ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਕਿਸਾਨਾਂ ਦਾ ਸਹਿਯੋਗ ਬਹੁਤ ਜ਼ਰੂਰੀ-ਡਿਪਟੀ ਕਮਿਸ਼ਨਰ

  • ਕਿਹਾ, ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਸਬਸਿਡੀ ਵਾਲੇ ਸੰਦਾਂ ਦਾ ਲਾਭ ਜ਼ਰੂਰਤਮੰਦ ਕਿਸਾਨਾਂ ਨੂੰ ਹੀ ਮਿਲੇ
  • ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਖੇਤਾਂ ਵਿੱਚ ਹੀ ਕੀਤਾ ਜਾ ਸਕਦਾ ਹੈ
  • ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਿਸਾਨ ਜਥੇਬੰਦੀਆਂ ਦੇ ਨੁੰਮਾਇੰਦਿਆਂ ਨਾਲ ਮੀਟਿੰਗ

ਫਾਜ਼ਿਲਕਾ 26 ਸਤੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਵੱਲੋਂ ਝੋਨੇ ਦੀ ਕਟਾਈ ਦੇ ਆਗਾਮੀ ਸੀਜ਼ਨ ਨੂੰ ਦੇਖਦਿਆਂ ਪਰਾਲੀ ਪ੍ਰਬੰਧਨ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਦੇ ਨੁੰਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸੰਜੀਵ ਕੁਮਾਰ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਚੀਮਾ ਵੀ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਫਾਜ਼ਿਲਕਾ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਸਮੂਹ ਕਿਸਾਨਾਂ ਤੋਂ ਝੋਨੇ ਦੀ ਪਰਾਲੀ ਦੇ ਹੱਲ ਲਈ ਸੁਝਾਵ ਲਏ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਦਾ ਨਿਪਟਾਰਾ ਸੁਪਰਸੀਡਰ, ਪਲੋਅ ਅਤੇ ਸਰਫੇਸ ਸੀਡਰ ਦੀ ਮਦਦ ਨਾਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾ ਕੇ ਵੀ ਚੁਕਵਾ ਸਕਦੇ ਹਨ ਤੇ ਇਸ ਲਈ ਥਾਵਾਂ ਵੀ ਨਿਰਧਾਰਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਪਰਾਲੀ ਦੇ ਰੱਖ-ਰਖਾਵ ਵਿੱਚ ਥਾਵਾਂ ਦੀ ਘਾਟ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਹ ਪਹਿਲਾਂ ਤੋਂ ਹੀ ਪਰਾਲੀ ਦੇ ਰੱਖ ਰਖਾਵ ਲਈ ਹੋਰ ਥਾਵਾਂ ਦੇ ਪ੍ਰਬੰਧ ਕਰ ਸਕਣ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦਾ ਨਿਪਟਾਰਾ ਖੇਤਾਂ ਵਿੱਚ ਕਰਨ ਵਾਲੇ ਸੰਦਾਂ ਤੇ ਕਿਸਾਨਾਂ ਸਬਸਿਡੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ ਤੇ ਕਿਸਾਨ ਇਨ੍ਹਾਂ ਸਕੀਮਾਂ ਦਾ ਲਾਭ ਜ਼ਰੂਰ ਲੈਣ ਤਾਂ ਜੋ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਸਾਨਾਂ ਨਾਲ ਵਿਚਾਰ ਚਰਚਾ ਕਰਨ ਉਪਰੰਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਸਬਸਿਡੀ ਵਾਲੇ ਸੰਦਾਂ ਦਾ ਲਾਭ ਜ਼ਰੂਰਤਮੰਦ ਕਿਸਾਨਾਂ ਨੂੰ ਦਿੱਤਾ ਜਾਵੇ ਤੇ ਜੋ ਵੀ ਪਰਾਲੀ ਦੇ ਨਿਪਟਾਰੇ ਦੇ ਸਬਸਿਡੀ ਵਾਲੇ ਸੰਦ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੁਹੱਈਆ ਕਰਵਾਏ ਗਏ ਹਨ ਦੀ ਸੰਪੂਰਨ ਰਿਪੋਰਟ ਉਨ੍ਹਾਂ ਨੂੰ ਵੀ ਦਿੱਤੀ ਜਾਵੇ ਤਾਂ ਜੋ ਯੋਗ ਕਿਸਾਨਾਂ ਨੂੰ ਸਬਸਿਡੀ ਵਾਲੇ ਸੰਦ ਮਿਲ ਸਕਣ।  ਉਨ੍ਹਾਂ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ/ਕੋਆਪ੍ਰੇਟਿਵ ਸੁਸਾਇਟੀਆਂ ਨੂੰ ਦਿੱਤੇ ਸਬਸਿਡੀ ਸੰਦਾਂ ਬਾਰੇ ਜਾਣਕਾਰੀ ਪਿੰਡਾਂ ਦੇ ਕਿਸਾਨਾਂ ਨੂੰ ਵੀ ਹੋਣੀ ਚਾਹੀਦੀ ਹੈ ਤਾਂ ਜੋ ਛੋਟੇ ਕਿਸਾਨ ਵੀ ਇਨ੍ਹਾਂ ਸੰਦਾਂ ਦੀ ਵਰਤੋਂ ਕਰ ਸਕਣ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਆਧੁਨਿਕ ਸੰਦਾਂ ਨਾਲ ਪਰਾਲੀ ਦਾ ਆਪਣੀ ਜਮੀਨ ਵਿੱਚ ਹੀ ਨਿਪਟਾਰਾ ਕਰਨ ਜਾਂ ਫਿਰ ਪਰਾਲੀ ਦੀਆਂ ਗੱਠਾਂ ਬਣਵਾ ਕੇ ਚੁਕਵਾ ਕੇ ਅਗਲੀ ਫਸਲ ਦੀ ਬਿਜਾਈ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਤੋਂ ਬਾਅਦ ਪੈਦਾ ਹੋਏ ਧੂੰਏ ਨਾਲ ਅਨੇਕਾਂ ਹੀ ਸਾਹ ਅਤੇ ਚਮੜੀ ਦੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ ਅਤੇ ਇਸ ਤੋਂ ਇਲਾਵਾ ਸਾਡੀ ਜਮੀਨ ਦੀ ਉਪਜਾਊ ਸਕਤੀ ਵੀ ਘਟਦੀ ਹੈ। ਸੋ ਸਾਰੇ ਕਿਸਾਨ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ।