ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਨੇ ਸਾਢੇ 12 ਹਜ਼ਾਰ ਤੋਂ ਵਧੇਰੇ ਅਧਿਆਪਕਾਂ ਨੂੰ ਇਕੱਠਿਆਂ ਪੱਕਾ ਕੀਤਾ : ਹਰਭਜਨ ਸਿੰਘ

  • ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ
  • ਕੈਬਨਿਟ ਮੰਤਰੀ ਵੱਲੋਂ ਅਚਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦਾ ਦੌਰਾ

ਕੋਟ ਈਸੇ ਖਾਂ, 4 ਅਗਸਤ : ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਅਚਾਨਕ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਨਾਲ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਅਤੇ ਹੋਰ ਹਾਜ਼ਰ ਸਨ। ਗੈਰ ਰਸਮੀ ਗੱਲਬਾਤ ਕਰਦਿਆਂ ਹਰਭਜਨ ਸਿੰਘ ਨੇ ਕਿਹਾ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਕਿਸੇ ਸੂਬਾ ਸਰਕਾਰ ਨੇ ਸਾਢੇ 12 ਹਜ਼ਾਰ ਤੋਂ ਵਧੇਰੇ ਅਧਿਆਪਕਾਂ ਨੂੰ ਇੱਕੋ ਸਮੇਂ ਪੱਕਾ ਕੀਤਾ ਹੋਵੇ। ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਜਿੱਥੇ ਸੂਬੇ ਵਿੱਚ ਸਿੱਖਿਆ ਦਾ ਪੱਧਰ ਬਹੁਤ ਉੱਚਾ ਹੋਵੇਗਾ ਉਥੇ ਹੀ ਲੰਮੇ ਸਮੇਂ ਤੋਂ ਪੱਕਾ ਹੋਣ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਨੂੰ ਵੀ ਸੁੱਖ ਦਾ ਸਾਹ ਆਇਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਭ ਤੋਂ ਪ੍ਰਮੁੱਖ ਤਰਜੀਹ ਸਿੱਖਿਆ ਖੇਤਰ ਵਿੱਚ ਸੁਧਾਰ ਕਰਨਾ ਹੈ।ਪੰਜਾਬ ਸਰਕਾਰ ਚਾਹੁੰਦੀ ਹੈ ਕਿ ਸੂਬੇ ਦੇ ਸਕੂਲਾਂ ਦੇ ਅਧਿਆਪਕ ਬੱਚਿਆਂ ਨੂੰ ਵਧੀਆ ਸਿੱਖਿਆ ਮੁਹਈਆ ਕਰਵਾਉਣ ਇਸੇ ਕਰਕੇ ਹੀ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹੋਰ ਦੇਸ਼ਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਜੇਕਰ ਸਕੂਲ ਮੁਖੀ ਚੰਗੇ ਹੋਣਗੇ ਤਾਂ ਸਕੂਲ ਦੇ ਨਤੀਜੇ ਵੀ ਵਧੀਆ ਆਉਣਗੇ। ਇਸੇ ਕਰਕੇ ਹੀ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਨੂੰ ਜਲਦ ਹੀ ਭਰਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਿੱਖਿਆ ਨੂੰ ਰੋਜ਼ਗਾਰ ਮੁਖੀ ਬਣਾਇਆ ਜਾ ਰਿਹਾ ਹੈ। ਬੱਚਿਆਂ ਨੂੰ ਤਕਨੀਕੀ ਸਿੱਖਿਆ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਕਰਕੇ ਹੀ ਸੂਬੇ ਵਿੱਚ ਸਕੂਲ ਆਫ ਐਮੀਨੇਂਸ ਖੋਲ੍ਹੇ ਜਾ ਰਹੇ ਹਨ। ਇਹਨਾਂ ਸਕੂਲਾਂ ਵਿੱਚ ਹੁਸ਼ਿਆਰ ਬੱਚਿਆਂ ਦੀ ਰੁਚੀ ਨੂੰ ਤਲਾਸ਼ ਕੇ ਉਹਨਾਂ ਨੂੰ ਢੁੱਕਵੀਂ ਸਿੱਖਿਆ ਦਿੱਤੀ ਜਾਵੇਗੀ ਤਾਂ ਜੌ ਉਹ ਆਪਣੀ ਰੁਚੀ ਮੁਤਾਬਿਕ ਆਪਣਾ ਖੇਤਰ/ਕਿੱਤਾ ਚੁਣ ਸਕਣ। ਉਹਨਾਂ ਕਿਹਾ ਕਿ ਉਹਨਾਂ ਦੇ ਦੌਰੇ ਦਾ ਮਕਸਦ ਸਕੂਲ ਦੀਆਂ ਲੋੜਾਂ ਨੂੰ ਜਾਣਨਾ ਅਤੇ ਉਹਨਾਂ ਨੂੰ ਦੂਰ ਕਰਨ ਲਈ ਯਤਨ ਕਰਨਾ ਹੈ। ਇਸ ਮੌਕੇ ਉਹਨਾਂ ਸਕੂਲ ਦੀ ਕਾਰਗੁਜ਼ਾਰੀ ਉੱਤੇ ਤਸੱਲੀ ਪ੍ਰਗਟ ਕੀਤੀ।