ਪੰਜ ਕੱਚੇ ਅਧਿਆਪਕ ਕਰੀਬ ਸੌ ਫੁੱਟ ਉੱਚੀ ਪਾਣੀ ਵਾਲੀ ਟੈਂਕੀ ਉਪਰ ਚੜ੍ਹਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸੰਗਰੂਰ, 13 ਜੂਨ : 8736 ਕੱਚੇ ਮੁਲਾਜ਼ਮ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਪੰਜ ਕੱਚੇ ਅਧਿਆਪਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ੀ ਕਲੋਨੀ ਤੋਂ ਨੇੜਲੇ ਪਿੰਡ ਖੁਰਾਣਾ ਵਿਖੇ ਕਰੀਬ ਸੌ ਫੁੱਟ ਉੱਚੀ ਪਾਣੀ ਵਾਲੀ ਟੈਂਕੀ ਉਪਰ ਚੜ੍ਹਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ, ਜਦੋਂ ਕਿ ਬਾਕੀ ਅਧਿਆਪਕਾਂ ਅਤੇ ਮੁਲਾਜ਼ਮਾਂ ਵਲੋਂ ਜ਼ੀਰਕਪੁਰ-ਬਠਿੰਡਾ ਨੈਸ਼ਨਲ ਹਾਈਵੇਅ ਉੱਪਰ ਆਵਾਜਾਈ ਠੱਪ ਕਰਕੇ ਧਰਨਾ ਲਗਾ ਦਿੱਤਾ। ਟੈਂਕੀ ਉਪਰ ਚੜ੍ਹੇ ਕੱਚੇ ਅਧਿਆਪਕਾਂ 'ਚ ਸੱਤ ਮਹਿਲਾ ਅਧਿਆਪਕਾਂ ਸ਼ਾਮਲ ਹਨ। ਟੈਂਕੀ ਉਪਰ ਚੜ੍ਹੇ ਅਧਿਆਪਕਾਂ ਵਲੋਂ ਇਸ ਨੂੰ ਗੁਪਤ ਐਕਸ਼ਨ ਪੀਬੀ-13 ਦਾ ਨਾਮ ਦਿੱਤਾ ਹੈ। ਕੱਚੇ ਅਧਿਆਪਕ ਅਤੇ ਮੁਲਾਜ਼ਮ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ। ਅੱਜ ਯੂਨੀਅਨ ਦੀ ਅਗਵਾਈ ਹੇਠ ਸਿੱਖਿਆ ਪ੍ਰੋਵਾਈਡਰ ਅਧਿਆਪਕ, ਦਫ਼ਤਰੀ ਕਰਮਚਾਰੀ, ਆਈਟੀਈ ਅਤੇ ਆਈਟੀਆਰਟੀ ਕੱਚੇ ਮੁਲਾਜ਼ਮ ਇਥੇ ਮਿਲਕ ਪਲਾਂਟ ਨੇੜੇ ਇਕੱਠੇ ਹੋਏ, ਜਿਥੋਂ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕਰਦੇ ਹੋਏ ਜ਼ੀਰਕਪੁਰ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਪੁੱਜੇ ਅਤੇ ਹਾਈਵੇਅ ਨੇੜਲੇ ਪਿੰਡ ਖੁਰਾਣਾ ਵਿਖੇ ਜਾ ਪੁੱਜੇ ਜਿਥੇ ਸੱਤ ਮਹਿਲਾ ਅਧਿਆਪਕਾਂ ਸਣੇ ਨੌਂ ਕੱਚੇ ਅਧਿਆਪਕ ਪਾਣੀ ਵਾਲੀ ਟੈਂਕੀ ’ਤੇ ਜਾ ਚੜ੍ਹੇ, ਜਦੋਂ ਕਿ ਬਾਕੀਆਂ ਨੇ ਟੈਂਕੀ ਹੇਠਾਂ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਟੈਂਕੀ ’ਤੇ ਚੜ੍ਹੇ ਅਧਿਆਪਕਾਂ ’ਚ ਰਵਿੰਦਰ ਕੌਰ ਸ਼ੇਰਪੁਰ, ਰਮਨਪ੍ਰੀਤ ਕੌਰ ਭਵਾਨੀਗੜ੍ਹ, ਇੰਦਰਜੀਤ ਸਿੰਘ ਮਾਨਸਾ, ਅਮਨਪ੍ਰੀਤ ਕੌਰ ਸ਼ੇਰਪੁਰ ਅਤੇ ਮਨਪ੍ਰੀਤ ਕੌਰ ਸੰਗਰੂਰ ਆਦਿ ਸ਼ਾਮਲ ਹਨ। ਕਰੀਬ ਬਾਅਦ ਦੁਪਹਿਰ ਸਾਢੇ ਤਿੰਨ ਵਜੇ ਕੱਚੇ ਅਧਿਆਪਕਾਂ ਵਲੋਂ ਨੈਸ਼ਨਲ ਹਾਈਵੇਅ ਉਪਰ ਧਰਨਾ ਵੀ ਸ਼ੁਰੂ ਕਰ ਦਿੱਤਾ ਹੈ। ਯੂਨੀਅਨ ਆਗੂ ਇੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਰਜ਼ੀ ਅਧਿਆਪਕਾਂ ਨੂੰ ਪੱਕਾ ਕਰਨ ਦਾ ਦਾਅਵਾ ਝੂਠਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇ 10 ਜੂਨ ਤੱਕ ਸਰਕਾਰ ਰੈਗੂਲਰ ਕਰਨ ਦੇ ਆਰਡਰ ਨਹੀਂ ਦਿੰਦੀ ਤਾਂ 13 ਜੂਨ ਨੂੰ ਮੁੱਖ ਮੰਤਰੀ ਦੇ ਸ਼ਹਿਰ ਵਿਚ ਗੁਪਤ ਐਕਸ਼ਨ ਪੀਬੀ-13 ਕੀਤਾ ਜਾਵੇਗਾ ਅਤੇ ਇਸੇ ਤਹਿਤ ਅੱਜ ਇਹ ਗੁਪਤ ਐਕਸ਼ਨ ਕੀਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਕੱਚੇ ਅਧਿਆਪਕ ਟੈਂਕੀ ਉਪਰ ਚੜ੍ਹੇ ਹੋਏ ਸਨ ਅਤੇ ਕੌਮੀ ਹਾਈਵੇਅ ਉਪਰ ਧਰਨਾ ਜਾਰੀ ਹੈ। ਕੱਚੇ ਅਧਿਆਪਕਾਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਪੱਕਾ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ, ਪਰ ਇਹ ਸਿਰਫ਼ ਬਿਆਨਬਾਜ਼ੀ ਤੱਕ ਹੀ ਸੀਮਤ ਹੈ, ਜਦੋਂ ਕਿ ਇੱਕ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਇਨ੍ਹਾਂ ਆਰਜ਼ੀ ਅਧਿਆਪਕਾਂ ਨੂੰ ਰੈਗੂਲਰ ਆਰਡਰ ਨਹੀਂ ਮਿਲੇ ਹਨ। ਜਲੰਧਰ ਜ਼ਿਮਨੀ ਚੋਣ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਚੋਣਾਂ ਤੋਂ ਤੁਰੰਤ ਬਾਅਦ ਇਕ ਹਫਤੇ ਦੇ ਅੰਦਰ-ਅੰਦਰ ਆਰਜ਼ੀ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਜਾਣਗੇ ਪਰ ਇਸ ਤੋਂ ਬਾਅਦ ਵੀ ਹੁਕਮ ਨਹੀਂ ਦਿੱਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਖੋਖਲੇ ਦਾਅਵੇ ਕਰਨ ਤੱਕ ਹੀ ਸੀਮਤ ਹੈ। ਸਰਕਾਰ ਦੇ ਇਸ ਰਵੱਈਏ ਖਿਲਾਫ ਮੰਗਲਵਾਰ ਨੂੰ ਸੂਬੇ ਦੇ ਆਰਜ਼ੀ ਅਧਿਆਪਕਾਂ ਨੇ ਮੁੱਖ ਮੰਤਰੀ ਦੇ ਸ਼ਹਿਰ 'ਚ ਪਹੁੰਚ ਕੇ ਝੂਠੇ ਵਾਅਦਿਆਂ ਖਿਲਾਫ ਆਪਣਾ ਗੁੱਸਾ ਜ਼ਾਹਰ ਕੀਤਾ। ਯੂਨੀਅਨ ਦੇ ਵਰਕਰਾਂ ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਕਮਲਜੀਤ ਸਿੰਘ ਨੇ ਕਿਹਾ ਕਿ ਸਰਕਾਰ ਇਨ੍ਹਾਂ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਲਈ ਪੰਜਾਬ ਭਰ ਵਿੱਚ ਝੂਠੇ ਬੋਰਡ ਲਗਾ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।