ਸਾਬਕਾ ਕੇਂਦਰੀ ਮੰਤਰੀ ਤਿਵਾੜੀ ਨੇ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦੇਣ ਦੀ ਕੀਤੀ ਅਪੀਲ 

ਸ੍ਰੀ ਆਨੰਦਪੁਰ ਸਾਹਿਬ, 6 ਅਪਰੈਲ : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਪੰਜਾਬ ਸਰਕਾਰ ਨੂੰ ਪਿਛਲੇ ਦਿਨੀਂ ਬੇਮੌਸਮੀ ਬਰਸਾਤ ਕਾਰਨ ਕਣਕ ਦੀ ਫ਼ਸਲ ਦੇ ਹੋਏ ਭਾਰੀ ਨੁਕਸਾਨ ਦੌਰਾਨ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਹੈ। ਇੱਥੋਂ ਜਾਰੀ ਇੱਕ ਬਿਆਨ ਵਿੱਚ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਕੁਦਰਤ ਨੇ ਮੀਂਹ ਨਾਲ ਕਿਸਾਨਾਂ 'ਤੇ ਕਹਿਰ ਢਾਹ ਦਿੱਤਾ ਹੈ ਅਤੇ ਖੇਤਾਂ ਵਿੱਚ ਪੱਕਣ ਲਈ ਤਿਆਰ ਕਣਕ ਦੀ ਫ਼ਸਲ ਉੱਥੇ ਹੀ ਪਈ ਹੈ।  ਉਨ੍ਹਾਂ ਕਿਹਾ ਕਿ ਪਹਿਲਾਂ ਹੀ ਛੋਟਾ ਕਿਸਾਨ ਭਾਰੀ ਕਰਜ਼ੇ ਦੀ ਮਾਰ ਝੱਲ ਰਿਹਾ ਹੈ ਅਤੇ ਇਹ ਘਾਟਾ ਉਨ੍ਹਾਂ ਦੀ ਕਮਰ ਤੋੜ ਦੇਵੇਗਾ। ਕਿਉਂਕਿ ਕਣਕ ਦੀ ਬਿਜਾਈ ਵਿੱਚ ਮਜ਼ਦੂਰੀ ਤੋਂ ਇਲਾਵਾ ਖਾਦਾਂ, ਕੀਟਨਾਸ਼ਕਾਂ ਆਦਿ ਤੇ ਭਾਰੀ ਖਰਚਾ ਆਉਦਾ ਹੈ।  ਇਨ੍ਹਾਂ ਹਾਲਾਤਾਂ ਵਿੱਚ ਕਿਸਾਨਾਂ ਦੀ ਬਾਂਹ ਫੜਦੇ ਹੋਏ ਸਰਕਾਰ ਜਲਦੀ ਤੋਂ ਜਲਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦੇਵੇ।