ਸਰਕਾਰ ਉਦਯੋਗਿਕ ਫੋਕਲ ਪੁਆਇੰਟਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਵਚਨਬੱਧ - ਸਾਕਸ਼ੀ ਸਾਹਨੀ 

  • ਡਿਪਟੀ ਕਮਿਸ਼ਨਰ ਵੱਲੋਂ ਫੋਕਲ ਪੁਆਇੰਟਾਂ 'ਚ ਵਿਕਾਸ ਕਾਰਜਾਂ ਦਾ ਜਾਇਜ਼ਾ

ਲੁਧਿਆਣਾ, 11 ਮਾਰਚ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਦੇ ਫੋਕਲ ਪੁਆਇੰਟਾਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਵੱਖ-ਵੱਖ ਵਿਭਾਗਾਂ, ਜਿਸ ਵਿੱਚ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ.), ਉਦਯੋਗਾਂ, ਨਗਰ ਨਿਗਮ ਲੁਧਿਆਣਾ (ਐਮ.ਸੀ.ਐਲ.), ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਆਦਿ ਸ਼ਾਮਲ ਸਨ ਨਾਲ ਮੀਟਿੰਗ ਦੌਰਾਨ ਸਾਹਨੀ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਰੇ ਫੋਕਲ ਪੁਆਇੰਟਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਅਤੇ ਇਹਨਾਂ ਖੇਤਰਾਂ ਦੇ ਸੁੰਦਰੀਕਰਨ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਤੌਰ 'ਤੇ ਤਵੱਜੋਂ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਫੋਕਲ ਪੁਆਇੰਟ ਫੇਜ਼ 8 ਅਤੇ 5 ਵਿੱਚ 20 ਕਰੋੜ ਰੁਪਏ ਦੀ ਲਾਗਤ ਨਾਲ ਕੰਕਰੀਟ ਦੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ ਅਤੇ 75 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਸਾਰੇ ਫੋਕਲ ਪੁਆਇੰਟਾਂ ਵਿੱਚ ਪਾਰਕਾਂ, ਸੜਕਾਂ, ਪਾਰਕਿੰਗ, ਹਰਿਆਲੀ ਅਤੇ ਸੀ.ਸੀ.ਟੀ.ਵੀ. ਸਮੇਤ ਸਾਰੀਆਂ ਨਾਗਰਿਕ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਵਿਕਾਸ ਕਾਰਜ਼ਾਂ ਦੌਰਾਨ ਆ ਰਹੀਆਂ ਔਕੜਾਂ ਦੇ ਨਿਪਟਾਰੇ ਲਈ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਦੀ ਜ਼ਰੂਰਤ ਬਾਰੇ ਵੀ ਗੱਲ ਕੀਤੀ ਜਦੋਂ ਪੀ.ਐਸ.ਆਈ.ਈ.ਸੀ. ਨੇ ਸੀਵਰੇਜ ਦੇ ਕੰਮ ਨਾਲ ਸਬੰਧਤ ਇੱਕ ਮੁੱਦੇ ਦੀ ਰਿਪੋਰਟ ਕੀਤੀ, ਜਿਸ ਨੂੰ ਸੜਕ ਦੇ ਨਿਰਮਾਣ ਤੋਂ ਪਹਿਲਾਂ ਨਗਰ ਨਿਗਮ ਲੁਧਿਆਣਾ ਦੁਆਰਾ ਦਰੁਸਤ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਫੋਕਲ ਪੁਆਇੰਟਾਂ ਦੇ ਵਿਕਾਸ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਸਾਹਨੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਭਾਗੀਦਾਰਾਂ ਨਾਲ ਵਿਚਾਰ ਵਟਾਂਦਰਾ ਕਰਨ ਅਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪ੍ਰਭਾਵਸ਼ਾਲੀ ਢੰਗ ਨਾਲ ਯੋਜਨਾ ਬਣਾਉਣ ਅਤੇ ਪੂਰਾ ਕਰਨ ਲਈ ਹਰੇਕ ਫੋਕਲ ਪੁਆਇੰਟ ਲਈ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਤਿਆਰ ਕਰਨ ਲਈ ਉਤਸ਼ਾਹਿਤ ਕੀਤਾ। ਇਸ ਨਾਲ ਉਦਯੋਗਪਤੀਆਂ, ਮਜ਼ਦੂਰਾਂ ਅਤੇ ਹੋਰਾਂ ਨੂੰ ਲਾਭ ਪਹੁੰਚਾਉਣ ਵਾਲੇ ਇਨ੍ਹਾਂ ਖੇਤਰਾਂ ਦੇ ਸੁੰਦਰੀਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਓਜਸਵੀ ਅਲੰਕਾਰ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ (ਡੀ.ਆਈ.ਸੀ.) ਰਾਕੇਸ਼ ਕੁਮਾਰ ਕਾਂਸਲ ਅਤੇ ਹੋਰ ਹਾਜ਼ਰ ਸਨ।