ਸੇਵਾ ਕੇਂਦਰਾਂ 'ਚ ਹੁਣ ਵੱਖ-ਵੱਖ ਛੇ ਤਰ੍ਹਾਂ ਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਨਹੀਂ ਭਰਨਾ ਪਵੇਗਾ ਫਾਰਮ

ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਵਸਨੀਕਾਂ ਨੂੰ ਬਿਹਤਰ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਹੁਣ ਸੇਵਾ ਕੇਂਦਰਾਂ ਤੋਂ ਵੱਖ-ਵੱਖ ਛੇ ਤਰ੍ਹਾਂ ਦੀਆਂ ਸੇਵਾਵਾਂ ਲਈ ਫਾਰਮ ਭਰਨ ਦੀ ਲੋੜ ਨਹੀਂ ਹੈ। ਸ੍ਰੀ ਪੰਚਾਲ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਮ ਨਾਗਿਰਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਜਿਸ ਵਿੱਚ ਇਨਕਮ ਸਰਟੀਫਿਕੇਟ, ਦਿਹਾਤੀ ਖੇਤਰ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨ ਲਈ, ਸੀਨੀਅਰ ਸਿਟੀਜ਼ਨ ਆਈ.ਡੀ. ਕਾਰਡ, ਆਮਦਨ ਅਤੇ ਖਰਚਾ ਸਰਟੀਫਿਕੇਟ ਅਤੇ ਜਨਰਲ ਵਰਗ ਨਾਲ ਸਬੰਧਤ ਜਾਤੀ ਸਰਟੀਫਿਕੇਟ ਸ਼ਾਮਲ ਹਨ, ਲਈ ਫਾਰਮ ਭਰਨ ਦੀ ਜਰੂਰਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਸੇਵਾਵਾਂ ਲੈਣ ਲਈ ਨਾਗਰਿਕਾਂ ਵੱਲੋਂ ਫਾਰਮ ਭਰਿਆ ਜਾਂਦਾ ਸੀ ਪ੍ਰੰਤੂ ਪ੍ਰਸ਼ਾਸ਼ਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਤੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਹੁਣ ਨਾਗਰਿਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਫਾਰਮ ਭਰਨ ਦੀ ਜਰੂਰਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਨਾਗਰਿਕ ਆਪਣੀ ਸ਼ਨਾਖਤ ਅਤੇ ਪਤੇ ਦਾ ਅਸਲ ਸਬੂਤ ਦੇ ਆਧਾਰ 'ਤੇ ਅਤੇ ਸੇਵਾ ਨਾਲ ਸਬੰਧਤ ਦਸਤਾਵੇਜਾਂ ਨਾਲ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।