ਕਿਸਾਨ ਆਪਣੇ ਖੇਤ ਦੀ ਮਿੱਟੀ ਦੀ ਪਰਖ ਜਰੂਰ ਕਰਵਾਉਣ : ਮੁੱਖ ਖੇਤੀਬਾੜੀ ਅਫਸਰ

  • ਮਿੱਟੀ ਦੀ ਪਰਖ ਕਰਵਾ ਕੇ ਖੇਤੀ ਲਈ ਲੋੜੀਂਦੀਆਂ ਵਸਤਾਂ ਦਾ ਲਾਇਆ ਜਾ ਸਕਦੈ ਪਤਾ
  • ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡਾਂ ਵਿੱਚ ਕਿਸਾਨਾਂ ਦੇ ਖੇਤਾਂ ਦੀ ਮਿੱਟੀ ਦੇ ਭਰੇ ਜਾ ਰਹੇ ਸੈਂਪਲ

ਫ਼ਤਹਿਗੜ੍ਹ ਸਾਹਿਬ, 28 ਅਕਤੂਬਰ : ਮੁੱਖ ਖੇਤੀਬਾੜੀ ਅਫਸਰ ਸ਼੍ਰੀ ਰੰਗੀਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਟੀਮਾਂ ਵੱਲੋਂ ਖੇੜਾ ਬਲਾਕ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਮਿੱਟੀ ਦੇ ਸੈਂਪਲ ਭਰੇ ਜਾ ਰਹੇ ਹਨ ਜੋ ਕਿ ਬਹੁਤ ਜਰੂਰੀ ਹਨ। ਉਨ੍ਹਾਂ ਕਿਹਾ ਕਿ ਮਿੱਟੀ ਪਰਖ ਰਾਹੀਂ ਖਾਦਾਂ ਦੀ ਸੁਚੱਜੀ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਖਾਦਾਂ ਦੀ ਦੁਰਵਰਤੋਂ ਨਾ ਕੇਵਲ ਭੂਮੀ ਅਤੇ ਫਸਲਾਂ ਦੀ ਸਿਹਤ ਤੇ ਮਾੜਾ ਅਸਰ ਪਾਉਂਦੀ ਹੈ ਸਗੋਂ ਇਸ ਨਾਲ ਵਾਤਾਵਰਣ ਵੀ ਗੰਧਲਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮਿੱਟੀ ਪਰਖ ਤੋਂ ਜਮੀਨ ਦੀ ਉਪਜਾਊ ਸ਼ਕਤੀ ਅਤੇ ਮਿੱਟੀ ਵਿੱਚ ਉਪਲਬਧ ਜਰੂਰੀ ਤੱਤਾਂ ਦੀ ਜਾਣਕਾਰੀ ਹਾਸਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀਆਂ ਖਾਦਾਂ ਦੀ ਮਾਤਰਾ ਦਰਮਿਆਨੇ ਦਰਜੇ ਦੀਆਂ ਜਮੀਨਾ ਲਈ ਢੁਕਵੀਂ ਹੈ ਜਦ ਕਿ ਮਿੱਟੀ ਪਰਖ ਦੇ ਆਧਾਰ ਤੇ ਖਾਦਾਂ ਦੀ ਵਰਤੋਂ ਨੂੰ ਘਟਾਇਆ ਜਾਂ ਵਧਾਇਆ ਜਾ ਸਕਦਾ ਹੈ। ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਮਿੱਟੀ ਪਰਖ ਰਾਹੀਂ ਖਾਦਾਂ ਦੀ ਸੁਚੱਜੀ ਵਰਤੋਂ ਜਮੀਨ ਦੀ ਸਿਹਤ ਲਈ ਲਾਹੇਵੰਦ ਹੈ ਇਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ ਅਤੇ ਖੇਤੀ ਖਰਚੇ ਵੀ ਘੱਟਦੇ ਹਨ। ਇਸ ਮੌਕੇ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਸ਼੍ਰੀ ਜਤਿੰਦਰ ਸਿੰਘ ਨੇ ਮਿੱਟੀ ਦੇ ਸੈਂਪਲ ਲੈਣ ਲਈ ਢੰਗਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿੱਟੀ ਦਾ ਸੈਂਪਲ ਲੈਣ ਲਈ ਜਮੀਨ ਦੀ ਉਪਰਲੀ ਤਹਿ ਤੋਂ ਘਾਸ ਫੂਸ ਪਰੇ ਕਰ ਦੇਣਾ ਚਾਹੀਦਾ ਹੈ ਅਤੇ ਮਿੱਟੀ ਨੂੰ ਖੁਰਚਣਾ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਕਹੀ ਜਾਂ ਖੁਰਪੇ ਨਾਲ ਅੰਗਰੇਜੀ ਦੀ V ਸ਼ਕਲ ਦਾ 6 ਇੰਚ ਡੂੰਘਾ ਟੋਇਆ ਪੁੱਟਣਾ ਚਾਹੀਦਾ ਹੈ ਅਤੇ ਇਸ ਦੇ ਸਿੱਧੇ ਪਾਸੇ ਇੱਕ ਇੰਚ ਮਿੱਟੀ ਦੀ ਤਹਿ ਉਪਰੋਂ ਥੱਲਿਓਂ ਇਕਸਾਰ ਕੱਟਣਾ ਚਾਹੀਦਾ ਹੈ। ਇਸ ਤਰ੍ਹਾਂ 7-8 ਥਾਵਾਂ ਤੋਂ ਹੋਰ ਮਿੱਟੀ ਦੇ ਸੈਂਪਲ ਲੈਣੇ ਚਾਹੀਦੇ ਹਨ ਅਤੇ ਸਾਰੇ ਨਮੂਨੇ ਸਾਫ ਬਰਤਨ ਜਾਂ ਕੱਪੜੇ ਤੇ ਚੰਗੀ ਤਰ੍ਹਾਂ ਮਿਲਾਉਣੇ ਚਾਹੀਦੇ ਹਨ। ਮਿੱਟੀ ਦੇ ਸੈਂਪਲ ਇਕੱਠੇ ਕਰਕੇ ਖੇਤੀਬਾੜੀ ਵਿਭਾਗ ਦੇ ਦਫ਼ਤਰ ਵਿੱਚ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਦੇ ਖੇਤ ਵਿੱਚ ਮਿੱਟੀ ਦਾ ਸੈਂਪਲ ਭਰਿਆ ਜਾਂਦਾ ਹੈ ਉਸ ਦਾ ਇੱਕ ਕਿਓ ਆਰ ਕੋਡ ਜਨਰੇਟ ਕੀਤਾ ਜਾਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੁੰ ਖੇਤਾਂ ਵਿੱਚ ਹੀ ਮਿਲਾ ਦਿੱਤਾ ਜਾਵੇ। ਮਿੱਟੀ ਦੇ ਸੈਂਪਲ ਲੈਣ ਵਾਲੀ ਟੀਮ ਦੇ ਮੈਂਬਰ ਲੈਬ ਸਹਾਇਕ ਰਾਜਪਾਲ ਸਿੰਘ ਤੇ ਐਲ.ਏ. ਬਲਜੀਤ ਸਿੰਘ ਨੇ ਪਿੰਡ ਮਾਨੂਪੁਰ ਦੇ ਕਿਸਾਨਾਂ ਦੇ ਖੇਤਾਂ ਵਿੱਚੋਂ ਮਿੱਟੀ ਦੇ ਸੈਂਪਲ ਭਰੇ।