ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ: ਕਟਾਰੂਚੱਕ

  • ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ, ਨਾਲੋ-ਨਾਲ ਲਿਫਟਿੰਗ ਤੇ 24 ਘੰਟੇ ਵਿੱਚ ਅਦਾਇਗੀ ਦੇ ਕੀਤੇ ਗਏ ਪੁਖਤਾ ਪ੍ਰਬੰਧ
  • ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਮੰਡੀਆਂ ਵਿੱਚ ਰਾਤਾਂ ਨਹੀਂ ਕੱਟਣ ਦੇਵਾਂਗੇ
  • ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 1.77 ਲੱਖ ਮੀਟਰਿਕ ਟਨ ਝੋਨੇ ਦੀ ਹੋਈ ਖਰੀਦ
  • ਮੁੱਖ ਮੰਤਰੀ ਭਗਵੰਤ ਮਾਨ ਖਰੀਦ ਪ੍ਰਕ੍ਰਿਆ ਤੇ ਰੱਖ ਰਹੇ ਤਿੱਖੀ ਨਜ਼ਰ
  • ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 05 ਅਕਤੂਬਰ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਸੂਬੇ ਦੀਆਂ 1854 ਮੰਡੀਆਂ ਵਿੱਚ ਝੋਨੇ ਦੀ ਖਰੀਦ, ਖਰੀਦੇ ਗਏ ਝੋਨੇ ਦੀ ਨਾਲੋ-ਨਾਲ ਲਿਫਟਿੰਗ ਕਰਵਾਉਣ ਤੇ ਖਰੀਦੇ ਗਏ ਝੋਨੇ ਦੀ 24 ਘੰਟੇ ਵਿੱਚ ਅਦਾਇਗੀ ਕਰਨ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਗਈ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਇਹ ਐਲਾਨ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੇਂਦਰੀ ਪੂਲ ਲਈ 182 ਲੱਖ ਮੀਟਰਿਕ ਟਨ ਦਾ ਟੀਚਾ ਦਿੱਤਾ ਗਿਆ ਹੈ ਜਿਸ ਨੂੰ ਪੂਰਾ ਕਰਨ ਲਈ ਪੂਰੀ ਸੰਜੀਦਗੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਪਿੰਡ ਜਲਵੇੜਾ ਦੇ ਕਿਸਾਨ ਸਤਨਾਮ ਸਿੰਘ ਦਾ ਮੂੰਹ ਮਿੱਠਾ ਕਰਵਾ ਕੇ ਫਸਲ ਦੀ ਬੋਲੀ ਕਰਵਾਈ ਤੇ ਮੰਡੀ ਵਿੱਚ ਮੌਜੂਦ ਮਜ਼ਦੂਰਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਸਰਕਾਰ ਕੋਲ ਅਕਤੂਬਰ ਮਹੀਨੇ ਵਿੱਚ ਹੀ 37 ਹਜ਼ਾਰ ਕਰੋੜ ਰੁਪਏ ਦੀ ਸੀ.ਸੀ.ਐਲ. ਪ੍ਰਾਪਤ ਹੋ ਚੁੱਕੀ ਹੈ ਅਤੇ ਮੰਡੀਆਂ ਵਿੱਚ ਲੋੜੀਂਦੇ ਬਾਰਦਾਨੇ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਕਿਸਾਨਾਂ ਨੂੰ ਦੀਵਾਲੀ ਤੇ ਵਿਸਾਖੀ ਵਰਗੇ ਅਹਿਮ ਤਿਓਹਾਰਾਂ ਮੌਕੇ ਵੀ ਆਪਣੀ ਫਸਲ ਵੇਚਣ ਲਈ ਮੰਡੀਆਂ ਵਿੱਚ ਹੀ ਰਾਤਾਂ ਕੱਟਣੀਆਂ ਪੈਂਦੀਆਂ ਸਨ ਪ੍ਰੰਤੂ ਸਾਡੀ ਸਰਕਾਰ ਨੇ ਤਹੱਈਆ ਕੀਤਾ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਰਾਤਾਂ ਨਹੀਂ ਕੱਟਣ ਦੇਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਫਸਲ ਦੇ ਤੈਅ ਸਮੇਂ ਅੰਦਰ ਅਦਾਇਗੀ ਕਰਨ ਲਈ ਕੀਤੇ ਪ੍ਰਬੰਧਾਂ ਕਰਨ ਹੁਣ ਤੱਕ 24 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਵਿਕਣ ਲਈ ਆਉਣ ਵਾਲੀ ਫਸਲ ਦੀ ਨਮੀਂ ਚੈੱਕ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆ ਹਨ ਜੋ ਕਿ ਮੰਡੀਆਂ ਦੇ ਗੇਟ ਤੇ ਹੀ ਫਸਲ ਦੀ ਨਮੀਂ ਚੈੱਕ ਕਰਨਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਬਾਹਰਲੇ ਸੂਬਿਆਂ ਤੋਂ ਆਉਣ ਵਾਲੀ ਫਸਲ ਨੂੰ ਪੰਜਾਬ ਅੰਦਰ ਵੇਚਣ ਲਈ ਆਉਣ ਤੋਂ ਰੋਕਣ ਲਈ ਇੰਟਰ ਸਟੇਟ ਨਾਕੇ ਵੀ ਲਗਾਏ ਗਏ ਹਨ ਜਿਥੇ ਕਿ 24 ਘੰਟੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਲਿਫਟਿੰਗ ਦੀ ਪ੍ਰਕ੍ਰਿਆ ਨੂੰ ਪਾਰਦਰਸ਼ੀ ਬਣਾਉਣ ਲਈ ਲਿਫਟਿੰਗ ਵਾਲੇ ਵਾਹਨਾਂ ਤੇ  ਜੀ.