ਜ਼ਿਲ੍ਹਾ ਬਰਨਾਲਾ ਵਿੱਚ ਖੋਲ੍ਹੇ ਜਾਣਗੇ ਪੰਜਵੇਂ ਪੜਾਅ ਦੇ ਆਮ ਆਦਮੀ ਕਲੀਨਿਕ

  • ਡਿਪਟੀ ਕਮਿਸ਼ਨਰ ਵਲੋਂ ਵੱਖ - ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਬਰਨਾਲਾ, 30 ਅਗਸਤ : ਜ਼ਿਲ੍ਹਾ ਬਰਨਾਲਾ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਮਿਲੇ ਹੁੰਗਾਰੇ ਨੂੰ ਦੇਖਦੇ ਹੋਏ ਕੈਬਨਿਟ ਮੰਤਰੀ ਗੁਰਮੀਤ ਸਿੰਘ Meet Hayer ਦੇ ਦਿਸ਼ਾ - ਨਿਰਦੇਸ਼ਾਂ ਤਹਿਤ ਪੰਜਵੇਂ ਪੜਾਅ ਤਹਿਤ ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਤਿਆਰੀ ਹੈ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਲੋਂ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਹੁਣ ਤੱਕ 11 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ, ਜਿਨ੍ਹਾਂ ਰਾਹੀਂ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਣ 5ਵੇਂ ਪੜਾਅ ਤਹਿਤ ਨਵੇਂ ਕਲੀਨਿਕ ਖੋਲ੍ਹੇ ਜਾਣਗੇ, ਜਿਨ੍ਹਾਂ ਵਾਸਤੇ ਬਰਨਾਲਾ ਸ਼ਹਿਰ, ਹੰਡਿਆਇਆ, ਭਦੌੜ ਆਦਿ ਤੋਂ ਇਲਾਵਾ ਹੋਰ ਸ਼ਹਿਰੀ/ ਪੇਂਡੂ ਖੇਤਰਾਂ ਵਿਚ ਢੁਕਵੀਆਂ ਥਾਵਾਂ ਦੀ ਭਾਲ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾ ਸਕਣ। ਇਸ ਮੌਕੇ ਸਿਵਲ ਸਰਜਨ ਡਾਕਟਰ ਜਸਬੀਰ ਔਲਖ ਨੇ ਦੱਸਿਆ ਕਿ ਜ਼ਿਲ੍ਹੇ ਦਾ 11ਵਾਂ ਆਮ ਆਦਮੀ ਕਲੀਨਿਕ ਭੈਣੀ ਫੱਤਾ ਵਿਖੇ 14 ਅਗਸਤ 2023 ਨੂੰ ਸ਼ੁਰੂ ਕੀਤਾ ਗਿਆ ਹੈ ਤੇ ਹੁਣ ਅਗਲੇ ਪੜਾਅ ਦੇ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਤਿਆਰੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇਨ੍ਹਾਂ ਕਲੀਨਿਕਾਂ ਰਾਹੀਂ 74000 ਤੋਂ ਵੱਧ ਮਰੀਜ਼ਾਂ ਦੀ ਓ ਪੀ ਡੀ ਅਤੇ 12000 ਤੋਂ ਵੱਧ ਦੇ ਲੈਬ ਟੈਸਟ ਕੀਤੇ ਜਾ ਚੁੱਕੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲਾਂ ਦੇ ਕਾਰਜਸਾਧਕ ਅਫਸਰਾਂ ਅਤੇ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਵਿਭਾਗ ਨੂੰ ਢੁਕਵੀਆਂ ਥਾਵਾਂ ਦੀ ਭਾਲ ਕਰਨ ਅਤੇ ਲੋਕ ਨਿਰਮਾਣ ਵਿਭਾਗ ਨੂੰ ਟੈਂਡਰ ਸਬੰਧੀ ਪ੍ਰਕਿਰਿਆ ਦੇ ਨਿਰਦੇਸ਼ ਦਿੱਤੇ ਤਾਂ ਜੋ ਅਕਤੂਬਰ ਤੱਕ ਇਨ੍ਹਾਂ ਕਲੀਨਿਕਾਂ ਦਾ ਕੰਮ ਮੁਕੰਮਲ ਕੀਤਾ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸਤਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਰਿੰਦਰ ਸਿੰਘ ਧਾਲੀਵਾਲ, ਐਸ ਡੀ ਐਮ ਗੋਪਾਲ ਸਿੰਘ, ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ, ਓ ਐਸ ਡੀ ਹਸਨਪ੍ਰੀਤ ਭਾਰਦਵਾਜ ਤੇ ਹੋਰ ਅਧਿਕਾਰੀ ਹਾਜ਼ਰ ਸਨ।