ਆਯੁਸ਼ਮਾਨ ਭਵ ਮੁਹਿੰਮ ਤਹਿਤ 17 ਸਤੰਬਰ ਨੂੰ ਗੱਗੜਪੁਰ ਵਿਖੇ ਲੱਗੇਗਾ ਮੁਫ਼ਤ ਮੈਡੀਕਲ ਕੈਂਪ 

  • ਕਮਿਊਨਿਟੀ ਹੈਲਥ ਸੈਂਟਰ ਤੇ ਹੈਲਥ ਵੈਲਨੈਸ ਸੈਂਟਰ ਵਿੱਚ ਲੱਗਣਗੇ ਆਯੁਸ਼ਮਾਨ ਮੇਲੇ 

ਸੰਗਰੂਰ, 15 ਸਤੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਿਹਤ ਵਿਭਾਗ ਵਲੋ ਆਯੁਸ਼ਮਾਨ ਭਵ ਮੁਹਿੰਮ ਤਹਿਤ ਗਤੀਵਿਧੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਆਯੁਸ਼ਮਾਨ ਭਵ ਤਹਿਤ 17 ਸਤੰਬਰ ਨੂੰ ਪਿੰਡ ਗੱਗੜਪੁਰ ਵਿਚ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰੀ ਸਿਹਤ ਅਦਾਰਿਆਂ ਦੀ ਸਫਾਈ ਵਿਵਸਥਾ ਨੂੰ ਯਕੀਨੀ ਬਣਾਉਣ, ਲੋਕਾਂ ਨੂੰ ਅੰਗ ਦਾਨ ਕਰਨ ਲਈ ਪ੍ਰੇਰਿਤ ਕਰਨ ਅਤੇ ਖੂਨਦਾਨ ਕੈਂਪ ਲਗਾਉਣ ਵੱਲ ਵੀ ਵਿਸ਼ੇਸ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਵ ਵਿੱਚ ਮੁੱਖ ਤੌਰ ’ਤੇ ਤਿੰਨ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ ਜਿਸ ਤਹਿਤ ਜਿਹੜੇ ਯੋਗ ਲਾਭਪਾਤਰੀ ਹਾਲੇ ਤੱਕ ਆਯੁਸ਼ਮਾਨ ਸਿਹਤ ਬੀਮਾ ਕਾਰਡ ਬਣਵਾਉਣ ਤੋਂ ਵਾਂਝੇ ਹਨ ਉਨ੍ਹਾਂ ਦੇ ਕਾਰਡ ਬਣਾਉਣ ਲਈ ਵਿਆਪਕ ਮੁਹਿੰਮ ਚਲਾਈ ਜਾਵੇਗੀ। ਇਸ ਤੋਂ ਇਲਾਵਾ ਹਰ ਹਫ਼ਤੇ ਜ਼ਿਲ੍ਹੇ ਦੇ ਕਮਿਊਨਿਟੀ ਹੈਲਥ ਸੈਂਟਰ ਤੇ ਹੈਲਥ ਵੈਲਨੈਸ ਸੈਂਟਰ ਵਿੱਚ ਆਯੁਸ਼ਮਾਨ ਮੇਲਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਪਿੰਡਾਂ ਤੇ ਵਾਰਡਾਂ ਵਿੱਚ ਸਿਹਤ ਵਿਭਾਗ ਦੇ ਕਾਮੇ ਜਾ ਕੇ ਸਿਹਤ ਭਲਾਈ ਯੋਜਨਾਵਾਂ ਅਤੇ ਸੇਵਾਵਾਂ ਦਾ ਪ੍ਰਚਾਰ ਕਰਨਗੇ। ਇਸ ਮੁਹਿੰਮ ਤਹਿਤ ਲੋਕਾਂ ਵਿੱਚ ਵੱਖ ਵੱਖ ਕਿਸਮ ਦੀਆਂ ਬਿਮਾਰੀਆਂ ਦੀ ਸਕਰੀਨਿੰਗ ਕਰਨ ਲਈ ਵੀ ਕੈਂਪ ਲਗਾਏ ਜਾਣਗੇ ਤਾਂ ਜੋ ਹਾਈਪਰਟੈਂਸ਼ਨ, ਕੈਂਸਰ, ਬਲੱਡ ਪ੍ਰੈਸ਼ਰ, ਸ਼ੂਗਰ, ਟੀ.ਬੀ ਆਦਿ ਰੋਗਾਂ ਦੇ ਪੀੜਤਾਂ ਦਾ ਇਲਾਜ ਯਕੀਨੀ ਬਣਾਇਆ ਜਾ ਸਕੇ।