ਪੀ.ਐਸ. ਟਰੈਕਰ ਵੀ ਲਗਾਏ ਗਏ ਹਨ ਤਾਂ ਜੋ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ। ਪੱਤਰਕਾਰਾਂ ਵੱਲੋਂ ਆਟਾ ਦਾਲ ਸਕੀਮ ਅਧੀਨ ਬਣਾਏ ਜਾਂਦੇ ਨੀਲੇ ਕਾਰਡਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਇੱਕ ਪੋਰਟਲ ਲਾਂਚ ਕਰਨ ਜਾ ਰਹੀ ਹੈ ਜਿਸ ਤੇ ਨਵੇਂ ਕਾਰਡ ਬਣਾਉਣ ਜਾਂ ਕੱਟੇ ਗਏ ਕਾਰਡਾਂ ਬਾਰੇ ਆਨ ਲਾਇਨ ਅਪਲਾਈ ਕੀਤਾ ਜਾ ਸਕੇਗਾ ਜਿਸ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਇਸ ਮੌਕੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਸੁੱਕਾ ਕੇ ਹੀ ਲਿਆਂਦੀ ਜਾਵੇ ਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਜ਼ਮੀਨ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦਿੱਤੀ ਜਾਵੇ। ਪੱਤਰਕਾਰਾਂ ਵੱਲੋਂ ਮੰਡੀਆਂ ਸਬੰਧੀ ਕੀਤੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਆਗੂ ਮੰਡੀਆਂ ਵਿੱਚ ਨਿੱਜੀ ਤੌਰ ਤੇ ਦੌਰੇ ਕਰਕੇ ਖਰੀਦ ਪ੍ਰਕ੍ਰਿਆ ਤੇ ਨਜ਼ਰ ਰੱਖ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਕਿਸਾਨਾਂ ਵੱਲੋਂ ਮੁਆਵਜ਼ਾ ਲੈਣ ਸਬੰਧੀ ਦਿੱਤੇ ਜਾ ਰਹੇ ਧਰਨਿਆਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਤਾਂ ਪਿਛਲੀਆਂ ਸਰਕਾਰਾਂ ਵੱਲੋਂ ਨਾ ਦਿੱਤੇ ਗਏ ਮੁਆਵਜ਼ੇ ਵੀ ਦਿੱਤੇ ਹਨ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੀਆਂ ਲੋੜਾਂ ਤੋਂ ਚੰਗੀ ਤਰ੍ਹਾਂ ਜਾਣੂ ਹੈ ਅਤੇ ਦੇਸ਼ ਦੇ ਅੰਨਦਾਤਾ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਸਹਾਇਕ ਕਮਿਸ਼ਨਰ (ਜ) ਸ਼੍ਰੀ ਅਭਿਸ਼ੇਕ ਸ਼ਰਮਾ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀ ਐਚ.ਐਸ. ਬਰਾੜ, ਜ਼ਿਲ੍ਹਾ ਮੰਡੀ ਅਫਸਰ ਸ਼੍ਰੀ ਮਨਦੀਪ ਸਿੰਘ, ਸਹਾਇਕ ਫੂਡ ਸਪਲਾਈ ਅਫਸਰ ਸਰਹਿੰਦ ਸ਼੍ਰੀ ਕੇਵਲ ਸਿੰਘ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ਼੍ਰੀ ਗੁਰਵਿੰਦਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਚਨਾਰਥਲ ਦੇ ਚੇਅਰਮੈਨ ਸ਼੍ਰੀ ਰਸ਼ਪਿੰਦਰ ਸਿੰਘ ਰਾਜਾ, ਆਮ ਆਦਮੀ ਪਾਰਟੀ ਦੇ ਆਗੂ ਕੰਵਰਬੀਰ ਸਿੰਘ ਰਾਏ, ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ, ਗੁਰਸਤਿੰਦਰ ਸਿੰਘ ਜੱਲ੍ਹਾ, ਐਡਵਕੋਟ ਸੁਰੇਸ਼ ਕੁਮਾਰ, ਪਵੇਲ ਹਾਂਡਾ, ਸਤੀਸ਼ ਲਟੌਰ, ਆੜਤੀ ਐਸੋਸੀਏਸ਼ਨ ਦ ਸਾਧੂ ਰਾਮ ਭੱਟਮਾਜਰਾ, ਇੰਦਰਜੀਤ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਤੇ ਸਬੰਧਤ ਅਧਿਕਾਰੀ ਹਾਜਰ ਸਨ।