈ, ਜਿਸ ਵਿੱਚ 16 ਤਰੀਕ ਨੂੰ ਭਾਰਤ ਬੰਦ ਦੇ ਸੱਦੇ ਨੂੰ ਲੈਕੇ ਵਿਚਾਰ ਚਰਚਾ ਕੀਤੀ ਗਈ। ਦੇਸ਼ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਰਣਨੀਤੀ ਦਾ ਖੁਲਾਸਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਲੁਧਿਆਣਾ ਵਿਖੇ ਹੋਈ ਮੀਟਿੰਗ ਦੌਰਾਨ ਜਥੇਬੰਦੀ ਦੇ ਪੰਜਾਬ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਲੱਖੋਵਾਲ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਸ਼ਹਿ ਦਿੱਤੀ ਜਾ ਰਹੀ ਹੈ। ਇਸਦੇ ਵਿਰੋਧ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਕੀਤਾ ਜਾ ਰਿਹਾ ਹੈ। ਇਸ ਤਹਿਤ ਸਾਰੇ ਸੜਕੀ ਅਤੇ ਰੇਲ ਆਵਾਜਾਈ ਨੂੰ ਬੰਦ ਕਰਨ ਸਣੇ ਟੋਲ ਪਲਾਜ਼ਿਆਂ ਨੂੰ ਵੀ ਫ੍ਰੀ ਕੀਤਾ ਜਾਵੇਗਾ। ਇਸ ਦੌਰਾਨ ਸਕੂਲੀ ਵਿਦਿਆਰਥੀਆਂ, ਵਿਆਹਾਂ ਦੀ ਬਾਰਾਤ,ਐਂਬੂਲੈਂਸ ਆਦਿ ਵਰਗੀਆਂ ਜ਼ਰੂਰੀ ਸੇਵਾਵਾਂ ਦੀ ਇਜਾਜ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ 12 ਤੋਂ 4 ਵਜੇ ਤਕ ਸੜਕੀ ਆਵਾਜਾਈ ਅਤੇ ਰੇਲ ਆਵਾਜਾਈ ਤੋਂ ਇਲਾਵਾ ਸ਼ਹਿਰ ਵਿਚ ਬਜ਼ਾਰ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਕੁਝ ਕਿਸਾਨ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਭਰੋਸੇ ਵਿੱਚ ਲਏ ਬਿਨਾਂ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਉਹ ਇਸ ਦਾ ਸਮਰਥਨ ਨਹੀਂ ਕਰਦੇ। ਪਰ ਜੇਕਰ ਦਿੱਲੀ ਕੂਚ ਕਰ ਰਹੇ ਕਿਸਾਨਾਂ ਤੇ ਕੋਈ ਤਸ਼ੱਦਦ ਹੋਇਆ ਜਾਂ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਬਾਕੀ ਜਥੇਬੰਦੀਆਂ ਵੀ ਉਹਨਾਂ ਦਾ ਸਮਰਥਨ ਕਰਨਗੀਆਂ ਅਤੇ ਕੇਂਦਰ ਸਰਕਾਰ ਖਿਲਾਫ ਮੈਦਾਨ ਵਿੱਚ ਉਤਰਨਗੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ 12 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਤੋਂ ਆਸ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਪੂਰਾ ਕਰਨ ਦੀ ਅਪੀਲ ਕੀਤੀ।