ਗਲਾਡਾ ਵਲੋਂ ਵਿਸ਼ੇਸ਼ ਕੈਂਪ ਦੌਰਾਨ ਬਿਨੈਕਾਰਾਂ ਨੂੰ 150 ਪਲਾਟਾਂ ਦੀਆਂ ਐਨ.ਓ.ਸੀ. ਸੌਂਪੀਆਂ

ਲੁਧਿਆਣਾ, 25 ਫਰਵਰੀ : ਵਸਨੀਕਾਂ ਨੂੰ ਅਣ-ਅਧਿਕਾਰਤ ਕਲੋਨੀਆਂ ਵਿੱਚ ਆਪਣੇ ਪਲਾਟਾਂ ਦਾ 'ਨੋ ਆਬਜੈਕਸ਼ਨ ਸਰਟੀਫਿਕੇਟ (ਐਨ.ਓ.ਸੀ.) ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਸੁਖਾਵਾਂ ਬਣਾਉਣ ਦੇ ਮੰਤਵ ਨਾਲ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵਲੋਂ ਸਥਾਨਕ ਫਿਰੋਜ਼ਪੁਰ ਰੋਡ 'ਤੇ ਸਥਿਤ ਆਪਣੇ ਦਫ਼ਤਰ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ 150 ਤੋਂ ਵੱਧ ਪਲਾਟ ਧਾਰਕਾਂ ਨੂੰ ਪਲਾਟਾਂ ਦੀ ਐਨ.ਓ.ਸੀ. ਸੌਂਪੀ ਗਈ, ਜਿਨ੍ਹਾਂ ਵਲੋਂ ਪਿਛਲੇ ਸਮੇਂ ਵਿੱਚ ਇਸ ਸਬੰਧੀ ਅਪਲਾਈ ਕੀਤਾ ਗਿਆ ਸੀ। ਗਲਾਡਾ ਦੇ ਮੁੱਖ ਪ੍ਰਸ਼ਾਸਕ (ਸੀ.ਏ.) ਅਮਰਪ੍ਰੀਤ ਕੌਰ ਸੰਧੂ ਦੇ ਨਿਰਦੇਸ਼ਾਂ ਤਹਿਤ ਕਾਰਵਾਈ ਕਰਦਿਆਂ ਸਬੰਧਤ ਅਧਿਕਾਰੀਆਂ ਨੇ ਪਲਾਟ ਹੋਲਡਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ, ਜਿਨ੍ਹਾਂ ਨੂੰ ਵਿਭਾਗ ਤੋਂ ਜਾਰੀ ਐਨ.ਓ.ਸੀ. ਪ੍ਰਾਪਤ ਕਰਨ ਲਈ ਲੋੜੀਂਦੀਆਂ ਰਸਮਾਂ ਨੂੰ ਪੂਰਾ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਕੈਂਪ ਦੌਰਾਨ ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ (ਏ.ਸੀ.ਏ.) ਕੁਲਪ੍ਰੀਤ ਸਿੰਘ ਅਤੇ ਅਸਟੇਟ ਅਫ਼ਸਰ ਬਲਜਿੰਦਰ ਸਿੰਘ ਢਿੱਲੋਂ ਵੀ ਹਾਜ਼ਰ ਸਨ ਜਿਨ੍ਹਾਂ ਇਲਾਕਾ ਨਿਵਾਸੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।ਸੀ.ਏ. ਗਲਾਡਾ ਸੰਧੂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਲੋਕਾਂ ਦੀ ਸਹੂਲਤ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਕੈਂਪ ਦੇ ਆਯੋਜਨ ਦਾ ਇੱਕੋ-ਇੱਕ ਉਦੇਸ਼ ਇਹ ਸੀ ਕਿ ਪਲਾਟ ਹੋਲਡਰਾਂ ਨੂੰ ਅਣਅਧਿਕਾਰਤ ਕਲੋਨੀਆਂ ਵਿੱਚ ਆਪਣੇ ਪਲਾਟਾਂ ਦੀ ਐਨ.ਓ.ਸੀ. ਪ੍ਰਾਪਤ ਕਰਨ ਵਿੱਚ ਸਹਿਯੋਗ ਕੀਤਾ ਜਾਵੇ। ਲੋਕਾਂ ਵਲੋਂ ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਗਲਾਡਾ ਅਥਾਰਟੀ ਦੁਆਰਾ ਕੀਤੇ ਗਏ ਯਤਨਾਂ ਦੀ ਵੀ ਸ਼ਲਾਘਾ ਕੀਤੀ। ਕੈਂਪ ਦੌਰਾਨ ਜਿਨ੍ਹਾਂ ਬਿਨੈਕਾਰਾਂ ਨੂੰ ਐਨ.ਓ.ਸੀ. ਜਾਰੀ ਕੀਤਾ ਗਿਆ ਸੀ, ਉਨ੍ਹਾਂ ਵਿੱਚੋਂ ਇੱਕ ਬਲਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਕੁਝ ਹਫ਼ਤੇ ਪਹਿਲਾਂ ਆਪਣੇ ਪਲਾਟ ਦੀ ਐਨ.ਓ.ਸੀ. ਲਈ ਅਰਜ਼ੀ ਦਿੱਤੀ ਸੀ ਅਤੇ ਉਸ ਨੂੰ ਰਸਮੀ ਕਾਰਵਾਈਆਂ ਨੂੰ ਪੂਰਾ ਕਰਨ ਵਿੱਚ ਗਲਾਡਾ ਅਧਿਕਾਰੀਆਂ ਵੱਲੋਂ ਸਹੀ ਮਾਰਗਦਰਸ਼ਨ ਕੀਤਾ ਗਿਆ ਸੀ। ਸੀ.ਏ. ਸੰਧੂ ਨੇ ਦੱਸਿਆ ਕਿ ਬਹੁਤ ਸਾਰੇ ਮਾਮਲਿਆਂ ਵਿੱਚ, ਪਲਾਟ ਹੋਲਡਰ ਵਿਭਾਗ ਤੋਂ ਜਾਰੀ ਹੋਣ ਵਾਲੀ ਐਨ.ਓ.ਸੀ. ਪ੍ਰਾਪਤ ਕਰਨ ਲਈ ਲੋੜੀਂਦੀਆਂ ਰਸਮਾਂ/ਦਸਤਾਵੇਜ਼ਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਹਿੰਦੇ ਹਨ। ਇਸ ਕਾਰਨ ਦੇਰੀ ਹੁੰਦੀ ਹੈ। ਕੈਂਪ ਦੌਰਾਨ, ਗਲਾਡਾ ਦੇ ਅਧਿਕਾਰੀਆਂ ਨੇ ਬਿਨੈਕਾਰਾਂ ਦੀ ਪ੍ਰਕਿਰਿਆ ਨੂੰ ਸਮਝਣ ਅਤੇ ਰਸਮੀ ਕਾਰਵਾਈਆਂ ਨੂੰ ਪੂਰਾ ਕਰਨ ਵਿੱਚ ਵੀ ਮਦਦ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਦੇ ਸੀਨੀਅਰ ਅਧਿਕਾਰੀ ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰ ਰਹੇ ਹਨ ਅਤੇ ਲੋਕਾਂ ਦੀ ਸਹੂਲਤ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ।